ਚੰਡੀਗੜ੍ਹ ਨਿਵਾਸੀ ਰਾਜਬੀਰ ਸਿੰਘ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਅਗਸਤ 2025 ਤਕ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਸਿਰ ਪੀਐਸਪੀਸੀਐਲ ਦਾ ਕੁੱਲ 2,582 ਕਰੋੜ ਰੁਪਏ ਦਾ ਬਕਾਇਆ ਹੈ। ਇਸ ਤੋਂ ਇਲਾਵਾ ਬਿਜਲੀ ਸਬਸਿਡੀ ਦੇ ਰੂਪ ਵਿੱਚ ਰਾਜ ਸਰਕਾਰ ਵੱਲੋਂ 10 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਅਜੇ ਅਦਾ ਕੀਤੀ ਜਾਣੀ ਬਾਕੀ ਹੈ।

ਸਟੇਟ ਬਿਊਰੋ, ਜਾਗਰਣ ਚੰਡੀਗੜ੍ਹ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੀਆਂ ਜਨਤਕ ਜਾਇਦਾਦਾਂ ਨੂੰ ਅੱਗੇ ਵੇਚੇ ਜਾਣ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਗਲੇ ਹੁਕਮਾਂ ਤਕ ਰੋਕ ਲਗਾ ਦਿੱਤੀ ਹੈ। ਇਹ ਹੁਕਮ ਇਕ ਜਨਹਿਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਜਾਰੀ ਕੀਤੇ ਗਏ ਹਨ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਸਰਕਾਰੀ ਵਿਭਾਗਾਂ ਸਿਰ ਪੈਂਡਿੰਗ ਭਾਰੀ ਬਿਜਲੀ ਬਕਾਏ ਦੀ ਭਰਪਾਈ ਲਈ ਨਿਗਮ ਦੀਆਂ ਜਾਇਦਾਦਾਂ ਨੂੰ ਵੇਚਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ।
ਚੰਡੀਗੜ੍ਹ ਨਿਵਾਸੀ ਰਾਜਬੀਰ ਸਿੰਘ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਅਗਸਤ 2025 ਤਕ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਸਿਰ ਪੀਐਸਪੀਸੀਐਲ ਦਾ ਕੁੱਲ 2,582 ਕਰੋੜ ਰੁਪਏ ਦਾ ਬਕਾਇਆ ਹੈ। ਇਸ ਤੋਂ ਇਲਾਵਾ ਬਿਜਲੀ ਸਬਸਿਡੀ ਦੇ ਰੂਪ ਵਿੱਚ ਰਾਜ ਸਰਕਾਰ ਵੱਲੋਂ 10 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਅਜੇ ਅਦਾ ਕੀਤੀ ਜਾਣੀ ਬਾਕੀ ਹੈ।ਪਟੀਸ਼ਨਰ ਦਾ ਦੋਸ਼ ਹੈ ਕਿ ਇਸ ਵਿੱਤੀ ਦਬਾਅ ਨੂੰ ਘੱਟ ਕਰਨ ਲਈ ਨਿਗਮ ਦੀਆਂ ਕੀਮਤੀ ਜਨਤਕ ਜਾਇਦਾਦਾਂ ਨੂੰ ਵੇਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿ ਜਨਤਕ ਹਿੱਤਾਂ ਦੇ ਵਿਰੁੱਧ ਹੈ।
ਪਟੀਸ਼ਨ ਵਿੱਚ ਖਾਸ ਤੌਰ 'ਤੇ ਜ਼ਿਕਰ ਕੀਤਾ ਗਿਆ ਹੈ ਕਿ ਸਭ ਤੋਂ ਵੱਧ ਬਕਾਇਆ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਸਿਹਤ ਵਿਭਾਗ ਸ਼ਾਮਲ ਹਨ।
ਪਟੀਸ਼ਨਰ ਨੇ ਅਦਾਲਤ ਤੋਂ ਮੰਗ ਕੀਤੀ ਕਿ ਡਿਫਾਲਟਰ ਵਿਭਾਗਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੇ ਨਿਰਦੇਸ਼ ਦਿੱਤੇ ਜਾਣ। ਸੂਬਾ ਸਰਕਾਰ ਨੂੰ ਬਕਾਇਆ ਬਿੱਲ ਅਤੇ ਸਬਸਿਡੀ ਦੀ ਰਾਸ਼ੀ ਤੁਰੰਤ ਅਦਾ ਕਰਨ ਦਾ ਹੁਕਮ ਦਿੱਤਾ ਜਾਵੇ। ਪੀਐਸਪੀਸੀਐਲ ਦੀਆਂ ਜਾਇਦਾਦਾਂ ਦੀ ਕਿਸੇ ਵੀ ਕਿਸਮ ਦੀ ਵਿਕਰੀ 'ਤੇ ਤੁਰੰਤ ਰੋਕ ਲਗਾਈ ਜਾਵੇ।
ਮਾਮਲੇ ਦੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਸ਼ੁਰੂਆਤੀ ਪੱਧਰ 'ਤੇ ਮਾਮਲੇ ਨੂੰ ਗੰਭੀਰ ਮੰਨਦਿਆਂ ਸਪੱਸ਼ਟ ਕੀਤਾ ਕਿ ਜਦੋਂ ਤਕ ਅਗਲਾ ਹੁਕਮ ਜਾਰੀ ਨਹੀਂ ਹੁੰਦਾ, ਉਦੋਂ ਤਕ ਪੀਐਸਪੀਸੀਐਲ ਦੀਆਂ ਜਾਇਦਾਦਾਂ ਨੂੰ ਅੱਗੇ ਨਹੀਂ ਵੇਚਿਆ ਜਾਵੇਗਾ। ਅਦਾਲਤ ਨੇ ਰਾਜ ਸਰਕਾਰ ਨੂੰ ਇਸ ਸਬੰਧੀ ਵਿਸਥਾਰਪੂਰਵਕ ਜਵਾਬ ਦਾਖਲ ਕਰਨ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 16 ਮਾਰਚ ਨੂੰ ਹੋਵੇਗੀ, ਜਿੱਥੇ ਸਰਕਾਰ ਨੂੰ ਬਕਾਇਆ ਭੁਗਤਾਨ ਅਤੇ ਜਾਇਦਾਦ ਦੀ ਵਿਕਰੀ ਬਾਰੇ ਆਪਣੀ ਸਥਿਤੀ ਸਪੱਸ਼ਟ ਕਰਨੀ ਪਵੇਗੀ।