ਡੋਰ-ਟੂ-ਡੋਰ ਸੰਪਰਕ ਮੁਹਿੰਮ ਦੀ ਤਿਆਰੀ ਸਬੰਧੀ ਵਿਧਾਇਕ ਰੰਧਾਵਾ ਵੱਲੋਂ ਬੈਠਕ ਡੋਰ-ਟੂ-ਡੋਰ ਸੰਪਰਕ ਮੁਹਿੰਮ ਦੀ ਤਿਆਰੀ ਸਬੰਧੀ ਵਿਧਾਇਕ ਰੰਧਾਵਾ ਨੇ ਕੀਤੀ ਅਹਿਮ ਬੈਠਕ
Publish Date: Mon, 21 Sep 2026 07:43 PM (IST)
Updated Date: Tue, 22 Sep 2026 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਰਾਬੱਸੀ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸ਼ੁਰੂ ਕੀਤੀ ਜਾ ਰਹੀ ‘ਮਾਨ ਦੇ ਮੁਨਾਫ਼ੇ’ ਡੋਰ-ਟੂ-ਡੋਰ ਸੰਪਰਕ ਮੁਹਿੰਮ ਨੂੰ ਹਲਕਾ ਡੇਰਾਬੱਸੀ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਅਹਿਮ ਬੈਠਕ ਕੀਤੀ ਗਈ। ਬੈਠਕ ਵਿੱਚ ਨਗਰ ਕੌਂਸਲਾਂ ਦੇ ਪ੍ਰਧਾਨ ਸਾਹਿਬਾਨ, ਐਮ.ਸੀਜ਼, ਵਾਰਡ ਇੰਚਾਰਜਾਂ, ਬਲਾਕ ਪ੍ਰਧਾਨਾਂ ਅਤੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਇਸ ਬੈਠਕ ਦੌਰਾਨ ਵਿਧਾਇਕ ਰੰਧਾਵਾ ਨੇ ਮੁਹਿੰਮ ਦੀਆਂ ਤਿਆਰੀਆਂ ਸਬੰਧੀ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ 22 ਸਤੰਬਰ ਤੋਂ ਹਲਕਾ ਡੇਰਾਬੱਸੀ ਵਿੱਚ ਕੀਤੀ ਜਾਵੇਗੀ ਅਤੇ ਉਹ ਖੁਦ ਵੀ ਘਰ-ਘਰ ਪਹੁੰਚ ਕੇ ਲੋਕਾਂ ਨਾਲ ਸਿੱਧਾ ਸੰਪਰਕ ਕਰਨਗੇ। ਵਿਧਾਇਕ ਰੰਧਾਵਾ ਨੇ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ, ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਭਲਾਈ ਦੇ ਕੰਮਾਂ ਅਤੇ ਯੋਜਨਾਵਾਂ ਬਾਰੇ ਜਾਣਕਾਰੀ ਦੇਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਤੇ ਸੁਝਾਵਾਂ ਨੂੰ ਸਿੱਧੇ ਤੌਰ ’ਤੇ ਜਾਣਨਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਲਗਾਤਾਰ ਸੰਪਰਕ ਹੀ ਕਿਸੇ ਵੀ ਜਨਤਕ ਨੁਮਾਇੰਦੇ ਅਤੇ ਪਾਰਟੀ ਸੰਗਠਨ ਦੀ ਕਾਰਗੁਜ਼ਾਰੀ ਨੂੰ ਲੋਕਾਂ ਨਾਲ ਜੋੜਦਾ ਹੈ। ਉਨ੍ਹਾਂ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਮੁਹਿੰਮ ਦੌਰਾਨ ਲੋਕਾਂ ਨਾਲ ਪੂਰੇ ਸਤਿਕਾਰ ਅਤੇ ਨਿਮਰਤਾ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਸੁਝਾਵਾਂ ਅਤੇ ਸਥਾਨਕ ਮੁੱਦਿਆਂ ਨੂੰ ਵੀ ਪਹਿਲ ਦੇ ਆਧਾਰ ’ਤੇ ਨੋਟ ਕੀਤਾ ਜਾਵੇ। ਬੈਠਕ ਵਿੱਚ ਹਲਕੇ ਦੇ ਵੱਖ-ਵੱਖ ਵਾਰਡਾਂ, ਪਿੰਡਾਂ ਅਤੇ ਖੇਤਰਾਂ ਵਿੱਚ ਮੁਹਿੰਮ ਨੂੰ ਲੈ ਕੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ, ਵਰਕਰਾਂ ਦੀਆਂ ਜ਼ਿੰਮੇਵਾਰੀਆਂ ਅਤੇ ਆਪਸੀ ਤਾਲਮੇਲ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁਹਿੰਮ ਨੂੰ ਹਲਕੇ ਦੇ ਹਰ ਵਾਰਡ ਅਤੇ ਹਰ ਪਿੰਡ ਤੱਕ ਪਹੁੰਚਾਉਣ ਲਈ ਸਾਰੇ ਅਹੁਦੇਦਾਰ ਅਤੇ ਵਰਕਰ ਮਿਲਜੁਲ ਕੇ ਕੰਮ ਕਰਨ।