- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਹਾਲੀ ਵਿਚ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ ਖੇਡੇ ਜਾਣੇ ਮਾਣ ਵਾਲੀ ਗੱਲ : ਮੇਅਰ

27 ਅਕਤੂਬਰ ਤੋਂ 5 ਨਵੰਬਰ ਤੱਕ ਪੰਜਾਬ ’ਚ ਹੋਵੇਗਾ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026
ਮੁਹਾਲੀ ’ਚ 4 ਨਵੰਬਰ ਨੂੰ ਸੈਮੀਫਾਈਨਲ ਅਤੇ 5 ਨਵੰਬਰ ਨੂੰ ਫਾਈਨਲ ਮੁਕਾਬਲਾ
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ
ਮੁਹਾਲੀ : ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨਾ ਸੂਬੇ ਦੀ ਸ਼ਾਨਦਾਰ ਖੇਡ ਵਿਰਾਸਤ ਅਤੇ ਕੌਮਾਂਤਰੀ ਖੇਡ ਨਕਸ਼ੇ ’ਤੇ ਵਧਦੀ ਪਛਾਣ ਦਾ ਪ੍ਰਤੀਕ ਹੈ। ਇਸ ਵੱਕਾਰੀ ਟੂਰਨਾਮੈਂਟ ਦੇ ਸੈਮੀਫਾਈਨਲ ਅਤੇ ਫਾਈਨਲ ਵਰਗੇ ਅਹਿਮ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਮੁਹਾਲੀ ਦੀ ਚੋਣ ਸ਼ਹਿਰ ਵਾਸੀਆਂ ਲਈ ਮਾਣ ਵਾਲਾ ਪਲ ਹੈ। ਇਹ ਪ੍ਰਗਟਾਵਾ ਨਗਰ ਨਿਗਮ ਮੁਹਾਲੀ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਬੁੱਧਵਾਰ ਨੂੰ ਫੇਜ਼-9 ਸਥਿਤ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਕੌਮਾਂਤਰੀ ਹਾਕੀ ਸਟੇਡੀਅਮ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।
ਮੇਅਰ ਨੇ ਕਿਹਾ ਕਿ 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੁਹਾਲੀ ਵਿਖੇ ਹੋਣ ਵਾਲਾ ਇਹ ਟੂਰਨਾਮੈਂਟ ਪੰਜਾਬ ਵਿਚ ਹਾਕੀ ਦੀ ਅਮੀਰ ਵਿਰਾਸਤ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਮੁਹਾਲੀ ਵਿਚ 4 ਨਵੰਬਰ ਨੂੰ ਦੋ ਸੈਮੀਫਾਈਨਲ ਅਤੇ 5 ਨਵੰਬਰ ਨੂੰ ਤੀਜੇ ਸਥਾਨ ਲਈ ਮੁਕਾਬਲੇ ਸਮੇਤ ਫਾਈਨਲ ਖੇਡਿਆ ਜਾਣਾ ਸ਼ਹਿਰ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਹੋਰ ਵੱਡਾ ਕਰਕੇ ਉਭਾਰੇਗਾ। ਟੂਰਨਾਮੈਂਟ ਵਿਚ ਭਾਰਤ, ਜਾਪਾਨ, ਕੋਰੀਆ, ਮਲੇਸ਼ੀਆ, ਚੀਨ ਅਤੇ ਬੰਗਲਾਦੇਸ਼ ਦੀਆਂ ਟੀਮਾਂ ਹਿੱਸਾ ਲੈਣਗੀਆਂ। ਟੂਰਨਾਮੈਂਟ ਦੇ ਸਾਰੇ ਮੈਚਾਂ ਲਈ ਦਰਸ਼ਕਾਂ ਦੀ ਐਂਟਰੀ ਬਿਲਕੁਲ ਮੁਫ਼ਤ ਹੋਵੇਗੀ, ਜਿਸ ਨਾਲ ਹਾਕੀ ਪ੍ਰੇਮੀ ਵੱਡੀ ਗਿਣਤੀ ਵਿਚ ਸਟੇਡੀਅਮ ਪਹੁੰਚ ਕੇ ਖਿਡਾਰੀਆਂ ਦਾ ਉਤਸ਼ਾਹ ਵਧਾ ਸਕਣਗੇ।
ਮੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਟੂਰਨਾਮੈਂਟ ਦੇ ਸਫ਼ਲ ਆਯੋਜਨ ਲਈ 25.40 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਦੇ ਅਪਗ੍ਰੇਡੇਸ਼ਨ ਲਈ 14 ਕਰੋੜ ਰੁਪਏ ਅਤੇ ਮੁਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਕੌਮਾਂਤਰੀ ਹਾਕੀ ਸਟੇਡੀਅਮ ਲਈ 8.96 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡ ਬੁਨਿਆਦੀ ਢਾਂਚੇ ਵਿਚ ਕੀਤਾ ਜਾ ਰਿਹਾ ਇਹ ਨਿਵੇਸ਼ ਭਵਿੱਖ ਵਿਚ ਵੀ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਸਹਾਈ ਹੋਵੇਗਾ। ਮੇਅਰ ਨੇ ਕਿਹਾ ਕਿ ਓਲੰਪਿਕ ਤਗ਼ਮਾ ਜੇਤੂਆਂ ਨੂੰ ਸੋਨੇ ਦੇ ਤਗ਼ਮੇ ਲਈ 3 ਕਰੋੜ ਰੁਪਏ, ਚਾਂਦੀ ਦੇ ਤਗ਼ਮੇ ਲਈ 2 ਕਰੋੜ ਰੁਪਏ ਅਤੇ ਕਾਂਸੀ ਦੇ ਤਗ਼ਮੇ ਲਈ ਇਕ ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਂਦੀ ਹੈ। ਇਹ ਉਪਰਾਲੇ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਦੇਸ਼ ਅਤੇ ਸੂਬੇ ਦਾ ਨਾਂ ਰੌਸ਼ਨ ਕਰਨ ਲਈ ਉਤਸ਼ਾਹਤ ਕਰਦੇ ਹਨ।
ਮੇਅਰ ਨੇ ਸ਼ਹਿਰ ਵਾਸੀਆਂ ਅਤੇ ਹਾਕੀ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਸਟੇਡੀਅਮ ਪਹੁੰਚ ਕੇ ਕੌਮਾਂਤਰੀ ਖਿਡਾਰੀਆਂ ਦਾ ਹੌਸਲਾ ਵਧਾਉਣ ਅਤੇ ਪੰਜਾਬ ਦੀ ਖੇਡ ਭਾਵਨਾ ਦਾ ਪ੍ਰਗਟਾਵਾ ਕਰਨ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ ਵੀ ਮੌਜੂਦ ਸਨ।