ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ 'ਚ ਐੱਚਪੀਵੀ ਟੀਕਾਕਰਨ ਸ਼ੁਰੂ
ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ 'ਚ ਐੱਚਪੀਵੀ ਟੀਕਾਕਰਨ ਸ਼ੁਰੂ
Publish Date: Thu, 05 Mar 2026 06:54 PM (IST)
Updated Date: Thu, 05 Mar 2026 06:56 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਬੱਚੇਦਾਨੀ ਦੇ ਮੂੰਹ ਦੇ ਕੈਂਸਰ (ਸਰਵਾਈਕਲ ਕੈਂਸਰ) ਤੋਂ ਰੋਕਥਾਮ ਲਈ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਐੱਚਪੀਵੀ ਟੀਕਾਕਰਨ ਦੀ ਸ਼ੁਰੂਆਤ ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਨੇ ਦੱਸਿਆ ਕਿ ਇਹ ਟੀਕਾ 14 ਤੋਂ 15 ਸਾਲ ਤੱਕ ਦੀਆਂ ਕੁੜੀਆਂ ਨੂੰ ਲਗਾਇਆ ਜਾ ਰਿਹਾ ਹੈ, ਯਾਨੀ ਜਿਨ੍ਹਾਂ ਦਾ 14ਵਾਂ ਜਨਮ ਦਿਨ ਲੰਘ ਚੁੱਕਾ ਹੈ ਅਤੇ 15ਵਾਂ ਹਾਲੇ ਆਉਣਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਭਾਰਤ ਅਤੇ ਪੰਜਾਬ ਸਰਕਾਰ ਵੱਲੋਂ ਇਸ ਦਵਾਈ ਦੀ ਸ਼ੁਰੂਆਤ ਕੀਤੀ ਗਈ ਸੀ। ਇਹ ਟੀਕਾ ਪ੍ਰਾਈਵੇਟ ਹਸਪਤਾਲਾਂ ਵਿਚ ਮਹਿੰਗੀ ਕੀਮਤ ਵਿਚ ਉਪਲਬੱਧ ਹੈ, ਜਦਕਿ ਸਰਕਾਰੀ ਹਸਪਤਾਲਾਂ ਵਿਚ ਬਿਲਕੁਲ ਮੁਫ਼ਤ ਲੱਗੇਗਾ। ਐੱਚਪੀਵੀ ਮੁਹਿੰਮ 90 ਦਿਨਾਂ ਤੱਕ ਚਲੇਗੀ ਤੇ ਲਾਭਪਾਤਰੀ ਵੱਲੋਂ ਆਪਣਾ ਆਧਾਰ ਕਾਰਡ ਨਾਲ ਲੈ ਕੇ ਜਾਣਾ ਜ਼ਰੂਰੀ ਹੈ। ਵਿਸ਼ਵ ਸਿਹਤ ਸੰਗਠਨ (ਡਬਲਯੂਐੱਚਓ) ਅਨੁਸਾਰ ਸਰਵਾਈਕਲ ਕੈਂਸਰ ਔਰਤਾਂ ਵਿਚ ਹੋਣ ਵਾਲਾ ਚੌਥਾ ਸਭ ਤੋਂ ਆਮ ਕੈਂਸਰ ਹੈ, ਜਦਕਿ ਭਾਰਤ ਵਿਚ ਇਹ ਦੂਜਾ ਸਭ ਤੋਂ ਆਮ ਕੈਂਸਰ ਹੈ। ਔਰਤਾਂ ਵਿਚ ਬੱਚੇਦਾਨੀ ਦੇ ਹੇਠਲੇ ਹਿੱਸੇ ਵਿਚ ਪਾਏ ਜਾਂਦੇ ਇਸ ਗੰਭੀਰ ਕੈਂਸਰ ਦਾ ਮੁੱਖ ਕਾਰਨ ਹਿਊਮਨ ਪੈਪੀਲੋਮਾ ਵਾਇਰਸ (ਐੱਚਪੀਵੀ) ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਮੇਂ ਸਿਰ ਕੀਤਾ ਗਿਆ ਟੀਕਾਕਰਨ ਇਸ ਬਿਮਾਰੀ ਤੋਂ ਬਚਾਅ ਵਿਚ ਪ੍ਰਭਾਵਸ਼ਾਲੀ ਸਾਬਤ ਹੁੰਦਾ ਹੈ। ਸਿਵਲ ਸਰਜਨ ਨੇ ਇਸ ਜਾਨਲੇਵਾ ਰੋਗ ਤੋਂ ਬਚਾਉਣ ਲਈ ਮਾਪਿਆਂ ਨੂੰ ਆਪਣੀਆਂ ਧੀਆਂ ਦਾ ਐੱਚਪੀਵੀ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ।