ਨਵੇਂ ਨੈਸ਼ਨਲ ਹਾਈਵੇ ’ਤੇ ਲੱਗੇ ਸਾਈਨ ਬੋਰਡਾਂ ’ਤੇ ਪੰਜਾਬੀ ਭਾਸ਼ਾ ਦੀਆਂ ਭਾਰੀ ਗ਼ਲਤੀਆਂ ਨਵੇਂ ਨੈਸ਼ਨਲ ਹਾਈਵੇਅ 'ਤੇ ਲੱਗੇ ਸਾਈਨ ਬੋਰਡਾਂ 'ਤੇ ਪੰਜਾਬੀ ਭਾਸ਼ਾ ਦੀਆਂ ਭਾਰੀ ਗਲਤੀਆਂ
Publish Date: Thu, 10 Sep 2026 07:04 PM (IST)
Updated Date: Thu, 10 Sep 2026 07:07 PM (IST)
ਭਾਗੋਮਾਜਰਾ ਨੇ ਨੈਸ਼ਨਲ ਹਾਈਵੇ ਅਥਾਰਟੀ ’ਤੇ ਲਾਏ ਪੰਜਾਬੀ ਦਾ ਨਿਰਾਦਰ ਕਰਨ ਦੇ ਦੋਸ਼ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਮੁਹਾਲੀ ਤੋਂ ਰਾਜਪੁਰਾ ਤੇ ਸਰਹਿੰਦ ਵੱਲ ਜਾਂਦੇ ਮੁੱਖ ਹਾਈਵੇ ਅਤੇ ਹੋਰਨਾਂ ਸੜਕਾਂ ’ਤੇ ਲਗਾਏ ਗਏ ਸਰਕਾਰੀ ਸਾਈਨ ਬੋਰਡਾਂ ’ਤੇ ਪੰਜਾਬੀ ਭਾਸ਼ਾ ਦੀਆਂ ਵੱਡੀਆਂ ਗ਼ਲਤੀਆਂ ਸਾਹਮਣੇ ਆਈਆਂ ਹਨ ਜਿਸ ਦਾ ਮਾਂ-ਬੋਲੀ ਪੰਜਾਬੀ ਨੂੰ ਪਿਆਰ ਕਰਨ ਵਾਲੇ ਪ੍ਰੇਮੀਆਂ ਨੇ ਬੁਰਾ ਮਨਾਇਆ ਹੈ। ਦੱਸ ਦਈਏ ਕੁਝ ਦਿਨ ਪਹਿਲਾਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤਮਾਲਾ ਪ੍ਰੋਜੈਕਟ ਤਹਿਤ ਬਣਾਏ ਗਏ ਇਸ ਮਾਰਗ ਦਾ ਵਰਚੁਅਲੀ ਉਦਘਾਟਨ ਕੀਤਾ ਸੀ। ਇਸ ਸਬੰਧੀ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਪ੍ਰਸ਼ਾਸਨ ਦੀ ਕਾਰਜ ਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਇਸ ਨੂੰ ਮਾਤ-ਭਾਸ਼ਾ ਦਾ ਨਿਰਾਦਰ ਕਰਾਰ ਦਿੱਤਾ ਹੈ। ਭਾਗੋਮਾਜਰਾ ਨੇ ਖੁਲਾਸਾ ਕੀਤਾ ਕਿ ਇਸ ਹਾਈਵੇ ਤੋਂ ਲੰਘਣ ਵਾਲੇ ਰਾਹਗੀਰਾਂ ਦੀ ਮਦਦ ਲਈ ਪੰਜਾਬੀ ਤੇ ਹਿੰਦੀ ਭਾਸ਼ਾ ਵਿਚ ਲੱਗੇ ਸਾਈਨ ਬੋਰਡ ਲਗਾਏ ਗਏ ਹਨ ਜਿਨ੍ਹਾਂ ’ਤੇ ‘ਅੰਬਾਲਾ’ ਨੂੰ ‘ਅਮਬਾਲਾ’ ਲਿਖਿਆ ਗਿਆ ਹੈ, ਜੋ ਸ਼ੁੱਧ ਪੰਜਾਬੀ ਦੇ ਨਿਯਮਾਂ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇਸੇ ਹਾਈਵੇ ’ਤੇ ਹੀ ਨਹੀਂ, ਸਗੋਂ ਇਲਾਕੇ ਦੀਆਂ ਹੋਰਨਾਂ ਮੁੱਖ ਸੜਕਾਂ ’ਤੇ ਲੱਗੇ ਬੋਰਡਾਂ ’ਤੇ ਵੀ ਪੰਜਾਬੀ ਦੇ ਸ਼ਬਦ-ਜੋੜਾਂ ਦੀਆਂ ਭਾਰੀ ਖ਼ਾਮੀਆਂ ਹਨ। ਉਨ੍ਹਾਂ ਨੇ ਪ੍ਰਸ਼ਾਸਨਿਕ ਅਣਗਹਿਲੀ ’ਤੇ ਵੀ ਸਵਾਲ ਚੁੱਕੇ ਹਨ। ਜਾਣਬੁੱਝ ਕੇ ਕੀਤੀ ਜਾ ਰਹੀ ਅਣਦੇਖੀ ਸਮਾਜ ਸੇਵੀ ਬਲਜਿੰਦਰ ਸਿੰਘ ਭਾਗੋਮਾਜਰਾ ਦਾ ਦੋਸ਼ ਹੈ ਕਿ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਜਾਣਬੁੱਝ ਕੇ ਪੰਜਾਬੀ ਭਾਸ਼ਾ ਨਾਲ ਅਜਿਹਾ ਵਰਤਾਰਾ ਕੀਤਾ ਜਾ ਰਿਹਾ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਇਹੀ ਨਹੀਂ, ਪ੍ਰਸ਼ਾਸਨਿਕ ਅਧਿਕਾਰੀ ਵੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ। ਇੱਥੋਂ ਲੰਘਣ ਸਮੇਂ ਕੀ ਅਧਿਕਾਰੀ ਦੀ ਨਜ਼ਰ ‘ਪੰਜਾਬੀ’ ਭਾਸ਼ਾ ਦਾ ਮਖ਼ੌਲ ਉਡਾਉਣ ਵਾਲੇ ਇਨ੍ਹਾਂ ਸਾਈਨ ਬੋਰਡਾਂ ਉੱਤੇ ਨਹੀਂ ਪਈ ਹੋਵੇਗੀ? ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਪਹਿਲਾਂ ਵੀ ਕਈ ਵਾਰ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਧਿਆਨ ’ਚ ਲਿਆਂਦਾ ਜਾ ਚੁੱਕਾ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਇਨ੍ਹਾਂ ਗਲਤੀਆਂ ਨੂੰ ਸੁਧਾਰਨ ਲਈ ਕੋਈ ਢੁਕਵਾਂ ਕਦਮ ਨਹੀਂ ਚੁੱਕਿਆ ਗਿਆ। ਮਾਤ-ਭਾਸ਼ਾ ਦਾ ਨਿਰਾਦਰ ਚਿੰਤਾਜਨਕ : ਪੂਨੀਆ ਕਿਸਾਨ ਆਗੂ ਕੁਲਦੀਪ ਸਿੰਘ ਪੂਨੀਆ ਨੇ ਪੰਜਾਬੀ ਦੀ ਦੁਰਦਸ਼ਾ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਬਾਹਰਲੇ ਮੁਲਕਾਂ ’ਚ ਪੰਜਾਬੀ ਭਾਸ਼ਾ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾ ਰਿਹਾ ਹੈ ਅਤੇ ਉੱਥੇ ਪੰਜਾਬੀ ’ਚ ਦਿਸ਼ਾ-ਨਿਰਦੇਸ਼ ਬੋਰਡ ਬਿਲਕੁਲ ਸਹੀ ਲਿਖੇ ਜਾਂਦੇ ਹਨ। ਦੂਜੇ ਪਾਸੇ, ਆਪਣੇ ਹੀ ਸੂਬੇ ਪੰਜਾਬ ’ਚ ਮਾਤ-ਭਾਸ਼ਾ ਦਾ ਅਜਿਹਾ ਨਿਰਾਦਰ ਹੋਣਾ ਚਿੰਤਾਜਨਕ ਹੈ। ਉਨ੍ਹਾਂ ਸਰਕਾਰ ਅਤੇ ਸਬੰਧਤ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਾਈਨ ਬੋਰਡਾਂ ’ਤੇ ਲਿਖੀਆਂ ਪੰਜਾਬੀ ਭਾਸ਼ਾ ਦੀਆਂ ਸਾਰੀਆਂ ਗਲਤੀਆਂ ਨੂੰ ਤੁਰੰਤ ਸੁਧਾਰਿਆ ਜਾਵੇ। ਸਾਈਨ ਬੋਰਡ ਲਗਾਉਣ ਵਾਲੀਆਂ ਏਜੰਸੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਪੰਜਾਬ ’ਚ ‘ਪੰਜਾਬੀਅਤ’ ਅਤੇ ਮਾਤ-ਭਾਸ਼ਾ ਦਾ ਸਤਿਕਾਰ ਹਰ ਹਾਲਤ ’ਚ ਬਰਕਰਾਰ ਰੱਖਿਆ ਜਾਵੇ।