ਡਿਪਾਰਟਮੈਂਟਲ ਸਟੋਰ ਤੋਂ ਨਾਜਾਇਜ਼ ਸ਼ਰਾਬ ਬਰਾਮਦ, ਕੇਸ ਦਰਜ
ਡਿਪਾਰਟਮੈਂਟਲ ਸਟੋਰ ਤੋਂ ਨਾਜਾਇਜ਼ ਸ਼ਰਾਬ ਬਰਾਮਦ, ਕੇਸ ਦਰਜ
Publish Date: Sat, 04 Apr 2026 09:55 PM (IST)
Updated Date: Sat, 04 Apr 2026 09:58 PM (IST)

ਮਹਿਰਾ, ਪੰਜਾਬੀ ਜਾਗਰਣ, ਖਰੜ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਐਕਸਾਈਜ਼ ਵਿਭਾਗ ਨੇ ਖਰੜ ਸ਼ਹਿਰ ’ਚ ਇਕ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਵਿਭਾਗ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਖਰੜ ਦੇ ਨਿੱਝਰ ਚੌਕ ਸਥਿਤ ਇੱਕ ਮਸ਼ਹੂਰ ਡਿਪਾਰਟਮੈਂਟਲ ਸਟੋਰ ’ਤੇ ਅਚਾਨਕ ਛਾਪੇਮਾਰੀ ਕੀਤੀ, ਜਿੱਥੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਇਹ ਕਾਰਵਾਈ ਅਸਿਸਟੈਂਟ ਕਮਿਸ਼ਨਰ ਐਕਸਾਈਜ਼ ਅਸ਼ੋਕ ਕੁਮਾਰ ਦੀ ਨਿਗਰਾਨੀ ਹੇਠ ਅੰਜਾਮ ਦਿੱਤੀ ਗਈ। ਜਾਣਕਾਰੀ ਅਨੁਸਾਰ ਨਿੱਝਰ ਚੌਕ ’ਤੇ ਸਥਿਤ ਸਟੋਰ ਵਿਚ ਚੰਡੀਗੜ੍ਹ ਮਾਰਕਾ ਸ਼ਰਾਬ ਲੁਕਾ ਕੇ ਰੱਖੀ ਗਈ ਸੀ ਅਤੇ ਉੱਥੋਂ ਸ਼ਰੇਆਮ ਵੇਚੀ ਜਾ ਰਹੀ ਸੀ। ਤਲਾਸ਼ੀ ਦੌਰਾਨ ਵਿਭਾਗ ਨੇ 7 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ, ਜਿਨ੍ਹਾਂ ਵਿਚ ਵੱਖ-ਵੱਖ ਬ੍ਰਾਂਡਾਂ ਦੀ ਬੀਅਰ ਵੀ ਸ਼ਾਮਲ ਸੀ। ਐਕਸਾਈਜ਼ ਅਧਿਕਾਰੀਆਂ ਨੇ ਦੱਸਿਆ ਕਿ ਇਹ ਸ਼ਰਾਬ ਪੰਜਾਬ ਵਿਚ ਵਿਕਰੀ ਲਈ ਗ਼ੈਰ-ਕਾਨੂੰਨੀ ਸੀ ਅਤੇ ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਾਇਆ ਜਾ ਰਿਹਾ ਸੀ। ਬਰਾਮਦਗੀ ਤੋਂ ਤੁਰੰਤ ਬਾਅਦ ਵਿਭਾਗ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਦੀ ਟੀਮ ਨੇ ਡਿਪਾਰਟਮੈਂਟਲ ਸਟੋਰ ’ਚੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਸਟੋਰ ਦੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਇਹ ਗ਼ੈਰ-ਕਾਨੂੰਨੀ ਸ਼ਰਾਬ ਕਿੱਥੋਂ ਆਈ ਸੀ ਅਤੇ ਇਸ ਵਿਚ ਹੋਰ ਕੌਣ-ਕੌਣ ਸ਼ਾਮਲ ਹਨ। ਅਧਿਕਾਰੀਆਂ ਮੁਤਾਬਿਕ ਮੁਲਜ਼ਮਾਂ ਵਿਰੁੱਧ ਐਕਸਾਈਜ਼ ਐਕਟ ਤਹਿਤ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਘਟਨਾ ਨੇ ਸ਼ਹਿਰ ਦੇ ਹੋਰਨਾਂ ਵਪਾਰਕ ਅਦਾਰਿਆਂ ਅਤੇ ਡਿਪਾਰਟਮੈਂਟਲ ਸਟੋਰਾਂ ਦੀ ਕਾਰਜਪ੍ਰਣਾਲੀ ’ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਆਮ ਕਰਿਆਨਾ ਜਾਂ ਡਿਪਾਰਟਮੈਂਟਲ ਸਟੋਰਾਂ ਦੀ ਆੜ ਵਿਚ ਨਾਜਾਇਜ਼ ਸ਼ਰਾਬ ਵੇਚਣਾ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ, ਕਿਉਂਕਿ ਇਨ੍ਹਾਂ ਥਾਵਾਂ ’ਤੇ ਪਰਿਵਾਰ ਅਤੇ ਬੱਚੇ ਅਕਸਰ ਖ਼ਰੀਦਦਾਰੀ ਲਈ ਆਉਂਦੇ ਹਨ। ਸਮਾਜ ਸੇਵੀ ਸੰਸਥਾਵਾਂ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਨੂੰ ਸਿਰਫ਼ ਸ਼ਿਕਾਇਤ ਦਾ ਇੰਤਜ਼ਾਰ ਕਰਨ ਦੀ ਬਜਾਏ, ਅਜਿਹੇ ਸਟੋਰਾਂ ਦੀ ਸਮੇਂ-ਸਮੇਂ ’ਤੇ ਚੈਕਿੰਗ ਕਰਨੀ ਚਾਹੀਦੀ ਹੈ ਤਾਂ ਜੋ ਨਸ਼ਿਆਂ ਦੇ ਇਸ ਗ਼ੈਰ-ਕਾਨੂੰਨੀ ਕਾਰੋਬਾਰ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ।