- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਦਲ ਨੇ ਕਿਹਾ ਕਿ ਭਾਰੀ ਬਰਸਾਤ ਕਾਰਨ ਫਾਜ਼ਿਲਕਾ ਅਨਾਜ ਮੰਡੀ ’ਚ ਕਿਸਾਨਾਂ ਦਾ ਝੋਨੇ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ ਅਤੇ ਵੱਡੀ ਮਾਤਰਾ ’ਚ ਫਸਲ ਰੁੜ ਗਈ ਹੈ। ਉਨ੍ਹਾਂ ਕਿਹਾ ਕਿ ਮੰਡੀ ’ਚ ਪੰਜ ਤੋਂ ਛੇ ਫੁੱਟ ਤੱਕ ਪਾਣੀ ਭਰ ਗਿਆ, ਜਿਸ ਕਾਰਨ ਝੋਨੇ ਦੀ ਫ਼ਸਲ ਰੁੜ ਗਈ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਾਜ਼ਿਲਕਾ ਅਨਾਜ ਮੰਡੀ ’ਚ ਭਾਰੀ ਬਰਸਾਤ ਕਾਰਨ ਜਿਹੜੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਨੁਕਸਾਨ ਹੋਇਆ, ਉਨ੍ਹਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ ਅਤੇ ਸੂਬੇ ਭਰ ’ਚ ਭਾਰੀ ਬਰਸਾਤ ਕਾਰਨ ਕਿਸਾਨਾਂ ਦੀ ਝੋਨੇ ਤੇ ਹੋਰ ਫ਼ਸਲਾਂ ਦੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੀ ਮੰਗ ਕੀਤੀ ਹੈ। ਬਾਦਲ ਨੇ ਕਿਹਾ ਕਿ ਭਾਰੀ ਬਰਸਾਤ ਕਾਰਨ ਫਾਜ਼ਿਲਕਾ ਅਨਾਜ ਮੰਡੀ ’ਚ ਕਿਸਾਨਾਂ ਦਾ ਝੋਨੇ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ ਅਤੇ ਵੱਡੀ ਮਾਤਰਾ ’ਚ ਫਸਲ ਰੁੜ ਗਈ ਹੈ। ਉਨ੍ਹਾਂ ਕਿਹਾ ਕਿ ਮੰਡੀ ’ਚ ਪੰਜ ਤੋਂ ਛੇ ਫੁੱਟ ਤੱਕ ਪਾਣੀ ਭਰ ਗਿਆ, ਜਿਸ ਕਾਰਨ ਝੋਨੇ ਦੀ ਫ਼ਸਲ ਰੁੜ ਗਈ ਹੈ।
ਬਾਦਲ ਨੇ ਕਿਹਾ ਕਿ ਮੰਡੀ ’ਚ ਢੁਕਵੀਂ ਡਰੇਨੇਜ਼ ਸਹੂਲਤ ਨਾ ਹੋਣ ਕਾਰਨ ਕਿਸਾਨ ਦਾ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਰੀ ਬਰਸਾਤ ਦੀ ਭਵਿੱਖਬਾਣੀ ਪਹਿਲਾਂ ਹੀ ਕੀਤੀ ਗਈ ਸੀ ਪਰ ਮੰਡੀ ’ਚ ਪਈ ਫ਼ਸਲ ਨੂੰ ਬਚਾਉਣ ਵਾਸਤੇ ਕੋਈ ਢੁਕਵੇਂ ਕਦਮ ਨਹੀਂ ਚੁੱਕ ਗਏ। ਉਨ੍ਹਾਂ ਕਿਹਾ ਕਿ ਸੂਬੇ ਭਰ ’ਚ ਫੌਰੀ ਕਦਮ ਚੁੱਕੇ ਜਾਣੇ ਚਾਹੀਦੇ ਸਨ ਤਾਂ ਜੋ ਸਾਰੀਆਂ ਅਨਾਜ ਮੰਡੀਆਂ ’ਚ ਢੁਕਵੀਂਆਂ ਡਰੇਨੇਜ਼ ਸਹੂਲਤਾਂ ਦਾ ਇੰਤਜ਼ਾਮ ਕਰ ਕੇ ਫ਼ਸਲਾਂ ਦਾ ਨੁਕਸਾਨ ਹੋਣ ਤੋਂ ਬਚਾਅ ਕੀਤਾ ਜਾਂਦਾ। ਉਨ੍ਹਾਂ ਮੰਗ ਕੀਤੀ ਕਿ ਜਿਥੇ ਕਿਤੇ ਭਾਰੀ ਬਰਸਾਤ ਨਾਲ ਝੋਨੇ ਦਾ ਨੁਕਸਾਨ ਹੋਇਆ ਹੈ, ਉਸ ਦੀ ਤੁਰੰਤ ਗਿਰਦਾਵਰੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਐਲਾਨ ਮੁਤਾਬਕ ਕਿਸਾਨਾਂ ਨੂੰ 50-50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਗਿਰਦਾਵਰੀ ਤੋਂ ਪਹਿਲਾਂ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਹੜ੍ਹਾਂ ਤੇ ਗੜੇਮਾਰੀ ਕਾਰਨ ਵੱਡਾ ਨੁਕਸਾਨ ਹੋਇਆ ਪਰ ਉਨ੍ਹਾਂ ਨੂੰ ਕੋਈ ਵੀ ਮੁਆਵਜ਼ਾ ਨਹੀਂ ਮਿਲਿਆ।