ਖ਼ਬਰ ਦਾ ਅਸਰ : ਪ੍ਰਦੂਸ਼ਣ ਕੰਟਰੋਲ ਬੋਰਡ ਆਇਆ ਹਰਕਤ 'ਚ, ਪਿੰਡ ਸੁੰਡਰਾ ਵਿਖੇ ਚੱਲ ਰਹੇ ਹਾਟ ਮਿਕਸ ਪਲਾਂਟ ਨੂੰ 15 ਦਿਨਾਂ ਦਾ ਅਲਟੀਮੇਟਮ
ਖ਼ਬਰ ਦਾ ਅਸਰ : ਪ੍ਰਦੂਸ਼ਣ ਕੰਟਰੋਲ ਬੋਰਡ ਆਇਆ ਹਰਕਤ 'ਚ,
Publish Date: Mon, 22 Jun 2026 07:43 PM (IST)
Updated Date: Tue, 23 Jun 2026 04:07 AM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਪੰਜਾਬੀ ਜਾਗਰਣ ਅਖ਼ਬਾਰ ’ਚ ਪ੍ਰਦੂਸ਼ਣ ਸਬੰਧੀ ਛਪੀ ਖ਼ਬਰ ਦਾ ਵੱਡਾ ਅਸਰ ਦੇਖਣ ਨੂੰ ਮਿਲਿਆ ਹੈ। ਡੇਰਾਬੱਸੀ ਬਲਾਕ ਦੇ ਪਿੰਡ ਸੁੰਡਰਾ ਨੇੜੇ ਸਥਿਤ ਇਕ ਹਾਟ ਮਿਕਸ ਪਲਾਂਟ ਵੱਲੋਂ ਕਥਿਤ ਤੌਰ ’ਤੇ ਕਾਲਾ ਧੂੰਆਂ ਛੱਡ ਕੇ ਵਾਤਾਵਰਨ ਨੂੰ ਪਲੀਤ ਕਰਨ ਦੇ ਮਾਮਲੇ ਦਾ ਸੈਂਟਰਲ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਗੰਭੀਰ ਨੋਟਿਸ ਲਿਆ ਹੈ। ਕੇਂਦਰੀ ਬੋਰਡ ਦੇ ਨਿਰਦੇਸ਼ਾਂ ਤੋਂ ਬਾਅਦ ਹਰਕਤ ’ਚ ਆਏ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਉਕਤ ਇਕਾਈ ਨੂੰ 15 ਦਿਨਾਂ ਦੇ ਅੰਦਰ ਸਾਰੇ ਨਿਯਮ ਪੂਰੇ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸਮਾਜ ਸੇਵੀ ਭੁਪਿੰਦਰ ਸਿੰਘ ਸੁੰਡਰਾ ਨੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਐਕਸ ਰਾਹੀਂ ਪਿੰਡ ਸੁੰਡਰਾ, ਡੇਰਾਬੱਸੀ ਵਿਖੇ ਚੱਲ ਰਹੇ ਹਾਟ ਮਿਕਸ ਪਲਾਂਟ ਵੱਲੋਂ ਛੱਡੇ ਜਾ ਰਹੇ ਕਾਲੇ ਧੂੰਏਂ ਦੀਆਂ ਤਸਵੀਰਾਂ ਤੇ ਵੀਡੀਓ ਸਾਂਝੀਆਂ ਕੀਤੀਆਂ ਸਨ। ਉਨ੍ਹਾਂ ਨੇ ਇਸ ਸਬੰਧੀ ਸੈਂਟਰਲ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਟੈਗ ਕਰ ਕੇ ਸ਼ਿਕਾਇਤ ਦਰਜ ਕਰਵਾਈ ਸੀ। ਕੇਂਦਰੀ ਬੋਰਡ ਨੇ ਇਸ ਸ਼ਿਕਾਇਤ ਦਾ ਤੁਰੰਤ ਨੋਟਿਸ ਲੈਂਦਿਆਂ ਪੰਜਾਬ ਬੋਰਡ ਨੂੰ ਮੌਕੇ ਦੀ ਜਾਂਚ ਕਰ ਕੇ ਬਣਦੀ ਕਾਰਵਾਈ ਕਰਨ ਤੇ ਰਿਪੋਰਟ ਭੇਜਣ ਦੇ ਨਿਰਦੇਸ਼ ਦਿੱਤੇ ਸਨ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐੱਸਡੀਓ ਸਵਜੋਤ ਸਿੰਘ ਬੈਂਸ ਨੇ ਦੱਸਿਆ ਕਿ ਡੇਰਾਬੱਸੀ ਦੇ ਪਿੰਡ ਸੁੰਡਰਾ ਵਿਖੇ ਚੱਲ ਰਹੇ ਹਾਕਮ ਮਿਕਸ ਪਲਾਟ ਨੂੰ ਪ੍ਰਦੂਸ਼ਣ ਕੰਟਰੋਲ ਕਰਨ ਲਈ ਸਬੰਧਤ ਉਪਕਰਨ ਇਸਤੇਮਾਲ ਕਰਨ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਉਦਯੋਗਿਕ ਇਕਾਈ ਨੂੰ ਪ੍ਰਦੂਸ਼ਣ ਨਿਯੰਤਰਨ ਦੇ ਸਾਰੇ ਨਿਯਮਾਂ ਅਤੇ ਹਦਾਇਤਾਂ ਦੀ ਪਾਲਣਾ ਕਰਨ ਲਈ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਪਲਾਂਟ ਮਾਲਕਾਂ ਨੂੰ 2 ਲੱਖ ਰੁਪਏ ਦੀ ਬੈਂਕ ਗਰੰਟੀ ਜਮ੍ਹਾਂ ਕਰਵਾਉਣ ਦੇ ਹੁਕਮ ਵੀ ਦਿੱਤੇ ਗਏ ਹਨ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਨਿਰਧਾਰਤ 15 ਦਿਨਾਂ ਦੇ ਅੰਦਰ ਸਾਰੀਆਂ ਕਮੀਆਂ ਨੂੰ ਦੂਰ ਨਾ ਕੀਤਾ ਗਿਆ ਤੇ ਨਿਯਮਾਂ ਦੀ ਪਾਲਣਾ ਨਾ ਹੋਈ, ਤਾਂ ਉਕਤ ਇਕਾਈ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਦੂਜੇ ਪਾਸੇ ਸ਼ਿਕਾਇਤਕਰਤਾ ਤੇ ਸਮਾਜ ਸੇਵੀ ਭੁਪਿੰਦਰ ਸਿੰਘ ਦਾ ਕਹਿਣਾ ਹੈ ਕਿ ਉਦਯੋਗਿਕ ਇਕਾਈਆਂ ਵੱਲੋਂ ਵਾਤਾਵਰਨ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਹੋਣੀ ਚਾਹੀਦੀ ਹੈ ਤਾਂ ਜੋ ਇਲਾਕੇ ਦੇ ਲੋਕਾਂ ਦੀ ਸਿਹਤ ਤੇ ਆਲੇ-ਦੁਆਲੇ ਨੂੰ ਕੋਈ ਨੁਕਸਾਨ ਨਾ ਪਹੁੰਚੇ। ਪ੍ਰਦੂਸ਼ਣ ਬੋਰਡ ਦੀ ਇਸ ਕਾਰਵਾਈ ਤੋਂ ਬਾਅਦ ਹੁਣ ਸਥਾਨਕ ਲੋਕਾਂ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹੋਈਆਂ ਹਨ ਕਿ ਕੀ ਉਕਤ ਪਲਾਂਟ ਨਿਰਧਾਰਤ ਸਮੇਂ ਦੇ ਅੰਦਰ ਸੁਧਾਰ ਕਰਦਾ ਹੈ ਜਾਂ ਨਹੀਂ।