- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾ. ਬਲਜੀਤ ਕੌਰ ਨੇ ਕਿਹਾ ਕਿ ਸਿੱਖਿਆ ਸਮਾਜਿਕ ਸ਼ਕਤੀਕਰਨ ਦਾ ਸਭ ਤੋਂ ਪ੍ਰਭਾਵਸ਼ਾਲੀ ਜ਼ਰੀਆ ਹੈ ਤੇ ਪੰਜਾਬ ਸਰਕਾਰ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਕੋਈ ਵੀ ਯੋਗ ਵਿਦਿਆਰਥੀ ਤਕਨੀਕੀ ਜਾਂ ਪ੍ਰਸ਼ਾਸਨਿਕ ਕਾਰਨਾਂ ਕਰਕੇ ਸਕਾਲਰਸ਼ਿਪ ਤੋਂ ਵਾਂਝਾ ਨਾ ਰਹੇ।

ਸਟੇਟ ਬਿਊਰੋ, ਜਾਗਰਣ ਚੰਡੀਗੜ੍ਹ : ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ (SC) ਦੇ ਵਿਦਿਆਰਥੀਆਂ ਨੂੰ 15 ਅਗਸਤ 2026 ਤਕ ਆਪਣੇ ਬੈਂਕ ਖਾਤੇ ਨੂੰ ਆਧਾਰ ਨਾਲ ਜੋੜਨ ਦੀ ਅਪੀਲ ਕੀਤੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਦੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਬਕਾਇਆ ਸਕਾਲਰਸ਼ਿਪ ਦੀ ਰਾਸ਼ੀ ਸਿੱਧੀ ਵਿਦਿਆਰਥੀਆਂ ਦੇ ਬੈਂਕ ਖਾਤਿਆਂ 'ਚ ਭੇਜੀ ਜਾਵੇਗੀ। ਜਿਨ੍ਹਾਂ ਵਿਦਿਆਰਥੀਆਂ ਦੇ ਬੈਂਕ ਖਾਤੇ ਆਧਾਰ ਨਾਲ ਨਹੀਂ ਜੁੜੇ ਹੋਣਗੇ, ਉਨ੍ਹਾਂ ਨੂੰ ਭੁਗਤਾਨ ਨਹੀਂ ਹੋ ਸਕੇਗਾ।
ਮੰਤਰੀ ਨੇ ਦੱਸਿਆ ਕਿ ਅਕਾਦਮਿਕ ਸੈਸ਼ਨ 2022-23 ਤੋਂ 2025-26 ਤਕ ਦੇ ਅਜਿਹੇ ਵਿਦਿਆਰਥੀਆਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ ਜਿਨ੍ਹਾਂ ਦੀ ਸਕਾਲਰਸ਼ਿਪ ਸਿਰਫ਼ ਬੈਂਕ ਖਾਤੇ ਦੀ ਆਧਾਰ ਨਾਲ ਲਿੰਕਿੰਗ ਨਾ ਹੋਣ ਕਾਰਨ ਪੈਂਡਿੰਗ ਹੈ। ਇਹ ਸੂਚੀ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਤੇ ਪੰਜਾਬ ਸਰਕਾਰ ਦੀ ਅਧਿਕਾਰਤ ਵੈੱਬਸਾਈਟ 'ਤੇ ਉਪਲਬਧ ਹੈ। ਵਿਦਿਆਰਥੀ ਉੱਥੇ ਆਪਣਾ ਨਾਂ ਚੈੱਕ ਕਰ ਕੇ ਆਪਣੇ ਬੈਂਕ ਨਾਲ ਸੰਪਰਕ ਕਰਨ ਅਤੇ ਖਾਤੇ ਨੂੰ ਆਧਾਰ ਨਾਲ ਜੋੜਨ ਦੀ ਪ੍ਰਕਿਰਿਆ ਜਲਦ ਪੂਰੀ ਕਰਵਾਉਣ।
ਡਾ. ਬਲਜੀਤ ਕੌਰ ਨੇ ਕਿਹਾ ਕਿ ਸਿੱਖਿਆ ਸਮਾਜਿਕ ਸ਼ਕਤੀਕਰਨ ਦਾ ਸਭ ਤੋਂ ਪ੍ਰਭਾਵਸ਼ਾਲੀ ਜ਼ਰੀਆ ਹੈ ਤੇ ਪੰਜਾਬ ਸਰਕਾਰ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਕੋਈ ਵੀ ਯੋਗ ਵਿਦਿਆਰਥੀ ਤਕਨੀਕੀ ਜਾਂ ਪ੍ਰਸ਼ਾਸਨਿਕ ਕਾਰਨਾਂ ਕਰਕੇ ਸਕਾਲਰਸ਼ਿਪ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਹਰੇਕ ਸਕਾਲਰਸ਼ਿਪ ਵਿਦਿਆਰਥੀ ਦੇ ਭਵਿੱਖ ਵਿਚ ਕੀਤਾ ਗਿਆ ਇਕ ਨਿਵੇਸ਼ ਹੈ, ਜਿਸ ਨਾਲ ਉਸ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਦਾ ਮੌਕਾ ਮਿਲਦਾ ਹੈ।
ਮੰਤਰੀ ਨੇ ਸਪੱਸ਼ਟ ਕੀਤਾ ਕਿ 15 ਅਗਸਤ 2026 ਤਕ ਆਧਾਰ ਨਾਲ ਜੁੜੇ ਸਰਗਰਮ ਬੈਂਕ ਖਾਤੇ ਦੀ ਰਸਮੀ ਕਾਰਵਾਈ ਪੂਰੀ ਨਾ ਕਰਨ ਵਾਲੇ ਵਿਦਿਆਰਥੀਆਂ ਦੀ ਸਕਾਲਰਸ਼ਿਪ ਜਾਰੀ ਹੋਣ ਵਿਚ ਦੇਰੀ ਹੋ ਸਕਦੀ ਹੈ ਤੇ ਇਸ ਦੀ ਜ਼ਿੰਮੇਵਾਰੀ ਸਬੰਧਤ ਵਿਦਿਆਰਥੀ ਦੀ ਹੋਵੇਗੀ। ਉਨ੍ਹਾਂ ਸਾਰੇ ਯੋਗ ਵਿਦਿਆਰਥੀਆਂ ਨੂੰ ਆਖਰੀ ਮਿਤੀ ਦੀ ਉਡੀਕ ਕੀਤੇ ਬਿਨਾਂ ਜਲਦ ਤੋਂ ਜਲਦ ਆਪਣੇ ਬੈਂਕ ਖਾਤੇ ਨੂੰ ਆਧਾਰ ਨਾਲ ਜੋੜਨ ਦੀ ਅਪੀਲ ਕੀਤੀ ਤਾਂ ਜੋ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਬਿਨਾਂ ਕਿਸੇ ਪਰੇਸ਼ਾਨੀ ਦੇ ਸਿੱਧੀ ਉਨ੍ਹਾਂ ਦੇ ਖਾਤੇ 'ਚ ਪਹੁੰਚ ਸਕੇ।