- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ‘ਆਪ’ ਆਗੂ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੁਲਿਸ ਦੀ ਕਾਰਵਾਈ ਸਿਰਫ਼ ‘ਆਪ’ ਵਰਕਰਾਂ ’ਤੇ ਨਹੀਂ, ਸਗੋਂ ਦਲਿਤ ਭਾਈਚਾਰੇ ’ਤੇ ਹਮਲਾ ਹੈ। ਉਨ੍ਹਾਂ ਰਾਹੁਲ ਗਾਂਧੀ ਨੂੰ ਸਵਾਲ ਕੀਤਾ ਕਿ ‘ਇਨਸਾਫ਼ ਰੈਲੀ’ ਕਰਨ ਦੇ ਬਾਵਜੂਦ ਕਾਂਗਰਸ ਆਪਣੇ ਹੀ ਦਲਿਤ ਆਗੂ ਨੂੰ ਇਨਸਾਫ਼ ਕਿਉਂ ਨਹੀਂ ਦੇ ਸਕੀ।

ਪੰਜਾਬੀ ਜਾਗਰਣ ਬਿਊਰੋ ਚੰਡੀਗੜ੍ਹ : ਸੀਨੀਅਰ ਦਲਿਤ ਕਾਂਗਰਸੀ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਦੀ ਕਥਿਤ ਕੁੱਟਮਾਰ ਤੇ ਅਪਮਾਨ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਦਾ ਘੇਰਾਓ ਕੀਤਾ। ‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਕਾਂਗਰਸ ਦੇ ਆਗੂ ਬਰਿੰਦਰ ਸਿੰਘ ਢਿੱਲੋਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸ਼ਹਿ ’ਤੇ ਤਰਖਾਣ ਮਾਜਰਾ ਨਾਲ ਕੁੱਟਮਾਰ ਤੇ ਬਦਸਲੂਕੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਇਨਸਾਫ਼ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਇਸ ਦੌਰਾਨ ਚੰਡੀਗੜ੍ਹ ਪੁਲਿਸ ਨੇ ਲਾਠੀਚਾਰਜ ਤੇ ਵਾਟਰ ਕੈਨਨ ਦੀ ਵਰਤੋਂ ਕੀਤੀ ਅਤੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਸੈਕਟਰ-17 ਥਾਣੇ ਲਿਜਾਇਆ ਗਿਆ।
ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ‘ਆਪ’ ਆਗੂ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੁਲਿਸ ਦੀ ਕਾਰਵਾਈ ਸਿਰਫ਼ ‘ਆਪ’ ਵਰਕਰਾਂ ’ਤੇ ਨਹੀਂ, ਸਗੋਂ ਦਲਿਤ ਭਾਈਚਾਰੇ ’ਤੇ ਹਮਲਾ ਹੈ। ਉਨ੍ਹਾਂ ਰਾਹੁਲ ਗਾਂਧੀ ਨੂੰ ਸਵਾਲ ਕੀਤਾ ਕਿ ‘ਇਨਸਾਫ਼ ਰੈਲੀ’ ਕਰਨ ਦੇ ਬਾਵਜੂਦ ਕਾਂਗਰਸ ਆਪਣੇ ਹੀ ਦਲਿਤ ਆਗੂ ਨੂੰ ਇਨਸਾਫ਼ ਕਿਉਂ ਨਹੀਂ ਦੇ ਸਕੀ। ਗੜ੍ਹੀ ਨੇ 1984 ਦੇ ਸਿੱਖ ਕਤਲੇਆਮ, ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹਮਲੇ, ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦੀ ਤਬਾਹੀ ਅਤੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਅਗਵਾ ਤੇ ਕਤਲ ਦਾ ਜ਼ਿਕਰ ਕਰਦਿਆਂ ਕਾਂਗਰਸ ’ਤੇ ਸਿੱਖਾਂ ਤੇ ਦਲਿਤਾਂ ਨਾਲ ਅੱਤਿਆਚਾਰ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਲੋਕ ਕਾਂਗਰਸ ਤੇ ਭਾਜਪਾ ਨੂੰ ਜਵਾਬ ਦੇਣਗੇ।
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਕਾਂਗਰਸ ਨੇ ਦਲਿਤਾਂ ਨੂੰ ਵੋਟ ਬੈਂਕ ਵਜੋਂ ਵਰਤਿਆ ਹੈ। ਉਨ੍ਹਾਂ ਵਿਧਾਨ ਸਭਾ ਵਿੱਚ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਲਿਤ ਵਿਧਾਇਕਾਂ ਲਈ ‘ਮਟੀਰੀਅਲ’ ਸ਼ਬਦ ਦੀ ਵਰਤੋਂ ਅਤੇ ਰਾਜਾ ਵੜਿੰਗ ਦੀਆਂ ਬੂਟਾ ਸਿੰਘ ਬਾਰੇ ਟਿੱਪਣੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਦਰਸਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਚਾਰ ਦਹਾਕਿਆਂ ਤੱਕ ਪਾਰਟੀ ਦੀ ਸੇਵਾ ਕਰਨ ਵਾਲੇ ਤਰਖਾਣ ਮਾਜਰਾ ਨੂੰ ਉਨ੍ਹਾਂ ਦੇ ਪੁੱਤਰ ਸਾਹਮਣੇ ਥੱਪੜ ਮਾਰਿਆ ਗਿਆ ਤੇ ਜ਼ਲੀਲ ਕੀਤਾ ਗਿਆ। ਈਟੀਓ ਨੇ ਢਿੱਲੋਂ ਨੂੰ ਪਾਰਟੀ ’ਚੋਂ ਬਰਖ਼ਾਸਤ ਕਰਨ ਅਤੇ ਉਸ ਖ਼ਿਲਾਫ਼ ਐੱਸਸੀ/ਐੱਸਟੀ ਐਕਟ ਤਹਿਤ ਪਰਚਾ ਦਰਜ ਕਰਨ ਦੀ ਮੰਗ ਕੀਤੀ।
‘ਆਪ’ ਵਿਧਾਇਕ ਇਸ਼ਾਂਕ ਛੱਬੇਵਾਲ ਨੇ ਕਿਹਾ ਕਿ ਕਾਂਗਰਸ ਦੀ ਦਲਿਤ ਵਿਰੋਧੀ ਸੋਚ ਪੁਰਾਣੀ ਹੈ। ਉਨ੍ਹਾਂ 1951 ਦੀਆਂ ਚੋਣਾਂ ਵਿੱਚ ਬਾਬਾ ਸਾਹਿਬ ਅੰਬੇਡਕਰ ਦਾ ਵਿਰੋਧ ਕਰਨ ਅਤੇ ਉਨ੍ਹਾਂ ਦੇ ਹੱਕ ਵਿੱਚ ਪਈਆਂ ਵੋਟਾਂ ਕੱਟੇ ਜਾਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪਾਰਟੀ ਦੇ ਪੁਰਾਣੇ ਵਰਕਰ ਤਰਖਾਣ ਮਾਜਰਾ ਨਾਲ ਹੋਇਆ ਵਿਵਹਾਰ ਕਾਂਗਰਸ ਦੇ ਰਵੱਈਏ ਨੂੰ ਨੰਗਾ ਕਰਦਾ ਹੈ। ਉਨ੍ਹਾਂ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੀ ਚੁੱਪ ’ਤੇ ਵੀ ਸਵਾਲ ਚੁੱਕੇ।
ਵਿਧਾਇਕ ਰਜਨੀਸ਼ ਦਹੀਆ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਇਨਸਾਫ਼ ਦਾ ਪ੍ਰਚਾਰ ਕਰਨ ਤੋਂ ਪਹਿਲਾਂ ਆਪਣੀ ਪਾਰਟੀ ਦੇ ਦਲਿਤ ਵਰਕਰ ਨੂੰ ਇਨਸਾਫ਼ ਦਿਵਾਉਣਾ ਚਾਹੀਦਾ ਹੈ। ਉਨ੍ਹਾਂ ਭਾਰਤ ਭੂਸ਼ਣ ਆਸ਼ੂ ਦੇ ਕਥਿਤ ਬਿਆਨ ਦੀ ਆਲੋਚਨਾ ਕਰਦਿਆਂ ਇਸ ਨੂੰ ਕਾਂਗਰਸ ਲੀਡਰਸ਼ਿਪ ਦੀ ਸੰਵੇਦਨਹੀਣਤਾ ਕਰਾਰ ਦਿੱਤਾ।
‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਭਾਜਪਾ ਤੇ ਕਾਂਗਰਸ ਦਲਿਤਾਂ ਦੀ ਆਵਾਜ਼ ਦਬਾਉਣ ਲਈ ਮਿਲ ਕੇ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਦੀ ਕਾਰਵਾਈ ਦੇ ਬਾਵਜੂਦ ਤਰਖਾਣ ਮਾਜਰਾ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।