ਜੈ ਸਿੰਘ ਛਿੱਬਰ, ਚੰਡੀਗੜ੍ਹ : ਅਬੋਹਰ ਤੋਂ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ ਦੀ ਕਿਸਾਨਾਂ ਵੱਲੋਂ ਕੀਤੀ ਗਈ ਕੁੱਟਮਾਰ ਤੋਂ ਬਾਅਦ ਪੁਲਿਸ ਨੇ ਭਾਜਪਾ ਆਗੂਆਂ ਦੀ ਸੁਰੱਖਿਆ ਵਧਾ ਦਿੱਤੀ ਹੈ। ਸੂਤਰ ਦੱਸਦੇ ਹਨ ਕਿ ਗ੍ਹਿ ਵਿਭਾਗ ਨੇ ਸੂਬੇ ਦੇ ਸਾਰੀਆਂ ਰੇਜਾਂ ਦੇ ਆਈਜੀ, ਡੀਆਈਜੀ, ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਡਿਊਟੀ ਮੈਜਿਟਰੇਟ ਨੂੰ ਇਕ ਗੁਪਤ ਪੱਤਰ ਜਾਰੀ ਕਰ ਕੇ ਹਦਾਇਤ ਕੀਤੀ ਹੈ ਕਿ ਉਨ੍ਹਾਂ ਦੇ ਜ਼ਿਲਿ੍ਹਆਂ 'ਚ ਭਾਜਪਾ ਆਗੂਆਂ ਦੇ ਦੌਰੇ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਪੰਜਾਬ ਆਰਮਡ ਪੁਲਿਸ (ਪੀਏਪੀ) ਕਮਾਂਡੋ ਜਾਂ ਰਿਜ਼ਰਵ ਬਟਾਲੀਅਨ ਦੀ ਲੋੜ ਪੈਣ 'ਤੇ ਤਾਇਨਾਤੀ ਨਿਰਦੇਸ਼ ਵੀ ਦਿੱਤੇ ਗਏ ਹਨ। ਸੂਤਰ ਦੱਸਦੇ ਹਨ ਕਿ ਗ੍ਹਿ ਵਿਭਾਗ ਨੇ ਇਹ ਫ਼ੈਸਲਾ ਰਾਜਪਾਲ ਪੰਜਾਬ ਵੱਲੋਂ ਕੀਤੀ ਗਈ ਝਾੜਝੰਬ ਤੋਂ ਬਾਅਦ ਲਿਆ ਹੈ।

ਵਰਨਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਨਵੇਂ ਬਣਾਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਤੇ ਭਾਜਪਾ ਆਗੂਆਂ ਨੂੰ ਨਿਸ਼ਾਨੇ 'ਤੇ ਲਿਆ ਜਾ ਰਿਹਾ ਹੈ। ਅਬੋਹਰ ਦੇ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ, ਕੱਪੜੇ ਪਾੜਨ ਦੀ ਘਟਨਾ ਤੋਂ ਪਹਿਲਾਂ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਵੀ ਟੋਲ ਪਲਾਜ਼ਾ 'ਤੇ ਹਮਲਾ ਕੀਤਾ ਗਿਆ ਸੀ। ਦਰਜਨ ਦੇ ਕਰੀਬ ਭਾਜਪਾ ਆਗੂਆਂ ਦਾ ਿਘਰਾਓ ਕੀਤਾ ਜਾ ਚੁੱਕਾ ਹੈ।

ਸੂਤਰ ਦੱਸਦੇ ਹਨ ਕਿ ਕਿਸਾਨ ਅੰਦੋਲਨ ਸ਼ੁਰੂ ਹੋਣ ਤੋਂ ਬਾਅਦ ਭਾਜਪਾ ਦੇ 50 ਦੇ ਕਰੀਬ ਆਗੂਆਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਜਿਹੜੇ ਆਗੂਆਂ ਨੂੰ ਪਹਿਲਾਂ ਹੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ, ਉਨ੍ਹਾਂ ਦੀ ਸੁਰੱਖਿਆ 'ਚ ਲੱਗੇ ਗੰਨਮੈਨਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ।

ਸੂੁਤਰਾਂ ਅਨੁਸਾਰ ਗ੍ਰਹਿ ਵਿਭਾਗ ਨੇ ਭੇਜੇ ਪੱਤਰ 'ਚ ਕਿਹਾ ਹੈ ਕਿ ਮੁੱਖ ਮੰਤਰੀ ਨੇ ਅਬੋਹਰ ਦੇ ਵਿਧਾਇਕ ਨਾਲ ਵਾਪਰੀ ਘਟਨਾ ਨੂੰ ਗੰਭੀਰਤਾ ਨਾਲ ਲਿਆ ਹੈ। ਪੱਤਰ 'ਚ ਸਾਰੇ ਜ਼ਿਲਿ੍ਹਆਂ ਦੇ ਡੀਸੀਜ਼ ਤੇ ਐੱਸਐੱਸਪੀਜ਼ ਨੂੰ ਹਦਾਇਤ ਕੀਤੀ ਹੈ ਕਿ ਭਵਿੱਖ 'ਚ ਉਨ੍ਹਾਂ ਦੇ ਜ਼ਿਲਿ੍ਹਆਂ ਵਿਚ ਭਾਜਪਾ ਆਗੂਆਂ ਦੇ ਦੌਰੇ ਸਮੇਂ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਤੇ ਲੋੜ ਪੈਣ 'ਤੇ ਵਾਧੂ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣ।