ਪੰਜਾਬ 'ਚ ਲਾਗੂ ਹੋਇਆ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ, ਗਜ਼ਟ ਨੋਟੀਫਿਕੇਸ਼ਨ ਜਾਰੀ
ਸੋਮਵਾਰ ਨੂੰ ਕਾਨੂੰਨ ਅਤੇ ਵਿਧਾਨਕ ਮਾਮਲੇ ਵਿਭਾਗ ਵਲੋ ਗਜ਼ਟ ਨੋਟੀਫਿਕੇਸ਼ਨ ਜਾਰੀ ਕਰਨ ਨਾਲ ਸੂਬੇ ਵਿਚ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਲਾਗੂ ਹੋ ਗਿਆ ਹੈ। ਹੁਣ ਸੂਬੇ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ’ਤੇ ਨਵੇਂ ਕਾਨੂੰਨ ਅਨੁਸਾਰ ਕਾਨੂੰਨੀ ਕਾਰਵਾਈ ਆਰੰਭ ਕੀਤੀ ਜਾਵੇਗੀ।
Publish Date: Mon, 20 Apr 2026 07:07 PM (IST)
Updated Date: Mon, 20 Apr 2026 07:14 PM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਸਰਕਾਰ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਦਾ ਗਜ਼ਟ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਸੋਮਵਾਰ ਨੂੰ ਕਾਨੂੰਨ ਅਤੇ ਵਿਧਾਨਕ ਮਾਮਲੇ ਵਿਭਾਗ ਵਲੋ ਗਜ਼ਟ ਨੋਟੀਫਿਕੇਸ਼ਨ ਜਾਰੀ ਕਰਨ ਨਾਲ ਸੂਬੇ ਵਿਚ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਲਾਗੂ ਹੋ ਗਿਆ ਹੈ। ਹੁਣ ਸੂਬੇ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ’ਤੇ ਨਵੇਂ ਕਾਨੂੰਨ ਅਨੁਸਾਰ ਕਾਨੂੰਨੀ ਕਾਰਵਾਈ ਆਰੰਭ ਕੀਤੀ ਜਾਵੇਗੀ।
ਚੇਤੇ ਰਹੇ ਕਿ ਵਿਸਾਖੀ ਵਾਲੇ ਦਿਨ ਪੰਜਾਬ ਵਿਧਾਨ ਸਭਾ ਵਿਚ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿਲ 2026 ਸਦਨ ਵਿਚ ਪੇਸ਼ ਕੀਤਾ ਗਿਆ ਸੀ, ਜੋ ਸਰਬਸੰਮਤੀ ਨਾਲ ਪਾਸ ਹੋ ਗਿਆ ਸੀ। ਬੀਤੇ ਦਿਨ ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਬਿਲ ’ਤੇ ਸਹਿਮਤੀ ਦੀ ਮੋਹਰ ਲਾ ਦਿੱਤੀ ਸੀ। ਰਾਜਪਾਲ ਦੇ ਬਿੱਲ ’ਤੇ ਹਸਤਾਖ਼ਰ ਹੋਣ ਉਪਰੰਤ ਅੱਜ ਸੂਬਾ ਸਰਕਾਰ ਨੇ ਗਜ਼ਟ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਬੇਅਦਬੀ ਸਬੰਧੀ ਨਵਾਂ ਕਾਨੂੰਨ ਬਣਨ ਨਾਲ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਕਰਨ ’ਤੇ ਤਿੰਨ ਤੋ ਪੰਜ ਸਾਲ ਦੀ ਕੈਦ ਅਤੇ ਇਕ ਤੋਂ ਤਿੰਨ ਲੱਖ ਰੁਪਏ ਤੱਕ ਜੁਰਮਾਨਾ ਹੋ ਸਕੇਗਾ। ਜਦਕਿ ਬੇਅਦਬੀ ਕਰਨ ’ਤੇ ਸੱਤ ਤੋ 20 ਸਾਲ ਤੱਕ ਦੀ ਸਜ਼ਾ ਅਤੇ ਦੋ ਤੋਂ ਦਸ ਲੱਖ ਰੁਪਏ ਤੱਕ ਜ਼ੁਰਮਾਨਾ ਹੋ ਸਕਦਾ ਹੈ। ਸਾਜਿਸ਼ ਤਹਿਤ ਧਾਰਮਿਕ ਭਾਈਚਾਰਾ ਭੰਗ ਕਰਨ ਲਈ 10 ਸਾਲ ਤੋਂ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਾਵਧਾਨ ਕੀਤਾ ਗਿਆ ਹੈ। ਸਭ ਤੋਂ ਵੱਡੀ ਗੱਲ ਹੈ ਕਿ ਮਾਮਲੇ ਦੀ ਜਾਂਚ ਡੀਐੱਸਪੀ ਰੈਂਕ ਤੋਂ ਉਪਰ ਦਾ ਅਧਿਕਾਰੀ ਕਰੇਗਾ ਅਤੇ ਮਾਮਲੇ ਦੀ ਸੁਣਵਾਈ ਸੈਸ਼ਨ ਕੋਰਟ ਵਿਚ ਹੋਵੇਗੀ। ਇਹ ਗ਼ੈਰ ਜ਼ਮਾਨਤੀ ਅਤੇ ਸਮਝੌਤਾ ਰਹਿਤ ਅਪਰਾਧ ਦੀ ਸੂਚੀ ਵਿਚ ਸ਼ਾਮਲ ਹੈ।