ਜੇਲ੍ਹ ਮੰਤਰੀ ਦਾ ਵੱਡਾ ਐਕਸ਼ਨ: ਜੇਲ੍ਹਾਂ 'ਚ ਹਿੰਸਕ ਘਟਨਾ ਹੋਈ ਤਾਂ ਸੁਪਰਡੈਂਟ ਹੋਵੇਗਾ ਜ਼ਿੰਮੇਵਾਰ, ਉੱਚ ਪੱਧਰੀ ਮੀਟਿੰਗ 'ਚ ਦਿੱਤੀ ਸਖ਼ਤ ਚਿਤਾਵਨੀ
ਪੰਜਾਬ ਦੀਆਂ ਜੇਲ੍ਹਾਂ ਵਿੱਚ ਹਿੰਸਕ ਘਟਨਾਵਾਂ, ਸੁਰੱਖਿਆ ਵਿੱਚ ਕੁਤਾਹੀ ਜਾਂ ਪ੍ਰਸ਼ਾਸਨਿਕ ਲਾਪਰਵਾਹੀ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੇ ਮਾਮਲਿਆਂ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਅਨੁਸ਼ਾਸਨਾਤਮਕ ਕਾਰਵਾਈ ਕੀਤੀ ਜਾਵੇਗੀ।
Publish Date: Tue, 02 Jun 2026 09:11 AM (IST)
Updated Date: Tue, 02 Jun 2026 09:14 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ। ਪੰਜਾਬ ਦੀਆਂ ਜੇਲ੍ਹਾਂ ਵਿੱਚ ਹਿੰਸਕ ਘਟਨਾਵਾਂ, ਸੁਰੱਖਿਆ ਵਿੱਚ ਕੁਤਾਹੀ ਜਾਂ ਪ੍ਰਸ਼ਾਸਨਿਕ ਲਾਪਰਵਾਹੀ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੇ ਮਾਮਲਿਆਂ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਅਨੁਸ਼ਾਸਨਾਤਮਕ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਭਵਨ ਵਿਖੇ ਸੂਬੇ ਦੀਆਂ ਸਮੂਹ ਜੇਲ੍ਹਾਂ ਦੇ ਸੁਪਰਡੈਂਟਾਂ ਨਾਲ ਹੋਈ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਜੇਲ੍ਹਾਂ ਵਿੱਚ ਸੁਰੱਖਿਅਤ, ਅਨੁਸ਼ਾਸਿਤ ਅਤੇ ਸੁਧਾਰਕ ਮਾਹੌਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਅੰਦਰ ਕਿਸੇ ਵੀ ਤਰ੍ਹਾਂ ਦੀ ਹਿੰਸਾ, ਅਨੁਸ਼ਾਸਨਹੀਣਤਾ ਜਾਂ ਗੈਰ-ਕਾਨੂੰਨੀ ਗਤੀਵਿਧੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਜੇਲ੍ਹ ਮੰਤਰੀ ਨੇ ਅਧਿਕਾਰੀਆਂ ਨੂੰ ਆਪਣੀ ਕਾਰਗੁਜ਼ਾਰੀ ਦਾ ਨਿਯਮਤ ਮੁਲਾਂਕਣ ਕਰਨ, ਕਮੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਦੂਰ ਕਰਨ ਅਤੇ ਉਪਲਬਧ ਸਰੋਤਾਂ ਦੀ ਪ੍ਰਭਾਵਸ਼ਾਲੀ ਵਰਤੋਂ ਰਾਹੀਂ ਬਿਹਤਰ ਨਤੀਜੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇੱਕ ਸਮਰੱਥ ਅਤੇ ਜ਼ਿੰਮੇਵਾਰ ਅਧਿਕਾਰੀ ਉਹ ਹੁੰਦਾ ਹੈ ਜੋ ਆਪਣੀ ਡਿਊਟੀ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਪੇਸ਼ੇਵਰਾਨਾ ਢੰਗ ਨਾਲ ਨਿਭਾਏ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਜੇਲ੍ਹਾਂ ਦਾ ਉਦੇਸ਼ ਸਿਰਫ਼ ਬੰਦੀਆਂ ਨੂੰ ਹਿਰਾਸਤ ਵਿੱਚ ਰੱਖਣਾ ਨਹੀਂ, ਸਗੋਂ ਉਨ੍ਹਾਂ ਦੇ ਸੁਧਾਰ, ਪੁਨਰਵਾਸ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਮੁੜ ਜੋੜਨ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਣਾ ਵੀ ਹੈ। ਇਸ ਲਈ ਬੰਦੀਆਂ ਲਈ ਸਿੱਖਿਆ, ਹੁਨਰ ਵਿਕਾਸ, ਸਿਹਤ ਸਹੂਲਤਾਂ ਅਤੇ ਮਨੋਵਿਗਿਆਨਕ ਸਹਾਇਤਾ ਵਰਗੇ ਪ੍ਰੋਗਰਾਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ।
ਮੀਟਿੰਗ ਦੌਰਾਨ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਨੇ ਸਿਹਤ ਸਹੂਲਤਾਂ, ਖੁਰਾਕ ਪ੍ਰਬੰਧ, ਸਟਾਫ਼ ਭਰਤੀ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਹੋਰ ਸੁਧਾਰਾਤਮਕ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਜੇਲ੍ਹ ਵਿਭਾਗ ਦੇ ਸਕੱਤਰ ਮੁਹੰਮਦ ਤਈਅਬ, ਏ.ਡੀ.ਜੀ.ਪੀ. ਜੇਲ੍ਹ ਆਰ.ਕੇ. ਜੈਸਵਾਲ ਸਮੇਤ ਸੂਬੇ ਦੀਆਂ ਸਮੂਹ ਜੇਲ੍ਹਾਂ ਦੇ ਸੁਪਰਡੈਂਟ ਅਤੇ ਸੀਨੀਅਰ ਅਧਿਕਾਰੀ ਹਾਜ਼ਰ ਸਨ।