- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ, ਡੀਜੀਪੀ, ਐੱਸਐੱਸਪੀ ਫਰੀਦਕੋਟ ਅਤੇ ਹੋਰ ਸਬੰਧਤ ਧਿਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਨੇਹਾ ਬਿੰਦਲ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਵੀ ਹੁਕਮ ਦਿੱਤੇ ਹਨ।

ਸਟੇਟ ਬਿਊਰੋ, ਪੰਜਾਬੀ ਜਾਗਰਣ, ਚੰਡੀਗੜ੍ਹ : ਜੈਤੋ ਨਗਰ ਕੌਂਸਲ ਦੀ ਵਾਰਡ ਨੰਬਰ-16 ਦੀ ਚੋਣ ਦੌਰਾਨ ਕਥਿਤ ਕੁੱਟਮਾਰ, ਫਰਜ਼ੀ ਵੋਟਿੰਗ ਅਤੇ ਸਿਆਸੀ ਦਬਾਅ ਦੇ ਦੋਸ਼ਾਂ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪੁੱਜ ਗਿਆ ਹੈ। ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਕੇਵਲ ਕ੍ਰਿਸ਼ਨ ਅਤੇ ਉਨ੍ਹਾਂ ਦੀ ਧੀ ਨੇਹਾ ਬਿੰਦਲ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸਥਾਨਕ ਵਿਧਾਇਕ ਅਮਲੋਕ ਸਿੰਘ ਸਮੇਤ ਹੋਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਵੋਟਿੰਗ ਵਾਲੇ ਦਿਨ ਸ਼ਾਮ ਸਮੇਂ ਵਿਧਾਇਕ ਆਪਣੇ ਸਮਰਥਕਾਂ ਸਮੇਤ ਪੋਲਿੰਗ ਬੂਥ ’ਤੇ ਪੁੱਜੇ ਅਤੇ ਉੱਥੇ ਕਥਿਤ ਤੌਰ ’ਤੇ ਫਰਜ਼ੀ ਵੋਟਾਂ ਪਵਾਉਣ ਦੀ ਕੋਸ਼ਿਸ਼ ਕੀਤੀ ਗਈ। ਨੇਹਾ ਬਿੰਦਲ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਦਾ ਵਿਰੋਧ ਕੀਤਾ ਅਤੇ ਸਬੰਧਤ ਅਧਿਕਾਰੀਆਂ ਕੋਲ ਸ਼ਿਕਾਇਤ ਵੀ ਕੀਤੀ, ਪਰ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਹੋਈ।
ਪਟੀਸ਼ਨਕਰਤਾਵਾਂ ਨੇ ਹਾਈ ਕੋਰਟ ਕੋਲੋਂ ਮਾਮਲੇ ਦੀ ਨਿਰਪੱਖ ਜਾਂਚ, ਪੋਲਿੰਗ ਬੂਥ ਦੀ ਵੀਡੀਓਗ੍ਰਾਫੀ, ਸੀਸੀਟੀਵੀ ਫੁਟੇਜ ਅਤੇ ਹੋਰ ਇਲੈਕਟ੍ਰਾਨਿਕ ਤੇ ਦਸਤਾਵੇਜ਼ੀ ਰਿਕਾਰਡ ਸੁਰੱਖਿਅਤ ਰੱਖਣ ਦੇ ਹੁਕਮ ਜਾਰੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਵੀ ਖਦਸ਼ਾ ਪ੍ਰਗਟਾਇਆ ਹੈ ਕਿ ਸ਼ਿਕਾਇਤ ਕਰਨ ਕਾਰਨ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਖ਼ਤਰਾ ਹੋ ਸਕਦਾ ਹੈ, ਇਸ ਲਈ ਸੁਰੱਖਿਆ ਮੁਹੱਈਆ ਕਰਵਾਈ ਜਾਵੇ।
ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ, ਡੀਜੀਪੀ, ਐੱਸਐੱਸਪੀ ਫਰੀਦਕੋਟ ਅਤੇ ਹੋਰ ਸਬੰਧਤ ਧਿਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਨੇਹਾ ਬਿੰਦਲ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਵੀ ਹੁਕਮ ਦਿੱਤੇ ਹਨ।
ਹਾਈ ਕੋਰਟ ਨੇ ਫਰੀਦਕੋਟ ਦੇ ਐੱਸਐੱਸਪੀ ਨੂੰ ਹਦਾਇਤ ਕੀਤੀ ਹੈ ਕਿ ਮਾਮਲੇ ਦੀ ਹੁਣ ਤੱਕ ਹੋਈ ਜਾਂਚ ਸਬੰਧੀ ਵਿਸਥਾਰਤ ਸਥਿਤੀ ਰਿਪੋਰਟ ਆਉਣ ਵਾਲੇ ਸ਼ੁੱਕਰਵਾਰ ਤੱਕ ਅਦਾਲਤ ਵਿੱਚ ਪੇਸ਼ ਕੀਤੀ ਜਾਵੇ। ਅਦਾਲਤ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਲੋਕਤੰਤਰ ਦੀ ਬੁਨਿਆਦੀ ਲੋੜ ਹੈ ਅਤੇ ਜੇਕਰ ਕਿਸੇ ਕਿਸਮ ਦੀ ਬੇਨਿਯਮਤਾ ਜਾਂ ਦਬਾਅ ਦੇ ਦੋਸ਼ ਹਨ ਤਾਂ ਉਨ੍ਹਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।