- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਸ਼ੇਸ਼ ਚੋਣ ਸਮੀਖਿਆ ਪ੍ਰਕਿਰਿਆ (SIR) ਨੂੰ ਲੈ ਕੇ ਵਿਰੋਧੀ ਪਾਰਟੀਆਂ ’ਤੇ ਦੋਹਰਾ ਰਵੱਈਆ ਅਪਣਾਉਣ ਦੇ ਦੋਸ਼ ਲਾਏ ਗਏ ਹਨ। ਭਾਜਪਾ ਆਗੂ ਸੁਨੀਲ ਜਾਖੜ ਨੇ ਸਪੱਸ਼ਟ ਕੀਤਾ ਕਿ ਅਧਿਕਾਰੀਆਂ ਨਾਲ ਮੀਟਿੰਗ ’ਚ ਸਹਿਮਤੀ ਜਤਾਉਣ ਤੋਂ ਬਾਅਦ ਬਾਹਰ ਆ ਕੇ ਵਿਰੋਧ ਪ੍ਰਦਰਸ਼ਨ ਕਰਨਾ ਪੂਰੀ ਤਰ੍ਹਾਂ ਗ਼ਲਤ ਹੈ।

ਰਮਨਜੀਤ ਸਿੰਘ ਮਣਕੂ, ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਕਿਹਾ ਕਿ ਕਾਂਗਰਸ ਹੋਵੇ ਜਾਂ ਆਮ ਆਦਮੀ ਪਾਰਟੀ, ਦੇਸ਼ ਦੇ ਵੱਖ-ਵੱਖ ਹਿੱਸਿਆਂ, ਖ਼ਾਸ ਕਰਕੇ ਦਿੱਲੀ ’ਚ ਚੋਣ ਕਮਿਸ਼ਨ ਦੀ SIR ਪ੍ਰਕਿਰਿਆ ਵਿਰੁੱਧ ਪ੍ਰਦਰਸ਼ਨ ਕਰ ਰਹੀਆਂ ਹਨ।
ਪਰ ਇਨ੍ਹਾਂ ਹੀ ਪਾਰਟੀਆਂ ਦੇ ਪੰਜਾਬ ਦੇ ਆਗੂਆਂ ਨੇ ਸੂਬੇ ’ਚ ਹਾਲ ਹੀ ’ਚ ਮੁਕੰਮਲ ਹੋਈ SIR ਪ੍ਰਕਿਰਿਆ ਨੂੰ ਲੈ ਕੇ ਕੋਈ ਇਤਰਾਜ਼ ਦਰਜ ਨਹੀਂ ਕਰਵਾਇਆ। ਜਾਖੜ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨਾਲ ਮੁਲਾਕਾਤ ਕਰਕੇ SIR ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਪੁੱਛਿਆ ਕਿ ਕੀ ਪੰਜਾਬ ’ਚ ਕੋਈ ਵੱਖਰੀ ਪ੍ਰਕਿਰਿਆ ਅਪਣਾਈ ਗਈ ਸੀ? ਉਨ੍ਹਾਂ ਕਿਹਾ ਕਿ ਪੰਜਾਬ ’ਚ ਸਿਆਸੀ ਪਾਰਟੀਆਂ ਨੇ ਇਸ ਮੁੱਦੇ ’ਤੇ ਕੋਈ ਰੌਲਾ ਨਹੀਂ ਪਾਇਆ, ਜਦਕਿ ਦੇਸ਼ ਦੇ ਹੋਰਨਾਂ ਹਿੱਸਿਆਂ ’ਚ ਹੋਈ SIR ’ਤੇ ਇਹੀ ਪਾਰਟੀਆਂ ਸਵਾਲ ਖੜ੍ਹੇ ਕਰ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਧਿਕਾਰੀ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ’ਚ ਵੀ ਉਹੀ ਪ੍ਰਕਿਰਿਆ ਅਪਣਾਈ ਗਈ, ਜੋ ਦੇਸ਼ ਦੇ ਹੋਰਨਾਂ ਸੂਬਿਆਂ ’ਚ ਲਾਗੂ ਕੀਤੀ ਗਈ ਸੀ। ਜਾਖੜ ਨੇ ਕਿਹਾ ਕਿ ਇਹੀ ਗੱਲ ਉਨ੍ਹਾਂ ਦੀ ਹੈਰਾਨੀ ਦਾ ਕਾਰਨ ਹੈ, ਕਿਉਂਕਿ ਦਿੱਲੀ ’ਚ ਹੋਏ ਪ੍ਰਦਰਸ਼ਨਾਂ ਦੌਰਾਨ ਪੰਜਾਬ ਦੇ ਕਈ ਆਗੂ ਵੀ ਨਜ਼ਰ ਆਏ, ਜੋ ਲੋਕਾਂ ਨੂੰ SIR ਵਿਰੁੱਧ ਭੜਕਾ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਵਿਰੋਧੀ ਪਾਰਟੀਆਂ ਦੇ ਦੋਗਲੇਪਣ ਨੂੰ ਦਰਸਾਉਂਦਾ ਹੈ।
ਜਾਖੜ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਜਾਣਕਾਰੀ ਮੁਤਾਬਕ, ਸੂਬੇ ਦੇ 25 ਹਜ਼ਾਰ ਤੋਂ ਵੱਧ ਬੂਥਾਂ ’ਤੇ ਚੋਣ ਕਮਿਸ਼ਨ ਵੱਲੋਂ ਸਾਰੀਆਂ ਰਜਿਸਟਰਡ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟ (BLA) ਵਜੋਂ ਪੂਰੀ ਪ੍ਰਕਿਰਿਆ ’ਚ ਸ਼ਾਮਲ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸਮੇਂ-ਸਮੇਂ ’ਤੇ ਬੂਥ ਲੈਵਲ ਅਫ਼ਸਰਾਂ (BLO) ਵੱਲੋਂ ਇਨ੍ਹਾਂ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਕੇ ਚੋਣ ਪ੍ਰਕਿਰਿਆ ਦੀ ਪ੍ਰਗਤੀ ਨਾਲ ਸਬੰਧਤ ਅੰਕੜੇ ਸਾਂਝੇ ਕੀਤੇ ਜਾਂਦੇ ਰਹੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਲਿਖਤੀ ਰੂਪ ’ਚ ਆਪਣੀ ਸਹਿਮਤੀ ਜਾਂ ਇਤਰਾਜ਼ ਦਰਜ ਕਰਵਾਉਣ ਲਈ ਵੀ ਕਿਹਾ ਗਿਆ ਸੀ। ਜਾਖੜ ਨੇ ਦਾਅਵਾ ਕੀਤਾ ਕਿ ਪੂਰੀ ਪ੍ਰਕਿਰਿਆ ਦੌਰਾਨ ਕਿਸੇ ਵੀ ਸਿਆਸੀ ਪਾਰਟੀ ਨੇ ਕਿਸੇ ਤਰ੍ਹਾਂ ਦੀ ਗੜਬੜੀ ਦਾ ਖ਼ਦਸ਼ਾ ਨਹੀਂ ਜਤਾਇਆ। ਜਿੱਥੇ ਵੀ ਕੋਈ ਸਮੱਸਿਆ ਸਾਹਮਣੇ ਆਈ, ਉਸ ਨੂੰ ਦੂਰ ਕਰਵਾਇਆ ਗਿਆ।
ਜਾਖੜ ਨੇ ਕੁਝ ਵਿਧਾਨ ਸਭਾ ਹਲਕਿਆਂ ਦੇ ਅੰਕੜੇ ਸਾਂਝੇ ਕਰਦਿਆਂ ਕਿਹਾ ਕਿ ਇਨ੍ਹਾਂ ਹਲਕਿਆਂ ’ਚ ਜਿੰਨੀਆਂ ਵੋਟਾਂ ਕੱਟੀਆਂ ਗਈਆਂ ਅਤੇ ਜਿੰਨੀਆਂ ਨਵੀਆਂ ਵੋਟਾਂ ਬਣਾਈਆਂ ਗਈਆਂ, ਉਸ ਪ੍ਰਕਿਰਿਆ ’ਚ ਸਬੰਧਤ ਹਲਕਿਆਂ ਦੇ ਆਗੂਆਂ ਵੱਲੋਂ ਆਪਣੀਆਂ ਪਾਰਟੀਆਂ ਦੇ ਨੁਮਾਇੰਦੇ ਤਾਇਨਾਤ ਕੀਤੇ ਗਏ ਸਨ। ਇਹ ਸਾਰੀ ਪ੍ਰਕਿਰਿਆ ਉਨ੍ਹਾਂ ਦੀ ਸਹਿਮਤੀ ਨਾਲ ਹੀ ਮੁਕੰਮਲ ਹੋਈ। ਉਨ੍ਹਾਂ ਕਿਹਾ ਕਿ ਉਹ ਇਹ ਗੱਲ ਪੂਰੇ ਵਿਸ਼ਵਾਸ ਨਾਲ ਇਸ ਲਈ ਕਹਿ ਰਹੇ ਹਨ, ਕਿਉਂਕਿ ਉਨ੍ਹਾਂ ਦੀ ਆਪਣੀ ਪਾਰਟੀ ਦੇ ਨੁਮਾਇੰਦਿਆਂ ਨੇ ਵੀ ਇਸ ਪੂਰੀ ਪ੍ਰਕਿਰਿਆ ’ਚ ਹਿੱਸਾ ਲਿਆ ਸੀ ਅਤੇ ਸਮੇਂ-ਸਮੇਂ ’ਤੇ ਆਪਣੀ ਸਹਿਮਤੀ ਦਿੱਤੀ ਸੀ।
ਜਾਖੜ ਨੇ ਕਿਹਾ, “ਮੈਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਪ੍ਰਦਰਸ਼ਨ ਕਰਨ ਤੋਂ ਪਹਿਲਾਂ ਸੰਵਿਧਾਨਕ ਪ੍ਰਕਿਰਿਆ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਵਾਲ ਤਾਂ ਉਠਾਓ। ਉੱਥੇ ਹਰ ਥਾਂ ਸਹਿਮਤੀ ਦੇਣੀ ਅਤੇ ਬਾਹਰ ਆ ਕੇ ਲੋਕਾਂ ’ਚ ਵਿਰੋਧ ਕਰਨਾ ਸਹੀ ਨਹੀਂ ਹੈ। ਅਜਿਹਾ ਨਹੀਂ ਹੋਣਾ ਚਾਹੀਦਾ।”