ਜਸਪ੍ਰੀਤ ਕੌਰ ਬੈਂਸ ਨੇ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਵਜੋਂ ਸੰਭਾਲਿਆ ਚਾਰਜ
ਜਸਪ੍ਰੀਤ ਕੌਰ ਬੈਂਸ ਨੇ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਵਜੋਂ ਸੰਭਾਲਿਆ ਚਾਰਜ
Publish Date: Thu, 05 Mar 2026 05:52 PM (IST)
Updated Date: Thu, 05 Mar 2026 05:53 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਜਸਪ੍ਰੀਤ ਕੌਰ ਬੈਂਸ ਨੇ ਵੀਰਵਾਰ ਨੂੰ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ ਵਿਜੇਤਾ) ਸਰਕਾਰੀ ਕਾਲਜ, ਫੇਜ਼-6, ਮੁਹਾਲੀ (ਐੱਸਏਐੱਸ ਨਗਰ) ਦੇ ਨਵੇਂ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਕਾਲਜ ਦੇ ਅਧਿਆਪਨ ਅਤੇ ਗ਼ੈਰ-ਅਧਿਆਪਨ ਸਟਾਫ਼ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਜਸਪ੍ਰੀਤ ਕੌਰ ਬੈਂਸ ਇਕ ਤਜਰਬੇਕਾਰ ਅਤੇ ਸਮਰਪਿਤ ਅਧਿਆਪਕ ਵਜੋਂ ਜਾਣੇ ਜਾਂਦੇ ਹਨ। ਇਸ ਤੋਂ ਪਹਿਲਾਂ ਉਹ ਇਸੇ ਕਾਲਜ ਦੇ ਅੰਗਰੇਜ਼ੀ ਵਿਭਾਗ ਵਿਚ ਐਸੋਸੀਏਟ ਪ੍ਰੋਫੈਸਰ ਵਜੋਂ ਸੇਵਾ ਨਿਭਾ ਰਹੇ ਸਨ। ਸਟਾਫ਼ ਨਾਲ ਰਸਮੀ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਕਾਲਜ ਦੀਆਂ ਸਥਾਪਿਤ ਪਰੰਪਰਾਵਾਂ ਨੂੰ ਅੱਗੇ ਵਧਾਉਂਦੇ ਹੋਏ, ਉਹ ਵਿਦਿਆਰਥੀਆਂ ਵਿਚ ਅਕਾਦਮਿਕ ਸ਼੍ਰੇਸ਼ਠਤਾ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ, ਤਾਂ ਜੋ ਵਿਦਿਆਰਥੀਆਂ ਦਾ ਸਰਵਪੱਖੀ ਸਖਸ਼ੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਅਧਿਆਪਕਾਂ ਅਤੇ ਸਟਾਫ਼ ਦੇ ਸਹਿਯੋਗ ਨਾਲ ਸੰਸਥਾ ਨੂੰ ਮਜ਼ਬੂਤ ਬਣਾਉਣ ਅਤੇ ਇਸ ਨੂੰ ਸਿੱਖਿਆ, ਖੋਜ ਅਤੇ ਖੇਡਾਂ ਦੇ ਖੇਤਰਾਂ ’ਚ ਹੋਰ ਉਚਾਈਆਂ ਤੱਕ ਲਿਜਾਣ ਲਈ ਲਗਾਤਾਰ ਯਤਨ ਕੀਤੇ ਜਾਣਗੇ। ਇਸ ਮੌਕੇ ਕਾਲਜ ਦੇ ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।