ਜਸਪ੍ਰੀਤ ਕੌਰ ਦਾ ਬਾਰ ਐਸੋਸੀਏਸ਼ਨ ਵੱਲੋਂ ਵਿਸ਼ੇਸ਼ ਸਨਮਾਨ
ਜਸਪ੍ਰੀਤ ਕੌਰ ਦਾ ਬਾਰ ਐਸੋਸੀਏਸ਼ਨ ਵੱਲੋਂ ਵਿਸ਼ੇਸ਼ ਸਨਮਾਨ
Publish Date: Mon, 09 Mar 2026 08:40 PM (IST)
Updated Date: Mon, 09 Mar 2026 08:42 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਐਲਾਨੇ ਗਏ ਨਤੀਜਿਆਂ ਵਿਚ ਡੇਰਾਬੱਸੀ ਸਬ ਡਵੀਜ਼ਨ ਦੇ ਪਿੰਡ ਕਕਰਾਲੀ ਦੀ ਧੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿਚੋਂ 422ਵਾਂ ਰੈਂਕ ਹਾਸਲ ਕਰ ਕੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਬਾਰ ਐਸੋਸੀਏਸ਼ਨ ਡੇਰਾਬੱਸੀ ਦੇ ਸਾਬਕਾ ਪ੍ਰਧਾਨ ਐਡਵੋਕੇਟ ਮੁਕੇਸ਼ ਗਾਂਧੀ ਸਮੇਤ ਵਕੀਲਾਂ ਦੇ ਇਕ ਵਿਸ਼ੇਸ਼ ਵਫ਼ਦ ਨੇ ਜਸਪ੍ਰੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਜਸਪ੍ਰੀਤ ਕੌਰ ਦੀ ਇਸ ਸਫ਼ਲਤਾ ਦੀ ਖ਼ਬਰ ਮਿਲਦਿਆਂ ਹੀ ਪਿੰਡ ਕਕਰਾਲੀ ਅਤੇ ਪੂਰੇ ਡੇਰਾਬੱਸੀ ਇਲਾਕੇ ਵਿਚ ਜਸ਼ਨ ਦਾ ਮਾਹੌਲ ਹੈ। ਵਕੀਲਾਂ ਦੇ ਵਫ਼ਦ ਨੇ ਜਸਪ੍ਰੀਤ ਕੌਰ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ ਅਤੇ ਮੁਬਾਰਕਬਾਦ ਦਿੱਤੀ। ਬਾਰ ਐਸੋਸੀਏਸ਼ਨ ਡੇਰਾਬੱਸੀ ਦੇ ਸਾਬਕਾ ਪ੍ਰਧਾਨ ਐਡਵੋਕੇਟ ਮੁਕੇਸ਼ ਗਾਂਧੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਸਖ਼ਤ ਮਿਹਨਤ ਅਤੇ ਲਗਨ ਨਾਲ ਇਹ ਮੁਕਾਮ ਹਾਸਲ ਕਰ ਕੇ ਸਾਬਤ ਕਰ ਦਿੱਤਾ ਹੈ ਕਿ ਜੇਕਰ ਇਰਾਦੇ ਮਜ਼ਬੂਤ ਹੋਣ ਤਾਂ ਕੋਈ ਵੀ ਮੰਜ਼ਿਲ ਅਸੰਭਵ ਨਹੀਂ ਹੈ। ਉਹ ਇਲਾਕੇ ਦੀਆਂ ਹੋਰ ਲੜਕੀਆਂ ਲਈ ਇਕ ਪ੍ਰੇਰਨਾ ਸਰੋਤ ਬਣੀ ਹੈ। ਇਸ ਮੌਕੇ ਜਸਪ੍ਰੀਤ ਕੌਰ ਨੇ ਬਾਰ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਆਪਣੀ ਸਫਲਤਾ ਦਾ ਸਿਹਰਾ ਆਪਣੇ ਮਾਪਿਆਂ ਅਤੇ ਅਧਿਆਪਕਾਂ ਸਿਰ ਬੰਨ੍ਹਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਪ੍ਰਸ਼ਾਸਨਿਕ ਸੇਵਾਵਾਂ ਵਿਚ ਰਹਿ ਕੇ ਸਮਾਜ ਦੇ ਹਰ ਵਰਗ ਦੀ ਇਮਾਨਦਾਰੀ ਨਾਲ ਸੇਵਾ ਕਰਨਾ ਹੈ। ਇਸ ਮੌਕੇ ਐਡਵੋਕੇਟ ਪਰਦੀਪ ਰਾਣਾ, ਐਡਵੋਕੇਟ ਅਸ਼ੋਕ ਰਾਣਾ ਅਤੇ ਐਡਵੋਕੇਟ ਜਗਤਾਰ ਸਿੰਘ ਜਨੇਤਪੁਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।