ਝੋਟਾ ਕਤਲ ਮਾਮਲਾ : ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਝੋਟਾ ਕਤਲ ਮਾਮਲਾ: ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
Publish Date: Mon, 19 Oct 2026 05:53 PM (IST)
Updated Date: Mon, 19 Oct 2026 05:54 PM (IST)
-ਮੁਹਾਲੀ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਸੌਂਪਿਆ ‘ਵਿਰੋਧ ਪੱਤਰ’ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚਾ ਦੀ ਅਪੀਲ ’ਤੇ ਸੋਮਵਾਰ ਨੂੰ ਮੁਹਾਲੀ ਵਿਖੇ ਸਮੂਹ ਧਾਰਮਿਕ, ਸਮਾਜਿਕ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਵੱਲੋਂ ਸੈਕਟਰ-79 ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ ਬਾਹਰ ਵਿਸ਼ਾਲ ਰੋਸ ਧਰਨਾ ਦਿੱਤਾ। ਇਸ ਧਰਨਾ ਪ੍ਰਦਰਸ਼ਨ ’ਚ ਸ਼੍ਰੋਮਣੀ ਅਕਾਲੀ ਦਲ, ਵਾਰਿਸ ਪੰਜਾਬ ਦੇ ਸਮੇਤ ਕਿਸਾਨ ਜਥੇਬੰਦੀਆਂ ਅਤੇ ਇਨਸਾਫ਼ ਪਸੰਦ ਵਿਅਕਤੀਆਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਬੁਲਾਰਿਆਂ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਨਿਸ਼ਾਨੇ ਸਾਧਦਿਆਂ ਹੁਕਮਰਾਨਾਂ ਅਤੇ ਪ੍ਰਸ਼ਾਸਨ ਖ਼ਿਲਾਫ਼ ਆਪਣਾ ਗੁੱਸਾ ਜ਼ਾਹਰ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਐਸਜੀਪੀਸੀ ਮੈਂਬਰ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਸਾਹਿਬ ਸਿੰਘ ਬਡਾਲੀ, ਆਜ਼ਾਦ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਨ, ਕਿਰਪਾਲ ਸਿੰਘ ਸਿਆਊ, ਅੰਗਰੇਜ਼ ਸਿੰਘ ਡਕੌਂਦਾ, ਕਮਲਜੀਤ ਸਿੰਘ ਲਾਂਡਰਾਂ, ਜਸਵੰਤ ਸਿੰਘ ਮਾਣਕਮਾਜਰਾ, ਜਸਪਾਲ ਸਿੰਘ ਲਾਂਡਰਾਂ, ਰਾਜ ਕੌਰ, ਬਲਜੀਤ ਸਿੰਘ ਭਾਊ ਅਤੇ ਨੰਬਰਦਾਰ ਹਰਵਿੰਦਰ ਸਿੰਘ ਅਤੇ ਹੋਰਨਾਂ ਆਗੂਆਂ ਨੇ ਵਿਧਾਇਕ ਦੀ ਗੈਰ-ਮੌਜੂਦਗੀ ਵਿਚ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ‘ਵਿਰੋਧ ਪੱਤਰ’ ਸੌਂਪਿਆ ਗਿਆ। ਜਿਸ ’ਚ ਆਗੂਆਂ ਨੇ ਪੰਜਾਬ ’ਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਸੁਰੱਖਿਆ ਪ੍ਰਬੰਧਾਂ ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਸੂਬੇ ਦੀ ਡਾਵਾਡੋਲ ਕਾਨੂੰਨ ਵਿਵਸਥਾ ਨੂੰ ਉਜਾਗਰ ਕੀਤਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ ਹਨ। ਬੁਲਾਰਿਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੇਲ੍ਹ ਮੰਨਦਿਆਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਕਾਂਡ ਨੇ ਪੰਜਾਬ ਦੇ ਮਾਹੌਲ ਨੂੰ ਹਲੂਣ ਕੇ ਰੱਖ ਦਿੱਤਾ ਹੈ। ਆਗੂਆਂ ਨੇ ਮੰਗ ਕੀਤੀ ਕਿਕ ਪੀੜਤ ਪਰਿਵਾਰ ਨੂੰ ਬਿਨਾਂ ਕਿਸੇ ਦੇਰੀ ਦੇ ਇਨਸਾਫ਼ ਦਿੱਤਾ ਜਾਵੇ ਅਤੇ ਇਸ ਘਟਨਾ ’ਚ ਸ਼ਾਮਲ ਸਾਰੇ ਮੁਲਜ਼ਮਾਂ ਅਤੇ ਘਟਨਾ ਲਈ ਜ਼ਿੰਮੇਵਾਰ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੇ ਇਸ ਮਾਮਲੇ ’ਚ ਰੱਤੀ ਭਰ ਵੀ ਢਿੱਲ ਵਰਤੀ ਗਈ ਜਾਂ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਲਖਨੌਰ, ਜਸਗਤਾਰ ਸਿੰਘ ਕੁੰਬੜਾ, ਕੈਪਟਨ ਰਮਨਦੀਪ ਸਿੰਘ ਬਾਵਾ, ਜੋਗਿੰਦਰ ਸਿੰਘ ਯੋਗੀ, ਸਾਬਕਾ ਪ੍ਰਧਾਨ ਪ੍ਰੀਤਮ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।