ਸਟੇਟ ਬਿਊਰੋ, ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀਆਂ ਚੋਣਾਂ ਲਈ ਕੇਂਦਰ ਸਰਕਾਰ ਨੇ ਹਾਈ ਕੋਰਟ ਦੇ ਰਿਟਾਇਰਡ ਜਸਟਿਸ ਐੱਸਐੱਸ ਸਾਰੋਂ ਨੂੰ ਗੁਰਦੁਆਰਾ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦੇ ਅਹੁਦੇ 'ਤੇ ਨਿਯੁਕਤ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਹੈ। ਕੇਂਦਰ ਵੱਲੋਂ ਹਾਈ ਕੋਰਟ ਨੂੰ ਦੱਸਿਆ ਗਿਆ ਕਿ ਜਸਟਿਸ ਸਾਰੋਂ ਨੂੰ ਇਸ ਅਹੁਦੇ 'ਤੇ ਨਿਯੁਕਤ ਕੀਤੇ ਜਾਣ ਸਬੰਧੀ 9 ਅਕਤੂਬਰ ਨੂੰ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਮੰਗਲਵਾਰ ਨੂੰ ਕੇਂਦਰ ਸਰਕਾਰ ਵੱਲੋਂ ਅਡੀਸ਼ਨਲ ਸਾਲਿਸਟਰ ਜਨਰਲ ਆਫ ਇੰਡੀਆ ਸਤਿਆਪਾਲ ਜੈਨ ਨੇ ਇਸ ਸਬੰਧੀ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ ਹੈ। ਉਥੇ ਹੀ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਇਸ ਜਾਣਕਾਰੀ 'ਤੇ ਆਪਣਾ ਪੱਖ ਰੱਖਣ ਲਈ ਐੱਸਜੀਪੀਸੀ ਨੇ ਹਾਈ ਕੋਰਟ ਤੋਂ ਕੁਝ ਸਮਾਂ ਦਿੱਤੇ ਜਾਣ ਦੀ ਮੰਗ ਕੀਤੀ ਹੈ, ਜਿਸ 'ਤੇ ਜਸਟਿਸ ਮੰਜਰੀ ਨਹਿਰੂ ਕੌਲ ਨੇ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਇਸ ਜਾਣਕਾਰੀ ਤੋਂ ਬਾਅਦ ਅਪੀਲ 'ਤੇ ਸੁਣਵਾਈ 4 ਮਾਰਚ ਤਕ ਮੁਲਤਵੀ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਬਲਦੇਵ ਸਿੰਘ ਸਿਰਸਾ ਨੇ ਸਾਲ 2017 'ਚ ਹਾਈ ਕੋਰਟ 'ਚ ਪਟੀਸ਼ਨ ਦਾਇਰ ਕ ਕੇ ਕਿਹਾ ਸੀ ਕਿ ਐੱਸਜੀਪੀਸੀ ਬੋਰਡ ਦਾ ਪੰਜ ਸਾਲਾ ਦਾ ਕਾਰਜਕਾਲ ਖ਼ਤਮ ਹੋ ਚੁੱਕਾ ਹੈ। ਅਜਿਹੇ 'ਚ ਬੋਰਡ ਦੀ ਚੋਣ ਮੁੜ ਕਰਵਾਈ ਜਾਣੀ ਚਾਹੀਦੀ ਹੈ। ਸਿਰਸਾ ਤੋਂ ਬਾਅਦ ਇਸੇ ਮੰਗ ਨੂੰ ਲੈ ਕੇ ਕੁਝ ਹੋਰ ਪਟੀਸ਼ਨਾਂ ਵੀ ਕੋਰਟ 'ਚ ਦਾਇਰ ਕੀਤੀਆਂ ਜਾ ਚੁੱਕੀਆਂ ਹਨ। ਇਕ ਪਟੀਸ਼ਨ ਇਸ ਸਾਲ ਦਾਇਰ ਕੀਤੀ ਗਈ ਹੈ। ਹਾਈ ਕੋਰਟ ਸਾਰੀਆਂ ਪਟੀਸ਼ਨਾਂ 'ਤੇ ਇਕੱਠਿਆਂ ਸੁਣਵਾਈ ਕਰ ਰਿਹਾ ਹੈ।

Posted By: Jagjit Singh