ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਪੁਰਬ ਸ਼ਰਧਾ ਨਾਲ ਮਨਾਇਆ
ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਜੋਤੀ ਜੋਤ ਪੁਰਬ ਸ਼ਰਧਾ ਨਾਲ ਮਨਾਇਆ
Publish Date: Tue, 16 Sep 2025 06:25 PM (IST)
Updated Date: Tue, 16 Sep 2025 06:26 PM (IST)

ਜੀਐੱਸ ਸੰਧੂ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਸੋਹਾਣਾ ਸਥਿਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮੰਗਲਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਜੋਤੀ ਜੋਤ ਪੁਰਬ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਦੇ ਸਬੰਧ ਵਿਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ, ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ, ਜਿਸ ਵਿਚ ਵੱਖ-ਵੱਖ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਸਮਾਗਮ ਵਿਚ ਭਾਈ ਜਸਵੰਤ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬ੍ਰਿਤਾਂਤ ਅਤੇ 1539 ਈ. ਵਿਚ ਉਨ੍ਹਾਂ ਦੇ ਜੋਤੀ ਜੋਤ ਸਮਾਉਣ ਦੇ ਪ੍ਰਸੰਗ ਨੂੰ ਢਾਡੀ ਵਾਰਾਂ ਰਾਹੀਂ ਬੜੇ ਵਿਸਥਾਰ ਨਾਲ ਸਰਵਣ ਕਰਵਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਸੁਖਵਿੰਦਰ ਸਿੰਘ (ਦਮਦਮੀ ਟਕਸਾਲ) ਨੇ ਗੁਰੂ ਸਾਹਿਬ ਦੀਆਂ ਚਾਰ ਉਦਾਸੀਆਂ ਬਾਰੇ ਜਾਣਕਾਰੀ ਦਿੱਤੀ, ਜਦੋਂਕਿ ਭਾਈ ਜਰਨੈਲ ਸਿੰਘ (ਲੁਧਿਆਣੇ ਵਾਲੇ) ਨੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਗੁਰੂ ਜੀ ਦੀ ਬਾਣੀ ਦੀ ਮਹੱਤਤਾ ਬਾਰੇ ਸੰਗਤਾਂ ਨੂੰ ਦੱਸਿਆ। ਇਨ੍ਹਾਂ ਤੋਂ ਇਲਾਵਾ, ਬਾਬਾ ਦੀਪ ਸਿੰਘ ਕਵੀਸ਼ਰੀ ਜਥਾ, ਮਿੱਤਰ ਪਿਆਰੇ ਨੂੰ ਕੀਰਤਨੀ ਜਥਾ, ਹਰਜੱਸ ਕੀਰਤਨੀ ਜਥਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ ਅਤੇ ਹੋਰ ਪ੍ਰਸਿੱਧ ਰਾਗੀ ਜਥਿਆਂ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜਥਿਆਂ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਅਮਰਜੀਤ ਸਿੰਘ ਨੇ ਵੀ ਆਪਣੀ ਸੇਵਾ ਨਿਭਾਈ। ਇਸ ਮੌਕੇ ਇਕ ਵਿਸ਼ੇਸ਼ ਮੈਡੀਕਲ ਕੈਂਪ ਵੀ ਲਗਾਇਆ ਗਿਆ, ਜਿੱਥੇ ਮਾਹਰ ਡਾਕਟਰਾਂ ਨੇ ਮਰੀਜ਼ਾਂ ਦਾ ਮੁਆਇਨਾ ਕੀਤਾ ਅਤੇ ਦਵਾਈਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁਫ਼ਤ ਦਿੱਤੀਆਂ ਗਈਆਂ। ਹਜ਼ਾਰਾਂ ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਸ਼ਰਧਾ ਪ੍ਰਗਟਾਈ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।