ਕੇਵਲ ਢਿੱਲੋਂ ਕੋਲ ਚੁੱਕਿਆ ਮੁਹਾਲੀ ਦੀ ਮੰਦਹਾਲੀ ਦਾ ਮੁੱਦਾ ਕੇਵਲ ਢਿੱਲੋਂ ਕੋਲ ਚੁੱਕਿਆ ਮੁਹਾਲੀ ਦੀ ਮੰਦਹਾਲੀ ਦਾ ਮੁੱਦਾ
Publish Date: Wed, 11 Nov 2026 07:37 PM (IST)
Updated Date: Wed, 11 Nov 2026 07:39 PM (IST)
ਭਾਜਪਾ ਆਗੂ ਹਰਦੇਵ ਸਿੰਘ ਉੱਭਾ ਤੇ ਕੌਂਸਲਰ ਗੁਰਪ੍ਰੀਤ ਕੌਰ ਨੇ ਢਿੱਲੋਂ ਨਾਲ ਕੀਤੀ ਮੁਲਾਕਾਤ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਸ਼ਹਿਰ ਅਤੇ ਨਾਲ ਲੱਗਦੇ ਪੇਂਡੂ ਖੇਤਰਾਂ ’ਚ ਠੱਪ ਪਏ ਵਿਕਾਸ ਕਾਰਜਾਂ ਅਤੇ ਨਾਗਰਿਕ ਸਹੂਲਤਾਂ ਦੀ ਖਸਤਾ ਹਾਲਤ ਨੂੰ ਲੈ ਕੇ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਅਤੇ ਵਾਰਡ ਨੰ. 41 ਤੋਂ ਭਾਜਪਾ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਮੁਹਾਲੀ ਦੀਆਂ ਭਖਦੀਆਂ ਸਮੱਸਿਆਵਾਂ ’ਤੇ ਚਰਚਾ ਕੀਤੀ। ਇਸ ਮੌਕੇ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਮਨੋਜ ਸ਼ਰਮਾ ਵੀ ਮੌਜੂਦ ਸਨ। ਹਰਦੇਵ ਸਿੰਘ ਉੱਭਾ ਨੇ ਦੱਸਿਆ ਕਿ ਮੁਹਾਲੀ ਦੇ ਕਈ ਸੈਕਟਰਾਂ ’ਚ ਸਫ਼ਾਈ, ਸੀਵਰੇਜ, ਪਾਣੀ, ਸੜਕਾਂ ਅਤੇ ਸਟਰੀਟ ਲਾਈਟਾਂ ਦੀ ਹਾਲਤ ਮਾੜੀ ਹੈ। ਵਾਰ-ਵਾਰ ਪ੍ਰਸ਼ਾਸਨ ਨੂੰ ਲਿਖਤੀ ਸ਼ਿਕਾਇਤਾਂ ਦੇਣ ਦੇ ਬਾਵਜੂਦ ਹੁਣ ਤੱਕ ਹੱਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਨੇ ਸੈਕਟਰ-85, 86, 88, 98 ਅਤੇ 99 ਵਿੱਚ ਨਹਿਰੀ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਅਤੇ ਸੈਕਟਰ-66/67 ਨੂੰ ਸੈਕਟਰ-80/81 ਅਤੇ ਵੇਵ ਅਸਟੇਟ ਸੈਕਟਰ-84/85 ਨਾਲ ਜੋੜਨ ਵਾਲੇ ਵਰ੍ਹਿਆਂ ਤੋਂ ਅਧੂਰੇ ਪਏ ਪੁਲ ਦਾ ਨਿਰਮਾਣ ਜਲਦ ਪੂਰਾ ਕਰਵਾਉਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਸੈਕਟਰ-87 ਵਿਚ ਗਮਾਡਾ ਵੱਲੋਂ ਐਕਵਾਇਰ ਕੀਤੀ ਜ਼ਮੀਨ ਦੇ ਮਾਲਕਾਂ ਨੂੰ ਮਾਰਕੀਟ ਰੇਟ ’ਤੇ ਮੁਆਵਜ਼ਾ ਦੇਣ ਦਾ ਮੁੱਦਾ ਵੀ ਚੁੱਕਿਆ। ਭਾਜਪਾ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਪਿੰਡ ਸੰਭਾਲਕੀ ਅਤੇ ਨਾਨੂੰਮਾਜਰਾ ਦੀ ਬਦਹਾਲ ਸਫ਼ਾਈ ਵਿਵਸਥਾ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਤੋਂ ਨਗਰ ਨਿਗਮ ’ਚ ਸੁਣਵਾਈ ਨਹੀਂ ਹੋ ਰਹੀ। ਪਿੰਡਾਂ ’ਚ ਖੁੱਲ੍ਹੇ ਨਾਲੇ ਬੱਚਿਆਂ ਅਤੇ ਬਜ਼ੁਰਗਾਂ ਲਈ ਗੰਭੀਰ ਖ਼ਤਰਾ ਬਣੇ ਹੋਏ ਹਨ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਨਾਲਿਆਂ ਨੂੰ ਤੁਰੰਤ ਢੱਕਿਆ ਜਾਵੇ ਅਤੇ ਵਿਕਾਸ ਨੂੰ ਤਰਜ਼ੀਹ ਦਿੱਤੀ ਜਾਵੇ। ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਵਰਕਰਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਪਰੋਕਤ ਮੁੱਦਿਆਂ ਨੂੰ ਗੰਭੀਰਤਾ ਲੈਂਦਿਆਂ ਨਾਲ ਯੋਗ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਸਾਰੇ ਮਸਲੇ ਹੱਲ ਕੀਤੇ ਜਾਣਗੇ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।