- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਦੇ ਮੁੱਦੇ 'ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ BJP Punjab President ਨੇ ਕਿਹਾ ਕਿ ਇਸ ਸਮੱਸਿਆ ਨੇ ਸੂਬੇ ਦੇ ਹਜ਼ਾਰਾਂ ਪਰਿਵਾਰਾਂ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਵਿਕਾਸ ਆਧਾਰਿਤ ਨੀਤੀਆਂ ਰਾਹੀਂ ਇਸ ਚੁਣੌਤੀ ਦਾ ਮੁਕਾਬਲਾ ਕੀਤਾ ਜਾਵੇਗਾ।

ਰੋਹਿਤ ਕੁਮਾਰ, ਚੰਡੀਗੜ੍ਹ : ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ (Kewal Singh Dhillon) ਨੇ ਬੁੱਧਵਾਰ ਨੂੰ ਅਹੁਦਾ ਸੰਭਾਲਦੇ ਹੀ ਕਿਸਾਨਾਂ, ਉਦਯੋਗ ਤੇ ਨਸ਼ਿਆਂ ਦੇ ਮੁੱਦੇ ਨੂੰ ਆਪਣੀ ਤਰਜੀਹ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਖੇਤੀਬਾੜੀ ਨੂੰ ਮਜ਼ਬੂਤ ਕਰਨ, ਖੇਤੀ ਆਧਾਰਤ ਉਦਯੋਗਾਂ ਨੂੰ ਉਤਸ਼ਾਹਤ ਕਰਨ ਤੇ ਨਸ਼ਿਆਂ ਖ਼ਿਲਾਫ਼ ਫ਼ੈਸਲਾਕੁੰਨ ਲੜਾਈ ਲੜਨ ਦੀ ਲੋੜ ਹੈ। ਨਾਲ ਹੀ ਦਾਅਵਾ ਕੀਤਾ ਕਿ ਭਾਜਪਾ ਨੇ ਸੂਬੇ 'ਚ ਮਜ਼ਬੂਤ ਸਿਆਸੀ ਅਧਾਰ ਤਿਆਰ ਕਰ ਲਿਆ ਹੈ ਤੇ ਆਉਣ ਵਾਲੇ ਸਮੇਂ 'ਚ ਇਸ ਦਾ ਹੋਰ ਵਿਸਥਾਰ ਕੀਤਾ ਜਾਵੇਗਾ।
ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਵਿਚ ਕਈ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ ਅਤੇ ਹਰ ਵਾਰ ਮੁਸ਼ਕਲ ਹਾਲਾਤ 'ਚੋਂ ਨਿਕਲ ਕੇ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਵਿੱਚ ਵੀ ਭਾਜਪਾ ਨਵੀਂ ਊਰਜਾ ਨਾਲ ਅੱਗੇ ਵਧੇਗੀ। ਉਨ੍ਹਾਂ ਪਾਰਟੀ ਦੇ ਸਾਬਕਾ ਪ੍ਰਦੇਸ਼ ਪ੍ਰਧਾਨਾਂ ਅਤੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਭਾਜਪਾ ਨੂੰ ਸੂਬੇ ਵਿੱਚ ਮਜ਼ਬੂਤ ਮੰਚ ਮਿਲਿਆ ਹੈ।
ਕਿਸਾਨਾਂ ਦੇ ਮੁੱਦੇ 'ਤੇ ਜ਼ੋਰ ਦਿੰਦਿਆਂ ਢਿੱਲੋਂ ਨੇ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਕਿਸਾਨਾਂ ਦੇ ਹਿੱਤਾਂ ਨੂੰ ਸਰਵਉੱਚ ਤਰਜੀਹ ਦੇਵੇਗੀ। ਉਨ੍ਹਾਂ ਕਿਹਾ ਕਿ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਤੇ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਠੋਸ ਯਤਨ ਕੀਤੇ ਜਾਣਗੇ, ਤਾਂ ਜੋ ਕਿਸਾਨਾਂ ਦੀ ਆਮਦਨ ਵਧ ਸਕੇ।
ਉਦਯੋਗਿਕ ਵਿਕਾਸ ਨੂੰ ਲੈ ਕੇ ਢਿੱਲੋਂ ਨੇ ਕਿਹਾ ਕਿ ਪੰਜਾਬ 'ਚ ਖੇਤੀ ਆਧਾਰਿਤ ਉਦਯੋਗਾਂ ਦੀਆਂ ਅਪਾਰ ਸੰਭਾਵਨਾਵਾਂ ਹਨ। ਉਨ੍ਹਾਂ ਯਾਦ ਦਿਵਾਇਆ ਕਿ ਖੇਤਰ 'ਚ ਪਹਿਲਾਂ ਵੀ ਖੇਤੀ ਨਾਲ ਜੁੜੇ ਉਦਯੋਗ ਸਥਾਪਿਤ ਹੋਏ ਹਨ ਅਤੇ ਭਵਿੱਖ 'ਚ ਅਜਿਹੇ ਉਦਯੋਗਾਂ ਨੂੰ ਹੋਰ ਹੁਲਾਰਾ ਦਿੱਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਸੀ ਕਿ ਖੇਤੀਬਾੜੀ ਸਿਰਫ਼ ਉਤਪਾਦਨ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਬਲਕਿ ਉਸ ਨਾਲ ਜੁੜੇ ਉਤਪਾਦਾਂ ਰਾਹੀਂ ਵੱਡੇ ਪੱਧਰ 'ਤੇ ਮੁੱਲ ਵਾਧਾ (ਵੈਲਯੂ ਐਡੀਸ਼ਨ) ਕੀਤਾ ਜਾ ਸਕਦਾ ਹੈ।
ਉਨ੍ਹਾਂ ਪੰਜਾਬ ਨੂੰ ਉਦਯੋਗਿਕ ਤੌਰ 'ਤੇ ਅੱਗੇ ਵਧਾਉਣ ਲਈ ਹਾਈ-ਟੈਕ ਸੈਕਟਰ 'ਤੇ ਵੀ ਜ਼ੋਰ ਦਿੱਤਾ। ਢਿੱਲੋਂ ਨੇ ਕਿਹਾ ਕਿ ਸੈਮੀਕੰਡਕਟਰ ਵਰਗੇ ਆਧੁਨਿਕ ਉਦਯੋਗਾਂ ਨੂੰ ਆਕਰਸ਼ਿਤ ਕਰਨ ਦੀ ਦਿਸ਼ਾ ਵਿੱਚ ਯਤਨ ਕੀਤੇ ਜਾਣਗੇ, ਜਿਸ ਨਾਲ ਪੰਜਾਬ ਨੂੰ ਦੇਸ਼ ਦੇ ਪ੍ਰਮੁੱਖ ਉਦਯੋਗਿਕ ਸੂਬਿਆਂ ਵਿੱਚ ਸ਼ਾਮਲ ਕੀਤਾ ਜਾ ਸਕੇ।
ਨਸ਼ਿਆਂ ਦੇ ਮੁੱਦੇ 'ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਭਾਜਪਾ ਪ੍ਰਦੇਸ਼ ਪ੍ਰਧਾਨ ਨੇ ਕਿਹਾ ਕਿ ਇਸ ਸਮੱਸਿਆ ਨੇ ਸੂਬੇ ਦੇ ਹਜ਼ਾਰਾਂ ਪਰਿਵਾਰਾਂ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਵਿਕਾਸ ਆਧਾਰਿਤ ਨੀਤੀਆਂ ਰਾਹੀਂ ਇਸ ਚੁਣੌਤੀ ਦਾ ਮੁਕਾਬਲਾ ਕੀਤਾ ਜਾਵੇਗਾ।
ਢਿੱਲੋਂ ਦੀ ਨਿਯੁਕਤੀ ਨਾਲ ਭਾਜਪਾ ਵਰਕਰਾਂ ਅਤੇ ਸਥਾਨਕ ਆਗੂਆਂ ਦੁਆਰਾ ਸੰਗਠਨ ਨੂੰ ਮਜ਼ਬੂਤ ਕੀਤਾ ਜਾਵੇਗਾ।