ਭਾਕਿਯੂ (ਸਿੱਧੂਪੁਰ) ਵੱਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦੀ ਮੰਗ, ਡੀਸੀ ਮੁਹਾਲੀ ਰਾਹੀਂ ਪੰਜਾਬ ਮੰਡੀ ਕਰਨ ਬੋਰਡ ਦੇ ਚੇਅਰਮੈਨ ਨੂੰ ਭੇਜਿਆ ਮੰਗ ਪੱਤਰ ਕਿਸਾਨ ਯੂਨੀਅਨ (ਸਿੱਧੂਪੁਰ) ਵੱਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦੀ ਮੰਗ
Publish Date: Wed, 16 Sep 2026 08:27 PM (IST)
Updated Date: Thu, 17 Sep 2026 04:06 AM (IST)
ਫੋਟੋ ਕੈਪਸ਼ਨ: ਡੀਸੀ ਮੁਹਾਲੀ ਨੂੰ ਮੰਗ ਪੱਤਰ ਦਿੰਦੇ ਹੋਏ ਸਿੱਧੂਪੁਰ ਜਥੇਬੰਦੀ ਦੇ ਕਿਸਾਨ ਆਗੂ। 33ਪੀ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਨੇ ਝੋਨੇ ਦੀ ਸਰਕਾਰੀ ਖ਼ਰੀਦ ਜਲਦੀ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਮੇਹਰ ਸਿੰਘ ਥੇੜੀ ਅਤੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਦੀ ਅਗਵਾਈ ਹੇਠ ਕਿਸਾਨਾਂ ਦੇ ਵਫ਼ਦ ਨੇ ਮੁਹਾਲੀ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਦੇ ਨਾਮ ਲਿਖਿਆ ਮੰਗ ਪੱਤਰ ਸੌਂਪਿਆ। ਕਿਸਾਨ ਆਗੂ ਮੇਹਰ ਸਿੰਘ ਥੇੜੀ ਅਤੇ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਮੁਹਾਲੀ ਜ਼ਿਲ੍ਹੇ ਦੇ ਕਿਸਾਨਾਂ ਨੇ 1 ਜੂਨ ਤੋਂ ਝੋਨਾ ਲਗਾਉਣਾ ਸ਼ੁਰੂ ਕੀਤਾ ਸੀ। ਮੁਹਾਲੀ ਜ਼ਿਲ੍ਹੇ ’ਚ ਟਿਊਬਵੈੱਲਾਂ ਦਾ ਪਾਣੀ ਡੂੰਘਾ ਹੋਣ ਕਾਰਨ ਜ਼ਿਆਦਾਤਰ ਕਿਸਾਨ ਝੋਨੇ ਦੀਆਂ ਪੀਆਰ ਕਿਸਮਾਂ ਬੀਜਣ ਨੂੰ ਤਰਜ਼ੀਹ ਦਿੰਦੇ ਹਨ ਕਿਉਂਕਿ ਇਹ ਥੋੜੇ ਪਾਣੀ ’ਚ ਤਿਆਰ ਹੋ ਜਾਂਦੀਆਂ ਹਨ ਅਤੇ ਜਲਦੀ ਪੱਕ ਜਾਂਦੀਆਂ ਹਨ। ਕਿਸਾਨਾਂ ਨੇ ਦੱਸਿਆ ਕਿ ਕਾਫ਼ੀ ਮਾਤਰਾ ’ਚ ਝੋਨੇ ਦੀ ਫ਼ਸਲ ਪੱਕ ਚੁੱਕੀ ਹੈ ਅਤੇ ਮੰਡੀਆਂ ’ਚ ਫ਼ਸਲ ਆਉਣੀ ਸ਼ੁਰੂ ਹੋ ਗਈ ਹੈ, ਪ੍ਰੰਤੂ ਮੰਡੀ ਬੋਰਡ ਨੇ ਝੋਨੇ ਦੀ ਖ਼ਰੀਦ ਲਈ ਕੋਈ ਕਦਮ ਨਹੀਂ ਚੁੱਕਿਆ ਅਤੇ ਨਾ ਹੀ ਮੰਡੀਆਂ ’ਚ ਕੋਈ ਸਫ਼ਾਈ ਕੀਤੀ ਗਈ ਹੈ। ਮੰਡੀਆਂ ’ਚ ਨਵੀਂ ਫ਼ਸਲ ਰੱਖਣ ਲਈ ਕੋਈ ਜਗ੍ਹਾ ਖਾਲੀ ਨਹੀਂ ਹੈ ਅਤੇ ਇਸ ਕਾਰਨ ਕਿਸਾਨ ਕਾਫ਼ੀ ਚਿੰਤਤ ਹਨ, ਕਿਉਂਕਿ ਕੱਟੀ ਹੋਈ ਝੋਨੇ ਦੀ ਫ਼ਸਲ ਨੂੰ ਨਾ ਤਾਂ ਕਿਸਾਨ ਆਪਣੇ ਘਰ ਰੱਖ ਸਕਦੇ ਹਨ ਅਤੇ ਨਾ ਹੀ ਕਿਸਾਨ ਕਿਤੇ ਸਟੋਰ ਕਰ ਸਕਦੇ ਹਨ। ਟਰਾਲੀਆਂ ’ਚੋਂ ਝੋਨਾ ਉਤਾਰਨ ਜਾਂ ਦੁਬਾਰਾ ਲੋਡ ਕਰਨਾ ਕਿਸਾਨਾਂ ਲਈ ਭਾਰੀ ਪੈ ਸਕਦਾ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਜਾਂ ਮੰਡੀ ਬੋਰਡ ਅਗਲੇ 2-3 ਦਿਨਾਂ ’ਚ ਝੋਨੇ ਦੀ ਸਰਕਾਰੀ ਖ਼ਰੀਦ ਦਾ ਪ੍ਰਬੰਧ ਯਕੀਨੀ ਬਣਾਏ ਤਾਂ ਜੋ ਮੰਡੀਆਂ ਵਿਚ ਕਿਸਾਨਾਂ ਦੀ ਖੱਜਲ-ਖੁਆਰੀ ਰੋਕੀ ਜਾ ਸਕੇ। ਇਸ ਮੌਕੇ ਜ਼ਿਲ੍ਹਾ ਮੁਹਾਲੀ ਦੇ ਪ੍ਰੈੱਸ ਸਕੱਤਰ ਹਕੀਕਤ ਸਿੰਘ ਘੜੂੰਆਂ, ਜਨਰਲ ਸਕੱਤਰ ਬਹਾਦਰ ਸਿੰਘ ਨਿਆਮੀਆਂ, ਮੀਤ ਪ੍ਰਧਾਨ ਮਨਪ੍ਰੀਤ ਸਿੰਘ ਖੇੜੀ, ਕੁਲਦੀਪ ਸਿੰਘ ਜਲਾਲਪੁਰ, ਜਰਨੈਲ ਸਿੰਘ ਦਿਆਲਪੁਰ, ਫੱਗੂ ਸਿੰਘ ਜਾਸਤਨਾ ਕਲਾਂ ਆਦਿ ਹਾਜ਼ਰ ਸਨ।