ਪੰਜਾਬੀ ਜਾਗਰਣ ਟੀਮ, ਚੰਡੀਗੜ੍ਹ/ਫਰੀਦਕੋਟ : ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਦੇ ਸੀਨੀਅਰ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਅਕਾਲੀ ਆਗੂਆਂ ਵੱਲੋਂ ਧਮਕੀਆਂ ਦਿੱਤੀਆਂ ਗਈਆਂ ਤੇ ਮਾੜੇ ਲਫ਼ਜ਼ ਬੋਲੇ ਗਏ।

ਇਸ ਨੂੰ ਲੈ ਕੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ 15 ਮਾਰਚ 2021 ਨੂੰ ਡੀਜੀਪੀ ਦਿਨਕਰ ਗੁਪਤਾ ਤੇ ਗ੍ਰਹਿ ਵਿਭਾਗ ਦੇ ਐਡੀਸ਼ਨਲ ਚੀਫ ਸਕੱਤਰ ਅਨੁਰਾਗ ਅਗਰਵਾਲ ਨੂੰ ਚਿੱਠੀ ਵੀ ਲਿਖੀ ਸੀ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਜਦੋਂ ਇਕ ਆਈਜੀ ਰੈਂਕ ਦੇ ਅਧਿਕਾਰੀ ਨੂੰ ਧਮਕੀਆਂ ਮਿਲ ਸਕਦੀਆਂ ਹਨ ਤਾਂ ਆਮ ਲੋਕਾਂ ਤੇ ਕੇਸ ਨਾਲ ਜੁੜੇ ਗਵਾਹਾਂ ਦਾ ਕੀ ਹੋਵੇਗਾ। ਮਾਨ ਨੇ ਕਿਹਾ ਕਿ ਸੂਬੇ ਦੀ ਕੈਪਟਨ ਸਰਕਾਰ ਨੂੰ ਬੇਅਦਬੀ ਮਾਮਲੇ ਨਾਲ ਜੁੜੇ ਗਵਾਹਾਂ ਨੂੰ ਸੁਰੱਖਿਆ ਪ੍ਰਦਾਨ ਕਰਨੀ ਚਾਹੀਦੀ ਹੈ।

ਮਾਨ ਨੇ ਕਿਹਾ ਕਿ ਆਈ ਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਜੋ ਚਿੱਠੀ ਲਿਖੀ ਹੈ, ਉਸ ਨਾਲ ਸ਼੍ਰੋਮਣੀ ਅਕਾਲੀ ਦਲ ਤੇ ਐੱਸਜੀਪੀਸੀ ਦੀ ਨੀਅਤ ਦਾ ਖੁਲਾਸਾ ਹੋ ਗਿਆ ਹੈ। ਇਸ ਦੇ ਬਾਅਦ ਵੀ ਕੈਪਟਨ ਅਮਰਿੰਦਰ ਸਿੰਘ ਦੀ ਚੁੱਪੀ ’ਤੇ ਸਵਾਲ ਉੱਠ ਰਹੇ ਹਨ।

ਉਧਰ ਡੀਜੀਪੀ ਤੇ ਗ੍ਰਹਿ ਵਿਭਾਗ ਦੇ ਏਸੀਐੱਸ ਨੂੰ ਚਿੱਠੀ ਲਿੱਖਣ ਦਾ ਮਾਮਲਾ ਸਾਹਮਣੇ ਆਉਣ ਨਾਲ ਇਹ ਸਾਫ ਹੋ ਗਿਆ ਹੈ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਹਾਈ ਕੋਰਟ ਵੱਲੋਂ ਜੋ ਐੱਸਆਈਟੀ ਦੀ ਰਿਪੋਰਟ ਨੂੰ ਖਾਰਜ ਕਰਨ ਤੇ ਉਨ੍ਹਾਂ ਨੂੰ ਜਾਂਚ ’ਚੋਂ ਬਾਹਰ ਰੱਖਣ ਦੇ ਫੈਸਲੇ ਦੇ ਬਾਅਦ ਭਾਵੁਕ ਹੋ ਕੇ ਅਸਤੀਫਾ ਨਹੀਂ ਦਿੱਤਾ। ਉਨ੍ਹਾਂ ਨੂੰ ਇਸ ਗੱਲ ਦਾ ਪਹਿਲਾਂ ਹੀ ਖਦਸ਼ਾ ਸੀ ਕਿ ਇਸ ਤਰ੍ਹਾਂ ਦਾ ਕੁਝ ਹੋਣ ਵਾਲਾ ਹੈ।

ਕਿਉਂਕਿ ਹਾਈ ਕੋਰਟ ਦੇ ਫੈਸਲੇ ਦੇ ਤੁਰੰਤ ਬਾਅਦ ਹੀ ਕੁੰਵਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫਾ ਸੌਂਪ ਦਿੱਤਾ ਸੀ। ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਮਨਾਉਣ ਦਾ ਯਤਨ ਵੀ ਕੀਤਾ ਗਿਆ ਪਰ ਉਹ ਨਹੀਂ ਮੰਨੇ। ਕਿਉਂਕਿ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲਰ ਤੋਂ ਪੁੱਛਗਿੱਛ ਕੀਤੀ ਸੀ, ਇਸ ਦੇ ਬਾਅਦ ਤੋਂ ਹੀ ਉਨ੍ਹਾਂ ਨੂੰ ਧਮਕੀਆਂ ਮਿਲ ਰਹੀਆਂ ਸਨ।

ਕੈਪਟਨ ’ਤੇ ਨਿਸ਼ਾਨਾ ਲਾਉਂਦੇ ਹੋਏ ਮਾਨ ਨੇ ਕਿਹਾ ਕਿ ਕੈਪਟਨ ਸਰਕਾਰ ਮਾਮਲੇ ਨੂੰ ਹਾਈ ਕੋਰਟ ਵਿਚ ਠੀਕ ਤਰ੍ਹਾਂ ਪੇਸ਼ ਕਰਨ ਵਿਚ ਨਾਕਾਮ ਰਹੀ ਹੈ। ਹੁਣ ਘੱਟੋ-ਘੱਟ ਮਾਮਲੇ ਨਾਲ ਜੁੜੇ ਗਵਾਹਾਂ ਨੂੰ ਸੁਰੱਖਿਆ ਪ੍ਰਦਾਨ ਕਰ ਦੇਣੀ ਚਾਹੀਦੀ ਹੈ। ਕਿਉਂਕਿ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਇਸ ਕੇਸ ਨਾਲ ਜੁੜੀਆਂ ਹੋਈਆਂ ਹਨ। ਮਾਨ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਚਿੱਠੀ ’ਤੇ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।

ਦੱਸਣਯੋਗ ਹੈ ਕਿ ਹਾਈ ਕੋਰਟ ਦੇ ਫੈਸਲੇ ਦੇ ਬਾਅਦ ਤੋਂ ਕੈਪਟਨ ਸਰਕਾਰ ਵਿਰੋਧੀ ਧਿਰ ਤੋਂ ਹੀ ਨਹੀਂ ਸਗੋਂ ਆਪਣਿਆਂ ਤੋਂ ਵੀ ਘਿਰੀ ਹੋਈ ਹੈ। ਦੋ ਦਿਨ ਪਹਿਲਾਂ ਫੈਸਲੇ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਸੱਦੀ ਗਈ ਮੀਟਿੰਗ ਵਿਚ ਕਾਂਗਰਸ ਦੇ ਮੰਤਰੀਆਂ ਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਖਰੀਆਂ-ਖਰੀਆਂ ਸੁਣਾ ਦਿੱਤੀਆਂ ਸਨ। ਮੁੱਖ ਮੰਤਰੀ ਦੀ ਹਾਜ਼ਰੀ ਵਿਚ ਹੀ ਅਤੁਲ ਨੰਦਾ ’ਤੇ ਇਹ ਦੋਸ਼ ਲਾਏ ਗਏ ਕਿ ਲੱਖਾਂ ਰੁਪਏ ਖਰਚ ਕਰਨ ਦੇ ਬਾਵਜੂਦ ਕੇਸ ਨੂੰ ਠੀਕ ਤਰ੍ਹਾਂ ਪੇਸ਼ ਨਹੀਂ ਕੀਤਾ ਗਿਆ।

ਉਧਰ ਹੁਣ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਚਿੱਠੀ ਦੀ ਜਾਣਕਾਰੀ ਸਾਹਮਣੇ ਆਉਣ ਦੇ ਬਾਅਦ ਪੰਜਾਬ ਸਰਕਾਰ ਲਈ ਪਰੇਸ਼ਾਨੀਆਂ ਖੜ੍ਹੀਆਂ ਹੋ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ 15 ਮਾਰਚ ਨੂੰ ਲਿਖੀ ਚਿੱਠੀ ਵਿਚ ਹੀ ਉਨ੍ਹਾਂ ਨੇ ਇਸ ਗੱਲ ਦਾ ਖਦਸ਼ਾ ਜ਼ਾਹਰ ਕੀਤਾ ਸੀ ਕਿ ਅਦਾਲਤ ਵਿਚ ਕੇਸ ਨੂੰ ਠੀਕ ਢੰਗ ਨਾਲ ਪੇਸ਼ ਨਹੀਂ ਕੀਤਾ ਜਾ ਰਿਹਾ।

Posted By: Jagjit Singh