ਕ੍ਰਿਸ਼ਨਪਾਲ ਸ਼ਰਮਾ ਸ਼੍ਰੋਅਦ ਦੇ ਮੀਤ ਪ੍ਰਧਾਨ ਨਿਯੁਕਤ, ਵਰਕਰਾਂ ’ਚ ਖੁਸ਼ੀ ਦੀ ਲਹਿਰ
ਕ੍ਰਿਸ਼ਨਪਾਲ ਸ਼ਰਮਾ ਸ਼੍ਰੋਅਦ ਦੇ ਮੀਤ ਪ੍ਰਧਾਨ ਨਿਯੁਕਤ,
Publish Date: Thu, 08 Oct 2026 08:12 PM (IST)
Updated Date: Thu, 08 Oct 2026 08:14 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਰਾਬੱਸੀ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਤੀ ਸ਼ਲਾਘਾਯੋਗ ਸੇਵਾਵਾਂ, ਸਮਰਪਣ ਅਤੇ ਲੰਮੇ ਸਮੇਂ ਤੋਂ ਨਿਭਾਈ ਜਾ ਰਹੀ ਸਰਗਰਮ ਭੂਮਿਕਾ ਨੂੰ ਮੱਦੇਨਜ਼ਰ ਰੱਖਦਿਆਂ ਕ੍ਰਿਸ਼ਨਪਾਲ ਸ਼ਰਮਾ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਇਲਾਕੇ ਦੇ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਆਪਣੀ ਨਿਯੁਕਤੀ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕ੍ਰਿਸ਼ਨਪਾਲ ਸ਼ਰਮਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਾਰਟੀ ਦੇ ਖ਼ਜ਼ਾਨਚੀ ਐੱਨਕੇ ਸ਼ਰਮਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਤੇ ਪ੍ਰਗਟਾਇਆ ਗਿਆ ਭਰੋਸਾ ਉਨ੍ਹਾਂ ਲਈ ਵੱਡੇ ਮਾਣ ਵਾਲੀ ਗੱਲ ਹੈ ਅਤੇ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਆਪਣੇ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਹੈ। ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ।