ਚੰਡੀਗੜ੍ਹ (ਪੀਟੀਆਈ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਦੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਇਹ ਜਾਣਕਾਰੀ ਸਰਕਾਰੀ ਸੂਤਰਾਂ ਨੇ ਦਿੱਤੀ। ਕੁੰਵਰ ਵਿਜੇ ਪ੍ਰਤਾਪ ਸਿੰਘ 2015 'ਚ ਕੋਟਕਪੂਰਾ ਤੇ ਬਹਿਬਲ ਕਲਾਂ ਗੋਲ਼ੀਬਾਰੀ ਮਾਮਲਿਆਂ ਦੀ ਜਾਂਚ ਲਈ ਗਠਿਤ ਐੱਸਆਈਟੀ ਦੇ ਮੁਖੀ ਸਨ। 1998 ਬੈਚ ਦੇ ਪੰਜਾਬ ਕੈਡਰ ਦੇ ਆਈਪੀਐੱਸ ਅਧਿਕਾਰੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਐੱਸਆਈਟੀ ਦੀ ਰਿਪੋਰਟ ਰੱਦ ਕਰਨ ਮਗਰੋਂ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਸਰਕਾਰੀ ਸੂਤਰਾਂ ਨੇ ਸੋਮਵਾਰ ਨੂੰ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਇੱਛੁਕ ਸੇਵਾਮੁਕਤੀ ਦੀ ਅਰਜ਼ੀ ਨੂੰ ਸਵੀਕਾਰ ਕਰ ਲਿਆ ਗਿਆ ਹੈ। ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਕੁੰਵਰ ਤੋਂ ਬਿਨਾ ਨਵੀਂ ਐੱਸਆਈਟੀ ਗਠਿਤ ਕਰਨ ਲਈ ਵੀ ਕਿਹਾ ਸੀ। ਫ਼ੈਸਲੇ ਦੀ ਕਾਪੀ ਹਾਲੇ ਤਕ ਨਹੀਂ ਮਿਲੀ।

11 ਅਪ੍ਰੈਲ ਨੂੰ ਪੰਜਾਬ ਦੇ ਮੁੱਖ ਸਕੱਤਰ ਨੂੰ ਦਿੱਤੇ ਆਪਣੇ ਅਸਤੀਫ਼ੇ 'ਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਉਹ 15 ਅਪ੍ਰੈਲ, 2021 ਤੋਂ ਆਪਣੇ ਅਹੁਦੇ ਤੋਂ ਸੇਵਾ ਮੁਕਤੀ ਲਈ ਅਰਜ਼ੀ ਦਿੰਦੇ ਹਨ। ਉਨ੍ਹਾਂ ਤਿੰਨ ਮਹੀਨੇ ਦੇ ਨੋਟਿਸ ਪੀਰੀਅਡ ਦੀ ਵੀ ਮਾਫ਼ੀ ਦੀ ਮੰਗ ਕੀਤੀ ਸੀ।

ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਉਨ੍ਹਾਂ ਦਾ ਅਸਤੀਫ਼ਾ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ ਪਰ ਆਈਜੀ ਆਪਣੇ ਸਟੈਂਡ 'ਤੇ ਅੜੇ ਰਹੇ।

16 ਅਪ੍ਰੈਲ ਨੂੰ ਉਹ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਨੂੰ ਮਿਲੇ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਨੂੰ ਅਸਤੀਫ਼ਾ ਮੰਨਣ ਲਈ ਮਨਾ ਲਿਆ ਹੈ। ਅਸਲ 'ਚ ਉਨ੍ਹਾਂ ਦੀ ਸੇਵਾ ਮੁਕਤੀ 2029 'ਚ ਹੋਣੀ ਸੀ।