- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੈਂਡਬਾਲ ’ਚ ਸੂਬਾ ਪੱਧਰ ’ਤੇ ਜੇਤੂ ਰਹੇ ਕੁਰਾਲੀ ਸਕੂਲ ਦੇ ਖਿਡਾਰੀ

ਸ੍ਰੀ ਗਣੇਸ਼, ਪੰਜਾਬੀ ਜਾਗਰਣ, ਕੁਰਾਲੀ : ਸ੍ਰੀ ਗੁਰੂ ਰਾਮ ਰਾਏ ਪਬਲਿਕ ਸਕੂਲ ਕੁਰਾਲੀ ਦੇ ਅੰਡਰ-14 ਉਮਰ ਵਰਗ ਦੇ ਵਿਦਿਆਰਥੀਆਂ ਨੇ ਹੈਂਡਬਾਲ ਦੇ ਸੂਬਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੇਤੂ ਰਹਿ ਕੇ ਸਕੂਲ, ਕੁਰਾਲੀ ਅਤੇ ਜ਼ਿਲ੍ਹਾ ਮੁਹਾਲੀ ਦਾ ਨਾਮ ਰੋਸ਼ਨ ਕੀਤਾ ਹੈ। ਤਰਨਤਾਰਨ ਵਿਖੇ ਕਰਵਾਏ ਗਏ ਇਨ੍ਹਾਂ ਸੂਬਾ ਪੱਧਰੀ ਮੁਕਾਬਲਿਆਂ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੀਆਂ ਟੀਮਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿਚ ਜ਼ਿਲ੍ਹਾ ਮੁਹਾਲੀ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕੀਤੀ। ਸਕੂਲ ਦੇ ਇਨ੍ਹਾਂ ਹੋਣਹਾਰ ਖਿਡਾਰੀਆਂ ਨੇ ਪੂਰੇ ਮੁਕਾਬਲੇ ਦੌਰਾਨ ਆਪਣੀ ਖੇਡ ਪ੍ਰਤਿਭਾ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਪੀਟੀਆਈ ਅਤੇ ਡੀਪੀ ਹਰਵਿੰਦਰ ਸਿੰਘ ਰਠੌਰ ਵੱਲੋਂ ਪਿਛਲੇ ਕਈ ਸਾਲਾ ਤੋਂ ਬੱਚਿਆਂ ਨੂੰ ਹੈਂਡਬਾਲ ਦੀ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੀ ਲਗਾਤਾਰ ਮਿਹਨਤ, ਖਿਡਾਰੀਆਂ ਪ੍ਰਤੀ ਸਮਰਪਣ ਅਤੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਤਿਆਰੀ ਦਾ ਨਤੀਜਾ ਹੈ ਕਿ ਸਕੂਲ ਦੇ ਵਿਦਿਆਰਥੀ ਜ਼ਿਲ੍ਹਾ ਅਤੇ ਸੂਬਾ ਪੱਧਰ ਦੇ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਰਹੇ ਹਨ। ਸੂਬਾ ਪੱਧਰੀ ਮੁਕਾਬਲਿਆਂ ਤੋਂ ਜਿੱਤ ਹਾਸਲ ਕਰ ਕੇ ਵਾਪਸ ਪਰਤੇ ਖਿਡਾਰੀਆਂ ਦਾ ਸਕੂਲ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਸਕੂਲ ਪ੍ਰਬੰਧਕਾਂ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਖੇਡਾਂ ਸਮੇਤ ਹਰ ਖੇਤਰ ’ਚ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਅਤੇ ਮੌਕੇ ਪ੍ਰਦਾਨ ਕਰਦਾ ਰਹੇਗਾ।