ਪਿੰਡ ਮਨਾਣਾ ਤੇ ਗੋਬਿੰਦਗੜ੍ਹ ਦੇ 704 ਲਾਭਪਾਤਰੀਆਂ ਨੂੰ ਜ਼ਮੀਨ ਮਾਲਕੀ ਦੇ ਦਸਤਾਵੇਜ਼ ਸੌਂਪੇ ਪਿੰਡ ਮਨਾਣਾ ਤੇ ਗੋਬਿੰਦਗੜ੍ਹ ਦੇ 704 ਲਾਭਪਾਤਰੀਆਂ ਨੂੰ ਜ਼ਮੀਨ ਮਾਲਕੀ ਦੇ ਦਸਤਾਵੇਜ਼ ਸੌਂਪੇ
Publish Date: Fri, 20 Nov 2026 06:58 PM (IST)
Updated Date: Fri, 20 Nov 2026 07:01 PM (IST)
‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਮੇਅਰ ਸਮਾਣਾ ਨੇ ਸੌਂਪੇ ਪ੍ਰਾਪਰਟੀ ਕਾਰਡ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਪੰਜਾਬ ਸਰਕਾਰ ਵੱਲੋਂ ਲੋਕ-ਪੱਖੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰ ਕੇ ਲੋਕਾਂ ਨੂੰ ਉਨ੍ਹਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਸ਼ੁੱਕਰਵਾਰ ਨੂੰ ‘ਮੇਰਾ ਘਰ ਮੇਰੇ ਨਾਮ’ ਸਕੀਮ ਅਧੀਨ ਮੁਹਾਲੀ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਪਿੰਡ ਮਨਾਣਾ ਅਤੇ ਗੋਬਿੰਦਗੜ੍ਹ ਦੇ ਲਾਲ ਡੋਰੇ ਅੰਦਰਲੇ 700 ਤੋਂ ਵੱਧ ਵਸਨੀਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਮਾਲਕੀ ਹੱਕਾਂ ਸਬੰਧੀ ਪ੍ਰਾਪਰਟੀ ਕਾਰਡ ਸੌਂਪੇ। ਮੇਅਰ ਸਰਬਜੀਤ ਸਮਾਣਾ ਨੇ ਪਿੰਡ ਮਨਾਣਾ ਵਿਚ 166 ਅਤੇ ਪਿੰਡ ਗੋਬਿੰਦਗੜ੍ਹ ਵਿਚ 538 ਲਾਭਪਾਤਰੀਆਂ ਨੂੰ ਜ਼ਮੀਨ ਮਾਲਕੀ ਸਬੰਧੀ ਸਰਕਾਰੀ ਦਸਤਾਵੇਜ਼ ਸੌਂਪੇ। ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਇੱਥੇ ਹੀ ਸਮਾਪਤ ਨਹੀਂ ਹੋਵੇਗੀ, ਸਗੋਂ ਆਉਣ ਵਾਲੇ ਸਮੇਂ ’ਚ ਵੀ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਮਾਲਕੀ ਹੱਕ ਦਿੱਤੇ ਜਾਂਦੇ ਰਹਿਣਗੇ। ਮੇਅਰ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਆਪਣੀਆਂ ਜਾਇਦਾਦਾਂ ਦੇ ਮਾਲਕੀ ਹੱਕ ਹਾਸਲ ਕਰਨ ਲਈ ਲੰਮਾ ਸਮਾਂ ਉਡੀਕ ਕਰਨੀ ਪਈ ਅਤੇ ਅਨੇਕਾਂ ਵਾਰ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਾਉਣੇ ਪਏ, ਪਰ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਦੀ ਇਸ ਸਮੱਸਿਆ ਨੂੰ ਸਮਝਦਿਆਂ ਉਨ੍ਹਾਂ ਨੂੰ ਮਾਲਕੀ ਹੱਕ ਦਿਵਾਉਣ ਦੀ ਪਹਿਲ ਕੀਤੀ ਹੈ ਅਤੇ ਹੁਣ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਸਬੰਧੀ ਪ੍ਰਾਪਰਟੀ ਕਾਰਡ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਲੋਕਾਂ ’ਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਨੂੰ ਸਮਝਿਆ ਜਾ ਰਿਹਾ ਹੈ ਅਤੇ ਉਸ ਅਨੁਸਾਰ ਯੋਜਨਾਵਾਂ ਬਣਾ ਕੇ ਉਨ੍ਹਾਂ ਨੂੰ ਸਮੇਂ ਸਿਰ ਲਾਗੂ ਕੀਤਾ ਜਾਂਦਾ ਹੈ। ਸਮਾਣਾ ਨੇ ਕਿਹਾ ਕਿ ਪ੍ਰਾਪਰਟੀ ਕਾਰਡ ਮਿਲਣ ਨਾਲ ਲੋਕਾਂ ਨੂੰ ਆਪਣੀ ਜਾਇਦਾਦ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ੀ ਸਬੂਤ ਮਿਲੇਗਾ। ਇਸ ਨਾਲ ਉਹ ਆਪਣੀਆਂ ਜਾਇਦਾਦਾਂ ਦੇ ਆਧਾਰ ’ਤੇ ਕਰਜ਼ਾ ਲੈਣ ਅਤੇ ਨਵੇਂ ਕਾਰੋਬਾਰ ਸ਼ੁਰੂ ਕਰਨ ਵਰਗੇ ਆਰਥਿਕ ਮੌਕਿਆਂ ਦਾ ਲਾਭ ਉਠਾ ਸਕਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਜ਼ਮੀਨਾਂ ਅਤੇ ਜਾਇਦਾਦਾਂ ਦੀ ਮਾਲਕੀ ਨੂੰ ਲੈ ਕੇ ਪੈਦਾ ਹੋਣ ਵਾਲੇ ਵਿਵਾਦਾਂ ਦਾ ਪੱਕਾ ਹੱਲ ਵੀ ਹੋਵੇਗਾ। ਇਸ ਮੌਕੇ ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਤਹਿਸੀਲਦਾਰ ਮਨਦੀਪ ਸਿੰਘ, ਪਟਵਾਰੀ ਦੌਲਤ ਰਾਮ, ਪਿੰਡ ਮਨਾਣਾ ਦੀ ਸਰਪੰਚ ਰਣਜੀਤ ਕੌਰ, ਮਨਪ੍ਰੀਤ ਸਿੰਘ ਮਨਾਣਾ, ਪਿੰਡ ਗੋਬਿੰਦਗੜ੍ਹ ਦੇ ਸਰਪੰਚ ਕਰਮਾ ਪੁਰੀ, ਜਗਜੀਤ ਸਿੰਘ ਜੱਗੀ, ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਹਮੀਦ ਖਾਨ, ਨੇਹਾ ਬਜਾਜ, ਮਨਪ੍ਰੀਤ ਸਿੰਘ ਮਨੀ, ਅਮਰਜੀਤ ਸਿੰਘ ਸਿੱਧੂ ਅਤੇ ਜੈਲੀ ਗੋਬਿੰਦਗੜ੍ਹ ਸਮੇਤ ਹੋਰ ਪਤਵੰਤੇ ਹਾਜ਼ਰ ਸਨ।