ਵਿਦਿਆਰਥੀਆਂ ਦੀ ਆਵਾਜ਼ ਚੁੱਕਣ ਵਾਲਿਆਂ 'ਤੇ ਲਾਠੀਚਾਰਜ ਲੋਕਤੰਤਰ ਦੇ ਖ਼ਿਲਾਫ਼, ਰਾਜਾ ਵੜਿੰਗ ਨੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰ ਸਰਕਾਰ 'ਤੇ ਪ੍ਰੀਖਿਆ ਪ੍ਰਣਾਲੀ ਨੂੰ ਲੈ ਕੇ ਤਿੱਖਾ ਹਮਲਾ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਿੱਧੇ ਸਵਾਲ ਕੀਤੇ ਹਨ। ਵੜਿੰਗ ਨੇ ਕਿਹਾ ਕਿ ਦੇਸ਼ ਦਾ ਯੂਥ ਪੇਪਰ ਲੀਕ ਅਤੇ ਪ੍ਰੀਖਿਆ ਘੁਟਾਲਿਆਂ ਤੋਂ ਪਰੇਸ਼ਾਨ ਹੈ ਪਰ ਕੇਂਦਰ ਸਰਕਾਰ ਜਵਾਬਦੇਹੀ ਤੋਂ ਬਚ ਰਹੀ ਹੈ। ਉਨ੍ਹਾਂ ਪੁੱਛਿਆ ਕਿ ਬੱਚਿਆਂ ਦਾ ਭਵਿੱਖ ਬਰਬਾਦ ਕਰਨ ਵਾਲੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਤੋਂ ਅਸਤੀਫ਼ਾ ਆਖਰ ਕਦੋਂ ਲਿਆ ਜਾਵੇਗਾ।
Publish Date: Thu, 23 Jul 2026 03:17 PM (IST)
Updated Date: Thu, 23 Jul 2026 03:21 PM (IST)
ਰਾਜ ਬਿਊਰੋ ਜਾਗਰਣ, ਚੰਡੀਗੜ੍ਹ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰ ਸਰਕਾਰ 'ਤੇ ਪ੍ਰੀਖਿਆ ਪ੍ਰਣਾਲੀ ਨੂੰ ਲੈ ਕੇ ਤਿੱਖਾ ਹਮਲਾ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਿੱਧੇ ਸਵਾਲ ਕੀਤੇ ਹਨ। ਵੜਿੰਗ ਨੇ ਕਿਹਾ ਕਿ ਦੇਸ਼ ਦਾ ਯੂਥ ਪੇਪਰ ਲੀਕ ਅਤੇ ਪ੍ਰੀਖਿਆ ਘੁਟਾਲਿਆਂ ਤੋਂ ਪਰੇਸ਼ਾਨ ਹੈ ਪਰ ਕੇਂਦਰ ਸਰਕਾਰ ਜਵਾਬਦੇਹੀ ਤੋਂ ਬਚ ਰਹੀ ਹੈ। ਉਨ੍ਹਾਂ ਪੁੱਛਿਆ ਕਿ ਬੱਚਿਆਂ ਦਾ ਭਵਿੱਖ ਬਰਬਾਦ ਕਰਨ ਵਾਲੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਤੋਂ ਅਸਤੀਫ਼ਾ ਆਖਰ ਕਦੋਂ ਲਿਆ ਜਾਵੇਗਾ।
ਵੜਿੰਗ ਨੇ ਦੋਸ਼ ਲਾਇਆ ਕਿ ਲਗਾਤਾਰ ਸਾਹਮਣੇ ਆ ਰਹੇ ਪੇਪਰ ਲੀਕ ਅਤੇ ਪ੍ਰੀਖਿਆ ਨਾਲ ਸਬੰਧਤ ਘੁਟਾਲਿਆਂ ਨੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਆਵਾਜ਼ ਚੁੱਕਣ ਵਾਲਿਆਂ 'ਤੇ ਲਾਠੀਚਾਰਜ ਕੀਤਾ ਗਿਆ, ਜੋ ਲੋਕਤੰਤਰੀ ਮੁੱਲਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਮੰਗ ਕੀਤੀ ਕਿ ਵਿਦਿਆਰਥੀਆਂ 'ਤੇ ਲਾਠੀਚਾਰਜ ਕਰਨ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇ।
ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਦੇਸ਼ ਦਾ ਨੌਜਵਾਨ ਹੁਣ ਬਹਾਨੇ ਨਹੀਂ, ਸਗੋਂ ਜਵਾਬਦੇਹੀ ਚਾਹੁੰਦਾ ਹੈ। ਉਨ੍ਹਾਂ ਅਨੁਸਾਰ ਵਿਦਿਆਰਥੀਆਂ ਦੀਆਂ ਤਿੰਨ ਮੁੱਖ ਮੰਗਾਂ ਹਨ:
• ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਤੁਰੰਤ ਅਹੁਦੇ ਤੋਂ ਹਟਾਇਆ ਜਾਵੇ।
• ਕੇਂਦਰ ਸਰਕਾਰ ਵਿਦਿਆਰਥੀਆਂ ਤੋਂ ਜਨਤਕ ਤੌਰ 'ਤੇ ਮਾਫ਼ੀ ਮੰਗੇ।
• ਪੇਪਰ ਲੀਕ ਅਤੇ ਪ੍ਰੀਖਿਆ ਘੁਟਾਲਿਆਂ ਲਈ ਜ਼ਿੰਮੇਵਾਰ ਸਾਰੇ ਦੋਸ਼ੀਆਂ ਖ਼ਿਲਾਫ਼ ਨਿਰਪੱਖ ਅਤੇ ਕਰੜੀ ਕਾਰਵਾਈ ਯਕੀਨੀ ਬਣਾਈ ਜਾਵੇ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜੇ ਇਸ ਗੰਭੀਰ ਮੁੱਦੇ 'ਤੇ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ।