ਜੇਐੱਨਐੱਨ, ਮੋਹਾਲੀ : ਸੂਬੇ ਦੇ ਲੋਕਾਂ ਦੀ ਆਰਥਿਕ ਸਥਿਤੀ ’ਚ ਸੁਧਾਰ ਲਿਆਉਣ ਦੇ ਨਾਲ-ਨਾਲ ਤੈਅ ਸਮੇਂ ਅੰਦਰ ਜਨਤਕ ਵੰਡ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਹ ਗੱਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿੱਚਰਵਾਰ ਨੂੰ ਮੋਹਾਲੀ ’ਚ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ 7219 ਵਾਜਬ ਦਰਾਂ ਦੀਆਂ ਦੁਕਾਨਾਂ (ਐੱਫਪੀਐੱਸ) ਦੀ ਅਲਾਟਮੈਂਟ ਲਈ ਸੂਬਾ ਪੱਧਰੀ ਯੋਜਨਾ ਦੀ ਸ਼ੁਰੂਆਤ ਦੌਰਾਨ ਕਹੀ।

ਮੁੱਖ ਮੰਤਰੀ ਵੱਲੋਂ ਸੰਕੇਤਕ ਤੌਰ ’ਤੇ ਰੂਪਨਗਰ ਦੇ ਪੁੰਜ ਲਾਭਪਾਤਰੀਆਂ ਜਤਿੰਦਰ ਪਾਲ ਸਿੰਘ, ਪੂਨਮ, ਜਸਵਿੰਦਰ ਸਿੰਘ, ਵਿਵੇਕ ਸ਼ਰਮਾ ਤੇ ਸੁਖਦੇਵ ਸਿੰਘ ਨੂੰ ਅਲਾਟਮੈਂਟ ਪੱਤਰ ਸੌਂਪੇ ਗਏ। ਮੁੱਖ ਮੰਤਰੀ ਨੇ ਅਲਾਟੀਆਂ ਨੂੰ ਕਿਹਾ ਕਿ ਗਰੀਬਾਂ ਲਈ ਆਏ ਰਾਸ਼ਨ ਨੂੰ ਗੈਰ-ਕਾਨੂੰਨੀ ਢੰਗ ਨਾਲ ਕਿਤੇ ਹੋਰ ਵਰਤਣ ਦੀ ਬਜਾਏ ਅਸਲ ਲਾਭਪਾਤਰੀਆਂ ਨੂੰ ਰਾਸ਼ਨ ਦੀ ਵੰਡ ਨੂੰ ਯਕੀਨੀ ਬਣਾਉਣ।

ਕੈਪਟਨ ਨੇ ਕਿਹਾ ਕਿ ਇਸ ਸਕੀਮ ਨਾਲ ਸੂਬੇ ’ਚ ਲਗਪਗ 30 ਹਜ਼ਾਰ ਲਾਭਪਾਤਰੀਆਂ (ਔਸਤਨ ਚਾਰ ਮੈਂਬਰਾਂ ਵਾਲੇ ਪਰਿਵਾਰ) ਨੂੰ ਲਾਭ ਮਿਲੇਗਾ। ਮੁੱਖ ਮੰਤਰੀ ਨੇ ਰਾਸ਼ਨ ਡੀਪੂ ਧਾਰਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਮੁਫ਼ਤ ਅਨਾਜ ਦੀ ਬੇਰੋਕ ਸਪਲਾਈ ਯਕੀਨੀ ਬਣਾਉਣ ਲਈ ਲਾਕਡਾਊਨ ਦੌਰਾਨ ਆਪਣੇ ਡੀਪੂਆਂ ਨੂੰ ਕਾਰਜਸ਼ੀਲ ਰੱਖਿਆ ਤੇ ਕੋਰੋਨਾ ਖ਼ਿਲਾਫ਼ ਸਰਕਾਰ ਦੀ ਲੜਾਈ ’ਚ ਯੋਗਦਾਨ ਪਾਇਆ।

ਸੂਬਾਈ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਦੀ ਸਮੇਂ ’ਤੇ ਲਿਫਟਿੰਗ, ਖ਼ਰੀਦ ਤੇ ਅਦਾਇਗੀ ਨੂੰ ਯਕੀਨੀ ਬਣਾਇਆ ਹੈ। ਈ-ਪੀਓਐੱਸ ਮਸ਼ੀਨਾਂ ਤੋਂ ਇਲਾਵਾ ਸਮਾਰਟ ਰਾਸ਼ਨ ਕਾਰਡ ਸੂਬਾ ਸਰਕਾਰ ਵੱਲੋਂ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ’ਚੋਂ ਇਕ ਹਨ। ਉਨ੍ਹਾਂ ਕਿਹਾ ਕਿ ਸਹਿਕਾਰੀ ਸੁਸਾਈਟੀਆਂ ਨੂੰ ਵੀ ਰਾਸ਼ਨ ਡੀਪੂਆਂ ਦੀ ਅਲਾਟਮੈਂਟ ਦਾ ਲਾਭ ਦਿੱਤਾ ਜਾਣਾ ਚਾਹੀਦਾ ਹੈ।

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਇਹ ਮਹੱਤਵਪੂਰਨ ਪਹਿਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਚੰਗੇ ਮੌਕੇ ਪ੍ਰਦਾਨ ਕਰੇਗੀ। ਇਸ ਦੌਰਾਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੋਂ ਇਲਾਵਾ ਪ੍ਰਸ਼ਾਸਨਕ ਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

Posted By: Jagjit Singh