ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਵਿਡ ਮਹਾਮਾਰੀ ਦੇ ਮੱਦੇਨਜ਼ਰ ਘਰ-ਘਰ ਰੁਜ਼ਗਾਰ ਅਤੇ ਕਰੋਬਾਰ ਮਿਸ਼ਨ ਨੂੰ ਡਿਜੀਟਲ ਮਾਧਿਅਮ ਰਾਹੀਂ ਚਲਾਉਣ ਦਾ ਫੈਸਲਾ ਕੀਤਾ ਹੈ।

ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਰੁਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਰਥ ਵਿਵਸਥਾ ਦੇ ਖੁੱਲ੍ਹਣ ਅਤੇ ਲਾਕਡਾਊਨ ਦੀਆਂ ਬੰਦਿਸ਼ਾਂ ਵਿੱਚ ਢਿੱਲ ਦੇ ਨਾਲ ਨੌਕਰੀ ਤਲਾਸ਼ ਰਹੇ ਨੌਜਵਾਨਾਂ ਅਤੇ ਨਿਯੋਜਕ (ਕੰਮ ਦੇਣ ਵਾਲੇ ) ਦੋਹਾਂ ਦੇ ਫ਼ਾਇਦੇ ਲਈ ਰੁਜ਼ਗਾਰ ਉੱਤਪਤੀ ਤੇ ਹੁਨਰ ਵਿਕਾਸ ਅਤੇ ਸਿਖਲਾਈ ਵਾਸਤੇ ਵਧੇਰੇ ਸਰਗਰਮ ਪਹੁੰਚ ਅਪਣਾਉਣ ਦੀ ਲੋੜ ਹੈ। ਇਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਨੇ ਡੀ.ਬੀ.ਈ.ਈਜ਼ ਰਾਹੀਂ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਦਾ ਫੈਸਲਾ ਲਿਆ ਹੈ।

ਮੰਤਰੀ ਨੇ ਦੱਸਿਆ ਕਿ ਹਰੇਕ ਜ਼ਿਲ੍ਹੇ ਦੇ ਡਿਸਟ੍ਰਿਕਟ ਬਿਊਰੋ ਆਫ਼ ਇੰਪਲਾਇਮੈਂਟ ਐਂਡ ਇੰਟਰਪ੍ਰਾਇਜ਼ ਨੇ ਨੌਕਰੀਆਂ ਤਲਾਸ਼ ਰਹੇ ਪੜ੍ਹੇ-ਲਿਖੇ / ਘੱਟ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਲਈ ਆਨ ਲਾਈਨ ਵੈੱਬ ਲਿੰਕ ਸ਼ੁਰੂ ਕੀਤਾ ਹੈ। ਇਸੇ ਤਰ੍ਹਾਂ ਕੰਮ ਲਈ ਕਰਮਚਾਰੀਆਂ ਦੀ ਭਾਲ ਕਰ ਰਹੇ ਨਿਯੋਜਕਾਂ ਦੀ ਰਜਿਸਟ੍ਰੇਸ਼ਨ ਲਈ ਵੀ ਵੈਬ ਲਿੰਕ ਤਿਆਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਬੀਡੀਪੀਓਜ਼, ਸਰਪੰਚਾਂ, ਪੰਚਾਇਤ ਸੱਕਤਰਾਂ ਆਦਿ ਦੁਆਰਾ ਘੋਸ਼ਣਾਵਾਂ ਨਾਲ ਸਿੱਖਿਆ / ਤਕਨੀਕੀ ਸੰਸਥਾਵਾਂ, ਸੀ.ਐਸ.ਸੀ / ਵੀ.ਐਲ.ਈ.ਐਸ ਜ਼ਰੀਏ ਨੌਕਰੀ ਤਲਾਸ਼ ਰਹੇ ਨੌਜਵਾਨਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।ਇਸੇ ਤਰ੍ਹਾਂ ਉਦਯੋਗ, ਕਿਰਤ, ਸਿਹਤ, ਤਕਨੀਕੀ ਸਿੱਖਿਆ, ਸਹਿਕਾਰਤਾ, ਰੱਖਿਆ ਭਲਾਈ ਵਿਭਾਗ ਦੇ ਸਹਿਯੋਗ ਨਾਲ ਰੋਜ਼ਗਾਰਦਾਤਿਆਂ ਦੀ ਭਾਲ ਕੀਤੀ ਜਾ ਰਹੀ ਹੈ।

ਸ੍ਰੀ ਚੰਨੀ ਨੇ ਅੱਗੇ ਕਿਹਾ ਕਿ ਇਸੇ ਤਰ੍ਹਾਂ ਵਿਭਾਗ ਹਰ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸਬੰਧੀ ਆਨ ਲਾਈਨ ਸਹਾਇਤਾ ਵੀ ਪ੍ਰਦਾਨ ਕਰ ਰਿਹਾ ਹੈ ਅਤੇ ਸਵੈ-ਰੁਜ਼ਗਾਰ ਦੀ ਤਲਾਸ਼ ਕਰ ਰਹੇ ਬੇਰੁਜ਼ਗਾਰਾਂ ਦੀ ਰਜਿਸਟ੍ਰੇਸ਼ਨ ਲਈ ਲਿੰਕ ਤਿਆਰ ਕੀਤਾ ਗਿਆ ਹੈ। ਇਹ ਲਿੰਕ ਜ਼ਿਲ੍ਹੇ ਵਿਚ ਚੱਲ ਰਹੀਆਂ ਲੋਨ ਸਕੀਮਾਂ ਵਿੱਚ ਬਿਨੈਕਾਰ ਦੀ ਰੁਚੀ ਰਜਿਸਟਰ ਕਰਨ ਦੀ ਸਹੂਲਤ ਪ੍ਰਦਾਨ ਕਰਦਾ ਹੈ। ਇਨ੍ਹਾਂ ਸਕੀਮਾਂ ਵਿੱਚ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਲੀਡ ਬੈਂਕ ਦੀਆਂ ਸਵੈ-ਰੁਜ਼ਗਾਰ ਸਕੀਮਾਂ ਸ਼ਾਮਲ ਹਨ।

ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਰੁਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੀਆਂ ਆਨਲਾਈਨ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀਬੀਈਈਜ਼ ਨੇ ਨੌਕਰੀ ਲਈ ਸਹਾਇਤਾ, ਕਰੀਅਰ ਕੌਂਸਲਿੰਗ, ਸਵੈ ਰੁਜ਼ਗਾਰ, ਮੈਨੂਅਲ ਰਜਿਸਟ੍ਰੇਸ਼ਨ ਅਤੇ ਪੁੱਛਗਿੱਛ ਲਈ ਇੱਕ ਮੋਬਾਈਲ ਹੈਲਪਲਾਈਨ ਵੀ ਸ਼ੁਰੂ ਕੀਤੀ ਹੈ। ਉਕਤ ਵਿਅਕਤੀ ਸਰਕਾਰੀ ਕੰਮਕਾਜ ਦੇ ਦਿਨਾਂ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਦੇ ਵਿਚਕਾਰ ਜ਼ਿਲ੍ਹਾ ਜਾਂ ਮੁੱਖ ਦਫਤਰ ਦੀ ਹੈਲਪਲਾਈਨ `ਤੇ ਕਾਲ ਕਰ ਸਕਦੇ ਹਨ।

Posted By: Jagjit Singh