ਪੰਜਾਬ ’ਚ ਬੇਅਦਬੀ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ ਹੋਰ ਸਖ਼ਤ : ਸਪੀਕਰ ਸੰਧਵਾਂ
ਪੰਜਾਬ ਵਿਚ ਬੇਅਦਬੀ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ ਹੋਰ ਸਖ਼ਤ: ਸਪੀਕਰ ਸੰਧਵਾਂ,
Publish Date: Mon, 13 Apr 2026 06:30 PM (IST)
Updated Date: Mon, 13 Apr 2026 06:34 PM (IST)

- ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ’ਚ ਟੇਕਿਆ ਮੱਥਾ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਸੂਬੇ ਵਿਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨੀ ਢਾਂਚੇ ਅਤੇ ਨਿਆਂ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਨਵਾਂ ਬਿੱਲ ਲਿਆਂਦਾ ਜਾ ਰਿਹਾ ਹੈ। ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਸੋਮਵਾਰ ਨੂੰ ਮੁਹਾਲੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸਪੀਕਰ ਸੰਧਵਾਂ ਨੇ ਸੰਗਤ ਨੂੰ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖ਼ਾਲਸਾ ਪੰਥ ਦੀ ਸਾਜਨਾ ਅਤੇ ਪੰਜ ਪਿਆਰਿਆਂ ਦੀ ਰਚਨਾ ਨਾਲ ਸਿੱਖਾਂ ਨੂੰ ਇਕ ਵਿਲੱਖਣ ਪਛਾਣ ਮਿਲੀ, ਜੋ ‘ਸਰਬੱਤ ਦਾ ਭਲਾ’ ਦੇ ਸਿਧਾਂਤ ’ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਖ਼ਾਲਸਾ ਸਾਜਨਾ ਦਿਵਸ ਕੋਈ ਆਮ ਘਟਨਾ ਨਹੀਂ ਹੈ, ਸਗੋਂ ਇਹ ਕੌਮ ਲਈ ਇਕ ਮੀਲ ਪੱਥਰ ਹੈ। ਬੇਅਦਬੀ ਦੇ ਸੰਵੇਦਨਸ਼ੀਲ ਮਾਮਲੇ ’ਤੇ ਸੰਧਵਾਂ ਨੇ ਕਿਹਾ ਕਿ ਪਿਛਲੀਆਂ ਘਟਨਾਵਾਂ ਨੇ ਸਿੱਖ ਸੰਗਤ ਦੇ ਮਨਾਂ ਵਿਚ ਡੂੰਘੀ ਪੀੜ ਪੈਦਾ ਕੀਤੀ ਹੈ। ਜਿਸ ਦੇ ਜ਼ਖ਼ਮ ਅੱਜ ਵੀ ਹਰੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਪਰ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਹੋਰ ਸਖ਼ਤ ਕਾਨੂੰਨੀ ਪ੍ਰਬੰਧਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਵਿਚ ਬੇਅਦਬੀਆਂ ਦੀਆਂ ਘਟਨਾਵਾਂ ਵਾਪਰੀਆਂ ਹਨ। ਜਿਸ ਨਾਲ ਸਮੁੱਚੀ ਮਨੁੱਖਤਾ ਦੇ ਹਿਰਦੇ ਵਲੂੰਧਰੇ ਗਏ ਪਰ ਉਸ ਸਮੇਂ ਦੇ ਹਾਕਮਾਂ ਨੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਸਪੀਕਰ ਨੇ ਬਹਿਬਲ ਕਲਾਂ ਅਤੇ ਬਰਗਾੜੀ ਮਾਮਲਿਆਂ ਬਾਰੇ ਅਪਡੇਟ ਦਿੰਦਿਆਂ ਦੱਸਿਆ ਕਿ ਲਗਭਗ ਸਾਰੇ ਮਾਮਲਿਆਂ ਦੀ ਜਾਂਚ ਮੁਕੰਮਲ ਹੋ ਚੁੱਕੀ ਹੈ। ਇਕ ਮਾਮਲੇ ਤੋਂ ਇਲਾਵਾ ਬਾਕੀ ਸਾਰੇ ਮਾਮਲਿਆਂ ਸਬੰਧੀ ਚਾਲਾਨ ਅਦਾਲਤ ਵਿਚ ਪੇਸ਼ ਕਰ ਦਿੱਤੇ ਗਏ ਹਨ। ਇਹ ਸਾਰੇ ਮਾਮਲੇ ਹੁਣ ਅਦਾਲਤੀ ਵਿਚਾਰ ਅਧੀਨ ਹਨ। ਐੱਸਜੀਪੀਸੀ ਵੱਲੋਂ ਉਠਾਏ ਗਏ ਇਤਰਾਜ਼ਾਂ ਬਾਰੇ ਪੁੱਛੇ ਜਾਣ ’ਤੇ ਸਪੀਕਰ ਸੰਧਵਾਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਇਨ੍ਹਾਂ ਮਸਲਿਆਂ ਨੂੰ ਸੁਲਝਾਉਣ ਲਈ ਉਨ੍ਹਾਂ ਕੋਲ ਕਾਫ਼ੀ ਮੌਕੇ ਸਨ। ਜਿਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਨਿਆਂ ਨਹੀਂ ਦਿੱਤਾ, ਉਨ੍ਹਾਂ ਨੂੰ ਹੁਣ ਮੌਜੂਦਾ ਕੋਸ਼ਿਸ਼ਾਂ ਵਿਚ ਰੁਕਾਵਟ ਪਾਉਣ ਦਾ ਕੋਈ ਹੱਕ ਨਹੀਂ ਹੈ। ਅਖੀਰ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਉਮੀਦ ਜਤਾਈ ਕਿ ਪੰਜਾਬ ਵਿਧਾਨ ਸਭਾ ਦੇ ਸਾਰੇ ਮੈਂਬਰ, ਪਾਰਟੀ ਪੱਧਰ ਤੋਂ ਉਪਰ ਉੱਠ ਕੇ ਇਸ ਵਿਸ਼ੇਸ਼ ਬਿੱਲ ਨੂੰ ਇਕਸੁਰਤਾ ਨਾਲ ਪਾਸ ਕਰਨਗੇ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਆਪਸੀ ਸਾਂਝ, ਅਮਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਬਹੁਤ ਜ਼ਰੂਰੀ ਹੈ।