ਗਮਾਡਾ ਦੇ 15,000 ਕਰੋੜ ਦੇ ਕਰਜ਼ੇ 'ਤੇ ਕਾਨੂੰਨੀ ਸ਼ਿਕੰਜਾ: ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ ਪੰਜਾਬ ਸਰਕਾਰ ਵੱਲੋਂ ਲਗਾਤਾਰ ਕਰਜ਼ਾ ਚੁੱਕਣ ਦਾ ਮੁੱਦਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਲੁਧਿਆਣਾ ਵਾਸੀ ਜਸਕੀਰਤ ਸਿੰਘ ਨੇ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਰਾਹੀਂ ਲਗਭਗ 15,000 ਕਰੋੜ ਰੁਪਏ ਦਾ ਕਰਜ਼ਾ ਲੈਣ ਦੀ ਪ੍ਰਕਿਰਿਆ ਨੂੰ ਚੁਣੌਤੀ ਦਿੰਦੇ ਹੋਏ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਪੰਜਾਬ ਸਰਕਾਰ ਕਰਜ਼ੇ ਲੈ ਰਹੀ ਹੈ, ਪਰ ਇਸ ਪੈਸੇ ਦੀ ਵਰਤੋਂ ਵਿੱਚ ਕੋਈ ਪਾਰਦਰਸ਼ਤਾ ਨਹੀਂ ਹੈ।
Publish Date: Tue, 15 Sep 2026 09:55 AM (IST)
Updated Date: Tue, 15 Sep 2026 09:56 AM (IST)
ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਲਗਾਤਾਰ ਕਰਜ਼ਾ ਚੁੱਕਣ ਦਾ ਮੁੱਦਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਲੁਧਿਆਣਾ ਵਾਸੀ ਜਸਕੀਰਤ ਸਿੰਘ ਨੇ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਰਾਹੀਂ ਲਗਭਗ 15,000 ਕਰੋੜ ਰੁਪਏ ਦਾ ਕਰਜ਼ਾ ਲੈਣ ਦੀ ਪ੍ਰਕਿਰਿਆ ਨੂੰ ਚੁਣੌਤੀ ਦਿੰਦੇ ਹੋਏ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਪੰਜਾਬ ਸਰਕਾਰ ਕਰਜ਼ੇ ਲੈ ਰਹੀ ਹੈ, ਪਰ ਇਸ ਪੈਸੇ ਦੀ ਵਰਤੋਂ ਵਿੱਚ ਕੋਈ ਪਾਰਦਰਸ਼ਤਾ ਨਹੀਂ ਹੈ।
ਪਟੀਸ਼ਨਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ ਦੇ ਮਹਾਲੇਖਾਕਾਰ (ਅਕਾਊਂਟੈਂਟ ਜਨਰਲ) ਨੇ ਵੀ ਰਾਜ ਸਰਕਾਰ ਦੀ ਵਿੱਤੀ ਸਥਿਤੀ ਅਤੇ ਕਰਜ਼ੇ ਨਾਲ ਸਬੰਧਤ ਮਾਮਲਿਆਂ ਬਾਰੇ ਸਵਾਲ ਉਠਾਏ ਹਨ। ਪਟੀਸ਼ਨ ’ਚ ਤਜਵੀਜ਼ਤ 15,000 ਕਰੋੜ ਰੁਪਏ ਦੇ ਖਰਚੇ ਬਾਰੇ ਸਪੱਸ਼ਟ ਵੇਰਵਿਆਂ ਦੀ ਘਾਟ ਦਾ ਮੁੱਦਾ ਚੁੱਕਿਆ ਗਿਆ ਹੈ।
ਮਾਮਲੇ ਦੀ ਸੁਣਵਾਈ ਦੌਰਾਨ ਸਰਕਾਰ ਨੇ ਪਟੀਸ਼ਨ ਦੀ ਵੈਧਤਾ ’ਤੇ ਇਤਰਾਜ਼ ਜਤਾਇਆ, ਪਰ ਹਾਈ ਕੋਰਟ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਅਤੇ ਸਰਕਾਰ ਨੂੰ ਵਿਸਥਾਰਤ ਜਾਣਕਾਰੀ ਪ੍ਰਦਾਨ ਕਰਨ ਲਈ ਕਿਹਾ। ਅਦਾਲਤ ਨੇ ਟਿੱਪਣੀ ਕੀਤੀ ਕਿ ਇਹ ਜਨਤਕ ਅਤੇ ਟੈਕਸਕਾਰਾਂ ਦਾ ਪੈਸਾ ਹੈ, ਇਸ ਲਈ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇੰਨੀ ਵੱਡੀ ਰਕਮ ਕਿਸ ਮਕਸਦ ਲਈ ਇਕੱਠੀ ਕੀਤੀ ਜਾ ਰਹੀ ਹੈ। ਅਗਲੀ ਸੁਣਵਾਈ ਮੰਗਲਵਾਰ ਨੂੰ ਹੋਵੇਗੀ।