ਕਿਸਾਨਾਂ ਦੀਆਂ ਮੰਗਾਂ ਸਬੰਧੀ ਡੀਸੀ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਮੰਗ ਪੱਤਰ
ਕਿਸਾਨਾਂ ਦੀਆਂ ਮੰਗਾਂ ਸਬੰਧੀ ਡੀਸੀ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਮੰਗ ਪੱਤਰ
Publish Date: Mon, 06 Apr 2026 07:52 PM (IST)
Updated Date: Mon, 06 Apr 2026 07:55 PM (IST)

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਦੇ ਕਿਸਾਨਾਂ ਦੀਆਂ ਅਹਿਮ ਮੰਗਾਂ ਸਬੰਧੀ ਸੋਮਵਾਰ ਨੂੰ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਭੇਜਿਆ ਗਿਆ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਡੀਸੀ ਦਫ਼ਤਰ ਦੇ ਬਾਹਰ ਇਕੱਠੇ ਹੋਏ ਅਤੇ ਕਿਸਾਨਾਂ ਦੀਆਂ ਭੱਖਵੀਆਂ ਮੰਗਾਂ ਬਾਰੇ ਚਰਚਾ ਕਰਨ ਉਪਰੰਤ ਮੁਹਾਲੀ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ, ਜ਼ਿਲ੍ਹਾ ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ, ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਹੈਪੀ, ਡਕੌਂਡਾ ਜਥੇਬੰਦੀ ਦੇ ਸਕੱਤਰ ਅੰਗਰੇਜ਼ ਸਿੰਘ ਨੇ ਕਿਹਾ ਕਿ ਖੇਤੀ ਖੇਤਰ ਗੰਭੀਰ ਸੰਕਟ ਦਾ ਸ਼ਿਕਾਰ ਹੈ ਅਤੇ ਇਸ ਦੇ ਬਹੁਪਰਤੀ ਹੋਣ ਕਾਰਨ ਸੂਬੇ ਦੀ ਆਰਥਿਕਤਾ ਅਤੇ ਸਮਾਜਿਕ ਜੀਵਨ ਉੱਪਰ ਵਿਆਪਕ ਪ੍ਰਭਾਵ ਪੈ ਰਿਹਾ ਹੈ। ਕਿਸਾਨਾਂ, ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਦੇ ਨਾਲ-ਨਾਲ ਹਵਾ, ਪਾਣੀ ਦੂਸ਼ਿਤ ਅਤੇ ਜ਼ਮੀਨ ਬੰਜਰ ਹੁੰਦੀ ਜਾ ਰਹੀ ਹੈ। ਕੈਂਸਰ ਅਤੇ ਕਾਲਾ ਪੀਲੀਆਂ ਵਰਗੀਆਂ ਬਿਮਾਰੀਆਂ ਦਾ ਕਹਿਰ ਵੀ ਵੱਧਦਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕੀਤਾ ਜਾਵੇ। ਸੰਸਥਾਗਤ ਕਰਜ਼ ਲੈਣ ਸਮੇਂ ਲਾਗੂ ਜਟਲ ਪ੍ਰਣਾਲੀ ਨੂੰ ਖ਼ਤਮ ਕੀਤਾ ਜਾਵੇ। ਪੁਰਾਣੇ ਚੱਲ ਰਹੇ ਸਾਰੇ ਕੋਰਟ ਕੇਸ ਵਾਪਸ ਲਏ ਜਾਣ। ਸਹਿਕਾਰੀ ਅਤੇ ਲੈਂਡ ਮਾਰਗੇਜ਼ ਬੈਂਕਾਂ ਵਿਚ ਵੀ ਵਨ ਟਾਈਮ ਸੈਟਲਮੈਂਟ ਸਕੀਮ ਲਾਗੂ ਕੀਤੀ ਜਾਵੇ। ਇਹ ਵੀ ਮੰਗ ਕੀਤੀ ਗਈ ਹੈ ਕਿ ਕਰਜ਼ੇ ਅਤੇ ਆਰਥਿਕ ਤੰਗੀਆਂ ਤੋਂ ਖ਼ੁਦਕੁਸ਼ੀਆਂ ਦਾ ਸ਼ਿਕਾਰ ਹੋਏ ਪੀੜਤ ਕਿਸਾਨਾਂ-ਮਜ਼ਦੂਰਾਂ ਦੇ ਵਾਰਸਾਂ ਨੂੰ 10 ਲੱਖ ਰੁਪਏ ਦੀ ਮਾਲੀ ਸਹਾਇਤਾ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਸਰਕਾਰੀ, ਸਹਿਕਾਰੀ ਅਤੇ ਪ੍ਰਾਈਵੇਟ ਕਰਜ਼ੇ ਸਮੇਤ ਸਮੁੱਚੇ ਕਰਜ਼ੇ ’ਤੇ ਮਾਫ਼ੀ ਦੀ ਲਕੀਰ ਮਾਰੀ ਜਾਵੇ। ਪੰਜਾਬ ਵਿਚ ਪਾਣੀ ਦੇ ਲਗਾਤਾਰ ਵੱਧਦੇ ਸੰਕਟ ਦੇ ਹੱਲ ਲਈ ਪਾਣੀ ਦੀ ਸਾਂਭ-ਸੰਭਾਲ ਅਤੇ ਸ਼ੁੱਧਤਾ ਲਈ ਠੋਸ ਕਦਮ ਚੁੱਕੇ ਜਾਣ। ਜੰਗਲੀ ਰਕਬਾ ਵਧਾਉਣ ਲਈ ਰੁੱਖ ਲਗਾਉਣ ਦੇ ਕੰਮ ਨੂੰ ਉਤਸ਼ਾਹਿਤ ਕੀਤਾ ਜਾਵੇ। ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਸਾਰੀਆਂ ਫ਼ਸਲਾਂ, ਫ਼ਲਾਂ, ਸਬਜ਼ੀਆਂ ਅਤੇ ਬਾਸਮਤੀ ਦੀ 20-50 ਫ਼ੀਸਦੀ ਫਾਰਮੂਲੇ ਨਾਲ ਐੱਮਐੱਸਪੀ ’ਤੇ ਖ਼ਰੀਦ ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇ। ਇਸ ਮੌਕੇ ਡਕੌਂਦਾ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ, ਦਰਸ਼ਨ ਸਿੰਘ ਦਰਾਲੀ ਬਲਾਕ ਪ੍ਰਧਾਨ ਲੱਖੋਵਾਲ, ਕੁਲਵੰਤ ਸਿੰਘ ਚਿੱਲਾ, ਇਕਬਾਲ ਸਿੰਘ ਬੈਰੋਂਪੁਰ, ਯਾਦਵਿੰਦਰ ਸ਼ਰਮਾ ਕਰਾਲਾ, ਅਮਰਜੀਤ ਸਿੰਘ ਸੁਖਗੜ੍ਹ, ਗੁਰਵਿੰਦਰ ਸਿੰਘ ਸਿਆਊ, ਹਰਜੀਤ ਸਿੰਘ ਸਿਆਊ, ਸੁਰਿੰਦਰ ਸਿੰਘ ਬਨੂੜ, ਕੇਸਰ ਸਿੰਘ, ਗੁਰਨਾਮ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ।