ਕਾਰੋਬਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ, ਜਲਦੀ ਹੱਲ ਕਰਵਾਉਣ ਦਾ ਭਰੋਸਾ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ, ਜਲਦੀ ਹੱਲ ਕਰਵਾਉਣ ਦਾ ਭਰੋਸਾ
Publish Date: Mon, 02 Nov 2026 07:28 PM (IST)
Updated Date: Mon, 02 Nov 2026 07:29 PM (IST)
-ਸਹਾਇਕ ਕਮਿਸ਼ਨਰ (ਜਨਰਲ) ਦੀ ਮੌਜੂਦਗੀ ’ਚ ਕੀਤੀ ਲੰਬਿਤ ਮਾਮਲਿਆਂ ਦੀ ਸਮੀਖਿਆ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਆਪਣੇ ਕਾਰੋਬਾਰ ਦੌਰਾਨ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਲਈ ਸੋਮਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਵੱਲੋਂ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਦੀ ਮੌਜੂਦਗੀ ਵਿਚ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਗਮਾਡਾ, ਸਥਾਨਕ ਸਰਕਾਰਾਂ ਵਿਭਾਗ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਗੱਲਬਾਤ ਕੀਤੀ ਗਈ। ਵਿਚਾਰ-ਵਟਾਂਦਰੇ ਦੌਰਾਨ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਲੋੜੀਂਦੀ ਕਾਰਵਾਈ ਕਰਨ ਸਬੰਧੀ ਚਰਚਾ ਕੀਤੀ ਗਈ। ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਨੇ ਕਿਹਾ ਕਿ ਵਪਾਰੀ ਅਤੇ ਕਾਰੋਬਾਰੀ ਵਰਗ ਜ਼ਿਲ੍ਹੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਲਈ ਉਨ੍ਹਾਂ ਨੂੰ ਆਪਣੇ ਕਾਰੋਬਾਰ ਚਲਾਉਣ ਸਮੇਂ ਆਉਣ ਵਾਲੀਆਂ ਮੁਸ਼ਕਲਾਂ ਦਾ ਸਮੇਂ ਸਿਰ ਹੱਲ ਕਰਨਾ ਜ਼ਰੂਰੀ ਹੈ। ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਪਾਰੀਆਂ ਵੱਲੋਂ ਉਠਾਏ ਜਾਂਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਵਿਚਾਰਨ ਅਤੇ ਨਿਯਮਾਂ ਅਨੁਸਾਰ ਉਨ੍ਹਾਂ ਦੇ ਢੁੱਕਵੇਂ ਹੱਲ ਲਈ ਯਤਨ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਨਾਲ ਵਪਾਰੀਆਂ ਨੂੰ ਪੇਸ਼ ਆਉਣ ਵਾਲੀਆਂ ਪ੍ਰਸ਼ਾਸਨਿਕ ਅਤੇ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਵਿੱਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਅਤੇ ਕਾਰੋਬਾਰੀਆਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਸਬੰਧਤ ਵਿਭਾਗਾਂ ਨਾਲ ਲਗਾਤਾਰ ਤਾਲਮੇਲ ਰੱਖਿਆ ਜਾਵੇਗਾ। ਮੀਟਿੰਗ ਵਿਚ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਮੁਹਾਲੀ ਦੇ ਚੇਅਰਮੈਨ ਅਕਵਿੰਦਰ ਸਿੰਘ ਗੋਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵਪਾਰੀਆਂ ਦੇ ਨੁਮਾਇੰਦੇ ਹਾਜ਼ਰ ਸਨ।