ਸਥਾਨਕ ਚੋਣਾਂ ਦੇ ਨਤੀਜੇ ਮਾਨ ਸਰਕਾਰ ਦੇ ਵਿਕਾਸ ਕਾਰਜਾਂ 'ਤੇ ਲੋਕਾਂ ਦੀ ਮੋਹਰ: ਬਲਤੇਜ ਪੰਨੂ ਆਮ ਆਦਮੀ ਪਾਰਟੀ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਹਾਲ ਹੀ ਵਿੱਚ ਹੋਈਆਂ ਸਥਾਨਕ ਚੋਣਾਂ ਦੇ ਨਤੀਜਿਆਂ 'ਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਜਿੱਤ ਸਾਬਤ ਕਰਦੀ ਹੈ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਕਾਜ ਤੋਂ ਸੰਤੁਸ਼ਟ ਹਨ।
Publish Date: Tue, 07 Jul 2026 07:56 AM (IST)
Updated Date: Tue, 07 Jul 2026 07:59 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ। ਆਮ ਆਦਮੀ ਪਾਰਟੀ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਹਾਲ ਹੀ ਵਿੱਚ ਹੋਈਆਂ ਸਥਾਨਕ ਚੋਣਾਂ ਦੇ ਨਤੀਜਿਆਂ 'ਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਜਿੱਤ ਸਾਬਤ ਕਰਦੀ ਹੈ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਕਾਜ ਤੋਂ ਸੰਤੁਸ਼ਟ ਹਨ।
ਪੰਨੂ ਨੇ ਕਿਹਾ ਕਿ ਮਾਨ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਦੇਖਦਿਆਂ ਹੋਸ਼ਿਆਰਪੁਰ, ਜਲਾਲਾਬਾਦ ਅਤੇ ਮਮਦੋਟ ਦੇ ਲੋਕਾਂ ਨੇ ਸਥਾਨਕ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਸਪੱਸ਼ਟ ਫ਼ਤਵਾ ਦਿੱਤਾ ਹੈ।
ਉਨ੍ਹਾਂ ਸ਼੍ਰੋਮਣੀ ਅਕਾਲੀ ਦਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਲਾਲਾਬਾਦ, ਜੋ ਕਦੇ ਸੁਖਬੀਰ ਸਿੰਘ ਬਾਦਲ ਦਾ ਲੋਕ ਸਭਾ ਅਤੇ ਵਿਧਾਨ ਸਭਾ ਹਲਕਾ ਰਿਹਾ ਹੈ, ਉੱਥੇ ਦੋ ਵੱਡੇ ਰੋਡ ਸ਼ੋਅ ਕਰਨ ਦੇ ਬਾਵਜੂਦ ਅਕਾਲੀ ਦਲ ਨੂੰ ਸਿਰਫ਼ ਇੱਕ ਸੀਟ ਨਾਲ ਸੰਤੁਸ਼ਟ ਹੋਣਾ ਪਿਆ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਹੁਣ ਭਾਈ-ਭਤੀਜਾਵਾਦ ਅਤੇ ਖੋਖਲੇ ਦਾਅਵਿਆਂ ਲਈ ਕੋਈ ਥਾਂ ਨਹੀਂ ਹੈ।
ਬਲਤੇਜ ਪੰਨੂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਜਾਗਰੂਕ ਵੋਟਰਾਂ ਨੇ ਇੱਕ ਵਾਰ ਫਿਰ ਕਾਂਗਰਸ, ਅਕਾਲੀ ਦਲ ਅਤੇ 'ਡਬਲ ਇੰਜਣ' ਦਾ ਨਾਅਰਾ ਦੇਣ ਵਾਲੀ ਭਾਜਪਾ ਨੂੰ ਆਈਨਾ ਵਿਖਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਛਵੀ ਨੂੰ ਖ਼ਰਾਬ ਕਰਨ ਲਈ ਕੀਤੇ ਜਾ ਰਹੇ ਵਿਰੋਧੀ ਧਿਰ ਦੇ ਪ੍ਰਚਾਰ ਨੂੰ ਲੋਕਾਂ ਨੇ ਰੱਦ ਕਰ ਦਿੱਤਾ ਹੈ।