ਮਹਿਲਾ ਕਾਂਗਰਸ ਵੱਲੋਂ ਜੰਤਰ-ਮੰਤਰ ਘਟਨਾ ਖ਼ਿਲਾਫ਼ ਰੋਸ ਪ੍ਰਦਰਸ਼ਨ ਔਰਤਾਂ ਦੀ ਸੁਰੱਖਿਆ ’ਤੇ ਗੰਭੀਰ ਸਵਾਲ : ਮਹਿਲਾ ਕਾਂਗਰਸ ਵੱਲੋਂ ਜੰਤਰ-ਮੰਤਰ ਘਟਨਾ ਖ਼ਿਲਾਫ਼ ਰੋਸ ਪ੍ਰਦਰਸ਼ਨ
Publish Date: Mon, 05 Oct 2026 06:26 PM (IST)
Updated Date: Mon, 05 Oct 2026 06:29 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਮੁਹਾਲੀ : ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਜੀਤ ਕੌਰ ਦੀ ਅਗਵਾਈ ਹੇਠ ਸੋਮਵਾਰ ਨੂੰ ਮਹਿਲਾ ਕਾਂਗਰਸ ਦੀਆਂ ਵਰਕਰਾਂ ਵੱਲੋਂ ਜੰਤਰ-ਮੰਤਰ, ਦਿੱਲੀ ਵਿਖੇ ਵਾਪਰੀ ਕਥਿਤ ਘਟਨਾ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਘਟਨਾ ਦੌਰਾਨ ਮਹਿਲਾਵਾਂ ਅਤੇ ਮਹਿਲਾ ਪੱਤਰਕਾਰਾਂ ਨਾਲ ਦਿੱਲੀ ਪੁਲਿਸ ਦੇ ਕੁਝ ਕਰਮਚਾਰੀਆਂ ਵੱਲੋਂ ਕਥਿਤ ਤੌਰ ’ਤੇ ਬਦਸਲੂਕੀ, ਸਰੀਰਕ ਛੇੜਛਾੜ ਅਤੇ ਜਿਨਸੀ ਦੁਰਵਿਵਹਾਰ ਕੀਤਾ ਗਿਆ। ਮਹਿਲਾ ਕਾਂਗਰਸ ਨੇ ਇਸ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੀ ਮੰਗ ਕੀਤੀ। ਬਲਜੀਤ ਕੌਰ ਨੇ ਕਿਹਾ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਵੀ ਬੀਜੇਪੀ ਸਰਕਾਰ ਦੇ ਰਾਜ ਹੇਠ ਔਰਤਾਂ ਦੀ ਸੁਰੱਖਿਆ ’ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਜੇਕਰ ਦੇਸ਼ ਦੀ ਰਾਜਧਾਨੀ ਵਿਚ ਹੀ ਮਹਿਲਾਵਾਂ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਾ ਕਰਨ, ਤਾਂ ਇਹ ਬੇਹੱਦ ਚਿੰਤਾਜਨਕ ਸਥਿਤੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਇੱਜ਼ਤ ਅਤੇ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਮਹਿਲਾ ਪੱਤਰਕਾਰਾਂ ਨੂੰ ਆਪਣੀ ਡਿਊਟੀ ਨਿਭਾਉਂਦੇ ਸਮੇਂ ਡਰ, ਦਬਾਅ ਜਾਂ ਕਿਸੇ ਵੀ ਤਰ੍ਹਾਂ ਦੇ ਦੁਰਵਿਵਹਾਰ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। ਮਹਿਲਾ ਕਾਂਗਰਸ ਨੇ ਸਪੱਸ਼ਟ ਕੀਤਾ ਕਿ ਮਹਿਲਾਵਾਂ ਦੀ ਸੁਰੱਖਿਆ, ਸਨਮਾਨ ਅਤੇ ਅਧਿਕਾਰਾਂ ਦੀ ਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।