- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਆਗੂ ਨੇ ਕਿਹਾ ਕਿ ਜੇਕਰ ਐੱਫਬੀਆਈ ਨੇ ਨਾਗਰਾ ਦਾ ਨਾਂ ਜਨਤਕ ਨਾ ਕੀਤਾ ਹੁੰਦਾ ਤਾਂ ਸਰਕਾਰ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਾ ਕਰਦੀ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਗੈਂਗਸਟਰਾਂ ਦੇ ਮੁੱਦੇ 'ਤੇ ਲਗਾਤਾਰ ਚੁੱਪੀ ਧਾਰੀ ਬੈਠੀ ਹੈ, ਜਦਕਿ ਹੁਣ ਸਾਹਮਣੇ ਆਏ ਘਟਨਾਕ੍ਰਮ ਨੇ ਕਈ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

Inspector Gurinderjit Singh Nagra Arrest : ਰੋਹਿਤ ਕੁਮਾਰ, ਚੰਡੀਗੜ੍ਹ: ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਹਨ। ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਜਾਰੀ ਆਪਣੇ ਬਿਆਨ 'ਚ ਮਜੀਠੀਆ ਨੇ ਦਾਅਵਾ ਕੀਤਾ ਕਿ ਸਰਕਾਰ ਨੇ ਇਹ ਕਾਰਵਾਈ ਉਦੋਂ ਕੀਤੀ, ਜਦੋਂ ਅਮਰੀਕੀ ਜਾਂਚ ਏਜੰਸੀ ਐੱਫਬੀਆਈ ਨੇ ਕਥਿਤ ਫਿਰੌਤੀ ਮਾਮਲੇ 'ਚ ਨਾਗਰਾ ਦਾ ਨਾਂ ਜਨਤਕ ਕੀਤਾ। ਉਨ੍ਹਾਂ ਕਿਹਾ ਕਿ ਹੁਣ ਸਿਰਫ਼ ਗ੍ਰਿਫ਼ਤਾਰੀ ਨਾਲ ਗੱਲ ਨਹੀਂ ਬਣੇਗੀ, ਸਗੋਂ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰ ਕੇ ਪੂਰੇ ਨੈੱਟਵਰਕ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ।
ਮਜੀਠੀਆ ਨੇ ਦੋਸ਼ ਲਗਾਇਆ ਕਿ ਗੁਰਿੰਦਰਜੀਤ ਸਿੰਘ ਨਾਗਰਾ ਉਹੀ ਇੰਸਪੈਕਟਰ ਹਨ, ਜਿਨ੍ਹਾਂ ਦਾ ਨਾਂ FBI ਨੇ ਕਥਿਤ ਚਾਰ ਲੱਖ ਡਾਲਰ ਦੀ ਫਿਰੌਤੀ ਮਾਮਲੇ 'ਚ ਲਿਆ ਸੀ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਇਹੀ ਅਧਿਕਾਰੀ ਬੇਅਦਬੀ ਮਾਮਲੇ 'ਚ ਐੱਫਆਈਆਰ ਦਰਜ ਕਰਨ ਵਾਲੇ ਅਧਿਕਾਰੀ ਸਨ, ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਜਨਤਕ ਤੌਰ 'ਤੇ ਉਨ੍ਹਾਂ ਦਾ ਸਮਰਥਨ ਕੀਤਾ ਸੀ।
ਅਕਾਲੀ ਆਗੂ ਨੇ ਕਿਹਾ ਕਿ ਜੇਕਰ ਐੱਫਬੀਆਈ ਨੇ ਨਾਗਰਾ ਦਾ ਨਾਂ ਜਨਤਕ ਨਾ ਕੀਤਾ ਹੁੰਦਾ ਤਾਂ ਸਰਕਾਰ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਾ ਕਰਦੀ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਗੈਂਗਸਟਰਾਂ ਦੇ ਮੁੱਦੇ 'ਤੇ ਲਗਾਤਾਰ ਚੁੱਪੀ ਧਾਰੀ ਬੈਠੀ ਹੈ, ਜਦਕਿ ਹੁਣ ਸਾਹਮਣੇ ਆਏ ਘਟਨਾਕ੍ਰਮ ਨੇ ਕਈ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਮਜੀਠੀਆ ਨੇ ਮੰਗ ਕੀਤੀ ਕਿ ਇੰਸਪੈਕਟਰ ਨਾਗਰਾ ਤੋਂ ਪੁੱਛਗਿੱਛ ਕਰ ਕੇ ਕਥਿਤ ਫਿਰੌਤੀ ਤੇ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਕਰਵਾਈ ਜਾਣੀ ਚਾਹੀਦੀ ਹੈ, ਤਾਂ ਜੋ ਇਹ ਵੀ ਸਪੱਸ਼ਟ ਹੋ ਸਕੇ ਕਿ ਕੀ ਇਸ ਕਥਿਤ ਨੈੱਟਵਰਕ ਦਾ ਕਿਸੇ ਸਿਆਸੀ ਵਿਅਕਤੀ ਨਾਲ ਕੋਈ ਸਬੰਧ ਸੀ।
ਮਜੀਠੀਆ ਨੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਉਠਾਉਂਦੇ ਹੋਏ ਕਿਹਾ ਕਿ ਸੂਬੇ 'ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਸ ਪੂਰੇ ਮਾਮਲੇ 'ਤੇ ਜਵਾਬ ਦੇਣ ਦੀ ਮੰਗ ਕੀਤੀ। ਉੱਧਰ, ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਮਾਮਲੇ ਦੀ ਜਾਂਚ ਜਾਰੀ ਹੈ। ਪੁਲਿਸ ਵੱਲੋਂ ਹਾਲੇ ਤੱਕ ਜਾਂਚ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ।