ਪੰਜਾਬ ਦੀ ਸਿਆਸਤ 'ਚ ਇਤਿਹਾਸਕ ਮੋੜ, ਅਕਾਲੀ-ਭਾਜਪਾ ਗਠਜੋੜ ਦਾ ਰਸਮੀ ਐਲਾਨ; 8 ਦਸੰਬਰ ਨੂੰ ਮੋਗਾ 'ਚ ਹੋਵੇਗੀ ਪਹਿਲੀ ਵੱਡੀ ਸਾਂਝੀ ਰੈਲੀ ਗੁਰਪੁਰਬ ਦੇ ਮੌਕੇ ’ਤੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਗਠਜੋੜ ਦਾ ਐਲਾਨ ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੋਵਾਂ ਪਾਰਟੀਆਂ ਵੱਲੋਂ ਮਿਲ ਕੇ ਚੋਣ ਲੜਨ ਦਾ ਐਲਾਨ ਕੀਤਾ। ਗਠਜੋੜ ਦੇ ਐਲਾਨ ਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 8 ਦਸੰਬਰ ਨੂੰ ਮੋਗਾ ਵਿੱਚ ਹੋਣ ਵਾਲੀ ਰੈਲੀ ਨੂੰ ਲੈ ਕੇ ਵੱਡਾ ਸਿਆਸੀ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਜਯੰਤੀ ਮੌਕੇ ਮੋਗਾ ਵਿੱਚ ਰੈਲੀ ਕੀਤੀ ਜਾਵੇਗੀ ਅਤੇ ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਣਗੇ। ਗਠਜੋੜ ਤੋਂ ਬਾਅਦ ਦੋਵਾਂ ਪਾਰਟੀਆ
Publish Date: Tue, 24 Nov 2026 01:28 PM (IST)
Updated Date: Tue, 24 Nov 2026 01:29 PM (IST)
ਰੋਹਿਤ ਕੁਮਾਰ, ਚੰਡੀਗੜ੍ਹ - ਗੁਰਪੁਰਬ ਦੇ ਮੌਕੇ ’ਤੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਗਠਜੋੜ ਦਾ ਐਲਾਨ ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੋਵਾਂ ਪਾਰਟੀਆਂ ਵੱਲੋਂ ਮਿਲ ਕੇ ਚੋਣ ਲੜਨ ਦਾ ਐਲਾਨ ਕੀਤਾ। ਗਠਜੋੜ ਦੇ ਐਲਾਨ ਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 8 ਦਸੰਬਰ ਨੂੰ ਮੋਗਾ ਵਿੱਚ ਹੋਣ ਵਾਲੀ ਰੈਲੀ ਨੂੰ ਲੈ ਕੇ ਵੱਡਾ ਸਿਆਸੀ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਜਯੰਤੀ ਮੌਕੇ ਮੋਗਾ ਵਿੱਚ ਰੈਲੀ ਕੀਤੀ ਜਾਵੇਗੀ ਅਤੇ ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਣਗੇ। ਗਠਜੋੜ ਤੋਂ ਬਾਅਦ ਦੋਵਾਂ ਪਾਰਟੀਆਂ ਦੀ ਇਹ ਪਹਿਲੀ ਵੱਡੀ ਸਾਂਝੀ ਸਿਆਸੀ ਸਰਗਰਮੀ ਹੋਵੇਗੀ।
ਸੁਖਬੀਰ ਬਾਦਲ ਨੇ ਗਠਜੋੜ ਦੀ ਵਾਪਸੀ ਨੂੰ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਵੱਲੋਂ 1996 ਵਿੱਚ ਸ਼ੁਰੂ ਕੀਤੇ ਗਏ ਰਿਸ਼ਤੇ ਦੀ ਮੁੜ ਬਹਾਲੀ ਦੱਸਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 106 ਸਾਲ ਪੁਰਾਣੀ ਪਾਰਟੀ ਹੈ ਅਤੇ ਦੇਸ਼ ਦੀ ਆਜ਼ਾਦੀ ਵਿੱਚ ਇਸ ਦਾ ਵੱਡਾ ਯੋਗਦਾਨ ਰਿਹਾ ਹੈ। ਪਾਰਟੀ ਹਮੇਸ਼ਾ ਗਰੀਬਾਂ, ਮਜ਼ਲੂਮਾਂ ਅਤੇ ਮਜ਼ਦੂਰਾਂ ਦੇ ਮੁੱਦਿਆਂ ’ਤੇ ਆਵਾਜ਼ ਉਠਾਉਂਦੀ ਰਹੀ ਹੈ। ਐਮਰਜੈਂਸੀ ਦੌਰਾਨ ਵਿਰੋਧ ਦਾ ਪਹਿਲਾ ਮੋਰਚਾ ਵੀ ਅਕਾਲੀ ਦਲ ਨੇ ਹੀ ਲਾਇਆ ਸੀ।
ਉਨ੍ਹਾਂ ਕਿਹਾ ਕਿ ਇਹ ਰਿਸ਼ਤਾ ਸਿਆਸੀ ਗਠਜੋੜ ਤੋਂ ਵਧ ਕੇ ਪਰਿਵਾਰ ਵਰਗਾ ਸੀ। ਉਨ੍ਹਾਂ ਨੂੰ ਖੁਸ਼ੀ ਹੈ ਕਿ ਦੋਵੇਂ ਪਾਰਟੀਆਂ ਮੁੜ ਇਕੱਠੀਆਂ ਹੋਈਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਜਿਸ ਤਰ੍ਹਾਂ ਉਨ੍ਹਾਂ ਦੇ ਪਿਤਾ ਨੇ ਪੰਜਾਬ ਵਿੱਚ ਅਮਨ-ਸ਼ਾਂਤੀ ਬਣਾਈ ਰੱਖੀ, ਭਾਈਚਾਰਾ ਕਾਇਮ ਰੱਖਿਆ ਅਤੇ ਸਾਰੇ ਧਰਮਾਂ ਦੇ ਲੋਕਾਂ ਨੂੰ ਨਾਲ ਲੈ ਕੇ ਚੱਲੇ, ਉਸੇ ਤਰ੍ਹਾਂ ਉਹ ਵੀ ਪੰਜਾਬ ਦੀ ਸੇਵਾ ਕਰਨਗੇ।
ਪੰਜਾਬ ਨੂੰ ਗੈਂਗਸਟਰਾਂ ਅਤੇ ਡਰੱਗ ਮਾਫੀਆ ਤੋਂ ਬਚਾਉਣ ਦੀ ਗੱਲ ਸੁਖਬੀਰ ਬਾਦਲ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ’ਤੇ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪਿਛਲੇ ਦਸ ਸਾਲਾਂ ਵਿੱਚ ਪੰਜ ਸਾਲ ਕਾਂਗਰਸ ਅਤੇ ਪੰਜ ਸਾਲ ਆਮ ਆਦਮੀ ਪਾਰਟੀ ਦੀ ਸਰਕਾਰ ਰਹੀ, ਪਰ ਸੂਬੇ ਵਿੱਚ ਵਿਕਾਸ ਨਹੀਂ ਹੋਇਆ। ਉਨ੍ਹਾਂ ਮੁਤਾਬਕ ਪੰਜਾਬ ਵਿੱਚ ਗੈਂਗਸਟਰਾਂ ਅਤੇ ਡਰੱਗ ਮਾਫੀਆ ਦਾ ਰਾਜ ਚੱਲ ਰਿਹਾ ਹੈ। ਵਪਾਰੀਆਂ ਅਤੇ ਆਮ ਲੋਕਾਂ ਦੇ ਮਨਾਂ ਵਿੱਚ ਡਰ ਪੈਦਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਮਜ਼ਦੂਰਾਂ ਨੂੰ ਬਚਾਉਣ ਦੇ ਨਾਲ-ਨਾਲ ਵਪਾਰੀਆਂ ਦੇ ਮਨਾਂ ਵਿੱਚੋਂ ਡਰ ਖ਼ਤਮ ਕਰਨ ਦੀ ਲੋੜ ਹੈ।
ਸੁਖਬੀਰ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਕਈ ਮੁੱਦੇ ਹਨ ਅਤੇ ਸਿੱਖ ਕੌਮ ਦੇ ਵੀ ਵੱਡੇ ਮਸਲੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਰੋਸਾ ਦਿੱਤਾ ਹੈ ਕਿ ਬੈਠ ਕੇ ਇਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ ਅਤੇ ਦੇਸ਼ ਦੀ ਸੁਰੱਖਿਆ ਵਿੱਚ ਇੱਥੋਂ ਦੇ ਕਿਸਾਨਾਂ ਅਤੇ ਸੈਨਿਕਾਂ ਨੇ ਹਮੇਸ਼ਾ ਅਹਿਮ ਭੂਮਿਕਾ ਨਿਭਾਈ ਹੈ।
ਮਹਾਰਾਜਾ ਰਣਜੀਤ ਸਿੰਘ ਦੇ ਸੁਸ਼ਾਸਨ ਦਾ ਸੰਦੇਸ਼ ਅੱਗੇ ਵਧਾਵਾਂਗੇ: ਨਿਤਿਨ ਨਬੀਨ
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਨਿਆਂ ਅਤੇ ਸੁਸ਼ਾਸਨ ਦਾ ਜੋ ਮੰਤਰ ਦਿੱਤਾ ਸੀ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਮਿਲ ਕੇ ਉਸ ਸੰਦੇਸ਼ ਨੂੰ ਅੱਗੇ ਵਧਾਉਣਗੇ। ਉਨ੍ਹਾਂ ਹਿੰਦੂ-ਸਿੱਖ ਏਕਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ 1675 ਵਿੱਚ ਗੁਰੂ ਤੇਗ ਬਹਾਦਰ ਜੀ ਨੇ ਕਸ਼ਮੀਰੀ ਪੰਡਿਤਾਂ ਦੀ ਰੱਖਿਆ ਅਤੇ ਧਾਰਮਿਕ ਆਜ਼ਾਦੀ ਲਈ ਆਪਣੇ ਪ੍ਰਾਣਾਂ ਦੀ ਆਹੂਤੀ ਦਿੱਤੀ ਸੀ। ਦੋਵੇਂ ਪਾਰਟੀਆਂ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਅਤੇ ਉਨ੍ਹਾਂ ਦੇ ਸੰਦੇਸ਼ ਨੂੰ ਲੈ ਕੇ ਸਮਾਜ ਅਤੇ ਪੰਜਾਬ ਦੇ ਲੋਕਾਂ ਵਿਚਕਾਰ ਜਾਣਗੀਆਂ।
ਨਬੀਨ ਨੇ ਕਿਹਾ ਕਿ ਗਠਜੋੜ ਨਸ਼ਾ ਮੁਕਤ ਪੰਜਾਬ ਬਣਾਉਣ, ਨੌਜਵਾਨਾਂ ਨੂੰ ਸੂਬੇ ਵਿੱਚ ਹੀ ਰੁਜ਼ਗਾਰ ਦੇਣ, ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਵਿਕਾਸਮੁਖੀ ਸਰਕਾਰ ਬਣਾਉਣ ਦਾ ਸੰਕਲਪ ਲਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਿੱਖ ਸਮਾਜ ਦੇ ਸਨਮਾਨ ਅਤੇ ਪੰਜਾਬ ਦੇ ਵਿਕਾਸ ਲਈ ਲਗਾਤਾਰ ਯੋਗਦਾਨ ਪਾਇਆ ਹੈ।
31 ਦਸੰਬਰ 2029 ਤੱਕ ਨਸ਼ਾ ਮੁਕਤ ਪੰਜਾਬ ਦਾ ਟੀਚਾ
ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ੇ ਅਤੇ ਭ੍ਰਿਸ਼ਟਾਚਾਰ ਦਾ ਖ਼ਾਤਮਾ ਕਰਨਾ ਅਤੇ ਰਾਸ਼ਟਰਵਾਦੀ ਤਾਕਤਾਂ ਨੂੰ ਮਜ਼ਬੂਤ ਕਰਨਾ ਗਠਜੋੜ ਦੇ ਮੁੱਖ ਟੀਚੇ ਹੋਣਗੇ। ਉਨ੍ਹਾਂ ਦਾਅਵਾ ਕੀਤਾ ਕਿ 31 ਦਸੰਬਰ 2029 ਤੱਕ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀਆਂ ਸਮੱਸਿਆਵਾਂ, ਪੰਜਾਬ ਦੇ ਆਰਥਿਕ ਵਿਕਾਸ ਅਤੇ ਨੌਜਵਾਨਾਂ ਦੇ ਰੁਜ਼ਗਾਰ ਨੂੰ ਲੈ ਕੇ ਨਿਤਿਨ ਨਬੀਨ ਅਤੇ ਸੁਖਬੀਰ ਬਾਦਲ ਵਿਚਾਲੇ ਤਿੰਨ ਮਹੀਨਿਆਂ ਤੱਕ ਚਰਚਾ ਤੋਂ ਬਾਅਦ ਰੋਡਮੈਪ ਤਿਆਰ ਕੀਤਾ ਗਿਆ ਹੈ। NDA ਦੀ ਸਰਕਾਰ ਬਣਨ ’ਤੇ ਇਸੇ ਰੋਡਮੈਪ ਦੇ ਆਧਾਰ ’ਤੇ ਕੰਮ ਕੀਤਾ ਜਾਵੇਗਾ।