ਬੀਬੀ ਜਗੀਰ ਕੌਰ ਦੀ ਅੱਜ ਸ਼੍ਰੋਮਣੀ ਅਕਾਲੀ ਦਲ ’ਚ ਵਾਪਸੀ, ਨਰਮ ਪਏ ਬਾਗ਼ੀ ਤੇਵਰ; ਸੁਖਬੀਰ ਬਾਦਲ ਬੇਗੋਵਾਲ ’ਚ ਪਾਰਟੀ ’ਚ ਕਰਵਾਉਣਗੇ ਸ਼ਾਮਲ ਅਗਸਤ 2025 ਵਿੱਚ ਗਠਿਤ ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜੀਤ) ਨੂੰ ਅਲਵਿਦਾ ਕਹਿਣ ਤੋਂ ਬਾਅਦ ਅੱਜ ਐਤਵਾਰ ਨੂੰ ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ (ਸ਼ਿਅਦ) ਵਿੱਚ ਵਾਪਸੀ ਕਰਨ ਜਾ ਰਹੇ ਹਨ। ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਬਰਜਿੰਦਰ ਸਿੰਘ ਬਰਾੜ ਵਰਗੇ ਦਿੱਗਜ ਆਗੂਆਂ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੋਂ ਬਾਅਦ ਹੁਣ ਦੁਪਹਿਰ 2 ਵਜੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਖ਼ੁਦ ਬੀਬੀ ਜਗੀਰ ਕੌਰ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਕਰਵਾਉਣਗੇ।
Publish Date: Sun, 15 Nov 2026 01:01 PM (IST)
Updated Date: Sun, 15 Nov 2026 01:02 PM (IST)
ਰਾਜ ਬਿਊਰੋ, ਚੰਡੀਗੜ੍ਹ - ਅਗਸਤ 2025 ਵਿੱਚ ਗਠਿਤ ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜੀਤ) ਨੂੰ ਅਲਵਿਦਾ ਕਹਿਣ ਤੋਂ ਬਾਅਦ ਅੱਜ ਐਤਵਾਰ ਨੂੰ ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ (ਸ਼ਿਅਦ) ਵਿੱਚ ਵਾਪਸੀ ਕਰਨ ਜਾ ਰਹੇ ਹਨ। ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਬਰਜਿੰਦਰ ਸਿੰਘ ਬਰਾੜ ਵਰਗੇ ਦਿੱਗਜ ਆਗੂਆਂ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੋਂ ਬਾਅਦ ਹੁਣ ਦੁਪਹਿਰ 2 ਵਜੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਖ਼ੁਦ ਬੀਬੀ ਜਗੀਰ ਕੌਰ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਕਰਵਾਉਣਗੇ।
ਅੱਜ ਦੁਪਹਿਰ ਕਰੀਬ 2 ਵਜੇ ਸੁਖਬੀਰ ਬਾਦਲ ਬੇਗੋਵਾਲ ਪਹੁੰਚ ਰਹੇ ਹਨ। ਇੱਥੇ ਅਧਿਕਾਰਤ ਤੌਰ ’ਤੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਜਾਵੇਗਾ। ਧਿਆਨ ਰਹੇ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਆਗੂ ਪਾਰਟੀ ਵਿੱਚ ਵਾਪਸ ਪਰਤਣਗੇ।
ਜਨਮ ਤੋਂ ਅਕਾਲੀ ਹਾਂ ਅਤੇ ਅਕਾਲੀ ਹੀ ਰਹਾਂਗੀ ਹਾਲ ਹੀ ਵਿੱਚ ਬੀਬੀ ਜਗੀਰ ਕੌਰ ਨੇ ਵੀ ਕਿਹਾ ਸੀ ਕਿ ਚੋਣ ਲੜਨ ਲਈ ਉਨ੍ਹਾਂ ਨੂੰ ਮਜ਼ਬੂਤ ਸਿਆਸੀ ਸਮਰਥਨ ਦੀ ਲੋੜ ਹੈ। ਆਪਣੇ ਸਾਥੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਉਨ੍ਹਾਂ ਦਾ ਕਹਿਣਾ ਸੀ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜੀਤ) ਅਜਿਹਾ ਢਾਂਚਾ ਨਹੀਂ ਦਿੰਦਾ, ਜਿਸ ’ਤੇ ਚੋਣ ਲੜਨ ਲਈ ਭਰੋਸਾ ਕੀਤਾ ਜਾ ਸਕੇ। ਉਨ੍ਹਾਂ ਮੁਤਾਬਕ, ਉਨ੍ਹਾਂ ਦੇ ਸਮਰਥਕ ਨਹੀਂ ਚਾਹੁੰਦੇ ਕਿ ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ।
ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਸੀ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨਹੀਂ ਛੱਡਿਆ ਸੀ, ਸਗੋਂ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢਿਆ ਗਿਆ ਸੀ। ਉਨ੍ਹਾਂ ਨੇ ਆਪਣੀ ਵਾਪਸੀ ਦੇ ਸੰਕੇਤ ਉਦੋਂ ਹੀ ਦੇ ਦਿੱਤੇ ਸਨ, ਜਦੋਂ ਉਨ੍ਹਾਂ ਕਿਹਾ ਸੀ ਕਿ ਉਹ ਜਨਮ ਤੋਂ ਹੀ ਅਕਾਲੀ ਹਨ ਅਤੇ ਅਕਾਲੀ ਹੀ ਰਹਿਣਗੇ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ, ਭਾਜਪਾ ਜਾਂ ਆਮ ਆਦਮੀ ਪਾਰਟੀ ਵਿੱਚ ਜਾਣ ਤੋਂ ਇਨਕਾਰ ਕੀਤਾ ਸੀ, ਪਰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦਾ ਸਮਰਥਨ ਵੀ ਕੀਤਾ ਸੀ।
ਭੁਲੱਥ ਦੀ ਸਾਬਕਾ ਵਿਧਾਇਕ ਅਤੇ ਲੁਬਾਣਾ ਭਾਈਚਾਰੇ ਵਿੱਚ ਚੰਗੀ ਪਕੜ ਰੱਖਣ ਵਾਲੀ ਬੀਬੀ ਜਗੀਰ ਕੌਰ ਦਾ ਬੇਗੋਵਾਲ, ਭੁਲੱਥ ਅਤੇ ਕਪੂਰਥਲਾ ਸਮੇਤ ਦੋਆਬਾ ਖੇਤਰ ਵਿੱਚ ਆਪਣਾ ਕੇਡਰ ਹੈ। ਇੱਥੇ 2022 ਦੀਆਂ ਚੋਣਾਂ ਵਿੱਚ ਅਕਾਲੀ ਦਲ ਨੂੰ ਕੋਈ ਸਫ਼ਲਤਾ ਨਹੀਂ ਮਿਲੀ ਸੀ।
ਕੀ ਬੀਬੀ ਜਗੀਰ ਕੌਰ ਬਣਨਗੇ SGPC ਪ੍ਰਧਾਨ?
ਖ਼ਾਸ ਗੱਲ ਇਹ ਹੈ ਕਿ 20 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੀ ਚੋਣ ਹੋਣੀ ਹੈ। ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਚੋਣ ਮੈਦਾਨ ਵਿੱਚ ਹਨ। ਇਸ ਦੇ ਨਾਲ ਹੀ ਚਰਚਾ ਇਹ ਵੀ ਹੈ ਕਿ ਬੀਬੀ ਜਗੀਰ ਕੌਰ ਵੀ ਪ੍ਰਧਾਨਗੀ ਦੀ ਦੌੜ ਵਿੱਚ ਸ਼ਾਮਲ ਹਨ।
2025 ਦੀ ਚੋਣ ਵਿੱਚ ਧਾਮੀ ਨੂੰ ਕੁੱਲ 142 ਵਿੱਚੋਂ 107 ਵੋਟਾਂ ਮਿਲੀਆਂ ਸਨ, ਜਦਕਿ ਬੀਬੀ ਜਗੀਰ ਕੌਰ ਨੂੰ 33 ਵੋਟਾਂ ਪ੍ਰਾਪਤ ਹੋਈਆਂ ਸਨ। ਹਾਲਾਂਕਿ ਬੀਬੀ ਜਗੀਰ ਕੌਰ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦਾ ਧਿਆਨ ਵਿਧਾਨ ਸਭਾ ਚੋਣਾਂ ’ਤੇ ਹੈ, ਪਰ SGPC ਵਿੱਚ ਉਨ੍ਹਾਂ ਦੀ ਭੂਮਿਕਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।