ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : 'ਕਾਮਯਾਬ ਕਿਸਾਨ, ਖੁਸ਼ਹਾਲ ਪੰਜਾਬ' ਮਿਸ਼ਨ ਹੇਠ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਆਮਦਨ ਵਿਚ ਸੁਧਾਰ ਲਿਆਉਣ ਅਤੇ ਭਵਿੱਖ ਲਈ ਵਾਤਾਵਰਣ ਸੰਤੁਲਨ ਨੂੰ ਸਲਾਮਤ ਰੱਖਣ ਦੀ ਲੋੜ ਉੱਤੇ ਜ਼ੋਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਤਿੰਨ ਸਾਲਾਂ ਲਈ 3780 ਕਰੋੜ ਦੀ ਲਾਗਤ ਨਾਲ 'ਕਾਮਯਾਬ ਕਿਸਾਨ, ਖੁਸ਼ਹਾਲ ਪੰਜਾਬ' ਮਿਸ਼ਨ ਦੀ ਸ਼ੁਰੂਆਤ ਕੀਤੀ ਹੈ।

ਖੇਤੀਬਾੜੀ, ਬਾਗਬਾਨੀ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਦੇ ਕੰਮ-ਕਾਜ ਦਾ ਵਰਚੂਅਲ ਤੌਰ ਜਾਇਜ਼ਾ ਲੈਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਕੋਲ ਖੇਤੀਬਾੜੀ ਦਾ ਮਹਿਕਮਾ ਵੀ ਹੈ, ਨੇ ਖੇਤੀਬਾੜੀ ਸੈਕਟਰ ਵਿਚ ਵੱਖ-ਵੱਖ ਸਰਕਾਰੀ ਸਕੀਮਾਂ ਨੂੰ ਜੋੜਨ ਦੀ ਅਹਿਮੀਅਤ ਉਤੇ ਜ਼ੋਰ ਦਿੱਤਾ।

ਮੁੱਖ ਮੰਤਰੀ ਨੇ ਬਾਗਬਾਨੀ ਵਿਭਾਗ ਨੂੰ ਮੌਜੂਦਾ ਸਿਟਰਸ ਅਸਟੇਟਾਂ ਨੂੰ ਹੋਰ ਮਜ਼ਬੂਤ ਕਰਨ ਲਈ ਆਖਿਆ ਤਾਂ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ ਵੱਡੀ ਪੱਧਰ ਉਤੇ ਫਲਾਂ ਦਾ ਉਤਪਾਦਨ ਕਰਨ ਲਈ ਢੁਕਵੀਂ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਕਿਨੂੰ, ਅਮਰੂਦ, ਲੀਚੀ ਵਰਗੀਆਂ ਵੱਧ ਕੀਮਤ ਵਾਲੀਆਂ ਬਾਗਬਾਨੀ ਫ਼ਸਲਾਂ ਦੇ ਉਤਪਾਦਨ ਨਾਲ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵੱਲ ਮੋੜਿਆ ਜਾ ਸਕੇਗਾ। ਇਸੇ ਦੌਰਾਨ ਉਨ੍ਹਾਂ ਨੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਸਾਂਝੇ ਤੌਰ ਉਤੇ ਕਿਸਾਨਾਂ ਲਈ ਪਾਸਾਰ ਪ੍ਰੋਗਰਾਮਾਂ ਦੀ ਸ਼ੁਰੂਆਤ ਕਰਨ ਲਈ ਆਖਿਆ ਤਾਂ ਕਿ ਕਿਸਾਨਾਂ ਨੂੰ ਸਬਜ਼ੀਆਂ ਦੇ ਉਤਪਾਦਨ ਲਈ ਉਤਸ਼ਾਹਤ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਵਿਗਿਆਨੀਆਂ, ਮਾਹਿਰਾਂ ਤੋਂ ਇਲਾਵਾ ਅਗਾਂਹਵਧੂ ਕਿਸਾਨਾਂ ਦੇ ਵਫ਼ਦ ਨੂੰ ਖੇਤੀਬਾੜੀ ਵਿਕਾਸ ਅਤੇ ਜਲ ਪ੍ਰਬੰਧ ਮਾਡਲ ਦਾ ਅਧਿਐਨ ਕਰਨ ਲਈ ਇਜਰਾਈਲ ਭੇਜਣ ਦੇ ਆਦੇਸ਼ ਦਿੱਤੇ ਕਿਉਂਜੋ ਉਥੋਂ ਦੇ ਜਲਵਾਯੂ ਹਾਲਾਤ ਪੰਜਾਬ ਵਰਗੇ ਹੀ ਹਨ।

ਕੈਪਟਨ ਨੇ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨਾਲੋਜੀ ਨੂੰ ਪ੍ਰਫੁੱਲਤ ਕਰਨ ਲਈ ਖੇਤੀਬਾੜੀ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ। ਬਾਸਮਤੀ ਵਿਚ ਕੀਟਨਾਸ਼ਕਾਂ ਦੀ ਗੁੰਜਾਇਸ਼ ਦੀ ਰੋਕਥਾਮ ਲਈ ਬਾਸਮਤੀ ਉਤਪਾਦਕਾਂ ਦਰਮਿਆਨ ਜਾਗਰੂਕਤਾ ਲਿਆਉਣ ਲਈ ਆਖਿਆ।

ਉਨ੍ਹਾਂ ਨੇ ਵਧੀਕ ਮੁੱਖ ਸਕੱਤਰ ਵਿਕਾਸ ਨੂੰ ਬਾਸਮਤੀ ਦੀ ਬਰਾਮਦ ਦੀਆਂ ਖੇਪਾਂ ਵਿਚ ਜਿਨ੍ਹਾਂ ਕੀਟਨਾਸ਼ਕਾਂ ਦੀ ਗੁੰਜਾਇਸ਼ ਪਾਈ ਗਈ ਹੈ, ਉਨ੍ਹਾਂ ਕੀਟਨਾਸ਼ਕਾਂ 'ਤੇ ਤੁਰੰਤ ਪਾਬੰਦੀ ਲਾਉਣ ਲਈ ਕੇਂਦਰ ਸਰਕਾਰ ਕੋਲ ਮਾਮਲਾ ਚੁੱਕਿਆ ਜਾਵੇ।ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਨੂੰ ਬਿਜਲੀ ਵਿਭਾਗ ਨਾਲ ਸਲਾਹ-ਮਸ਼ਵਰਾ ਕਰ ਕੇ 'ਪਾਣੀ ਬਚਾਓ, ਪੈਸਾ ਕਮਾਓ ਸਕੀਮ' ਦਾ ਦਾਇਰਾ ਵਧਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਆਖਿਆ।

ਇਸ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵਿਭਾਗੀ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਰਾਹੀਂ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ। ਵਿਚਾਰ-ਵਟਾਂਦਰੇ ਵਿਚ ਹਿੱਸਾ ਲੈਂਦਿਆਂ ਪੰਜਾਬ ਰਾਜ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇਵੀਰ ਜਾਖੜ ਨੇ ਸੁਝਾਅ ਦਿੱਤਾ ਕਿ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕਰਨ ਤੇ ਪਰਾਲੀ ਸਾੜਨ ਨੂੰ ਰੋਕਣ ਲਈ ਕਾਰਬਨ ਕ੍ਰੈਡਿਟ ਦਾ ਲਾਭ ਲੈਣ ਵਾਸਤੇ ਪ੍ਰਰੋਗਰਾਮ ਉਲੀਕਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਸ਼ੁਰੂਆਤੀ ਟ੍ਰੇਨਿੰਗ ਅਤੇ ਮਿਡ-ਕਰੀਅਰ ਟ੍ਰੇਨਿੰਗ ਜ਼ਰੀਏ ਖੇਤੀਬਾੜੀ ਵਿਭਾਗ ਦੇ ਸਟਾਫ ਦੇ ਸਮਰੱਥਾ ਨਿਰਮਾਣ ਦੀ ਲੋੜ 'ਤੇ ਜ਼ੋਰ ਦਿੱਤਾ।

ਖੇਤੀਬਾੜੀ ਵਿਭਾਗ ਦੀਆਂ ਵੱਡੀਆਂ ਪ੍ਰਾਪਤੀਆਂ ਅਤੇ ਪਹਿਲਕਦਮੀਆਂ ਬਾਰੇ ਸੰਖੇਪ ਪੇਸਕਾਰੀ ਦਿੰਦਿਆਂ ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁਧ ਤਿਵਾੜੀ ਨੇ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਬਾਗਬਾਨੀ ਵਿਭਾਗ ਦੀ ਕਿਤਾਬ ਜਾਰੀ ਕੀਤੀ ਜਿਸ ਦਾ ਸਿਰਲੇਖ 'ਬਾਗਬਾਨੀ, ਕਿਸਾਨਾਂ ਲਈ ਖੁਸ਼ਹਾਲੀ' ਦਾ ਰੋਡ ਮੈਪ ਹੈ।