- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਯਾਲੀ ਨੇ ਕਿਹਾ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਦਾਖਾ ਤੇ ਆਸ-ਪਾਸ ਦੇ ਇਲਾਕਿਆਂ ਤੋਂ ਕਰੀਬ 500 ਵਾਹਨ ਚੰਡੀਗੜ੍ਹ ਕੂਚ 'ਚ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਪ੍ਰਦਰਸ਼ਨਕਾਰੀ ਪਹਿਲਾਂ ਮੋਹਾਲੀ ਸਥਿਤ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਣਗੇ। ਇਸ ਤੋਂ ਬਾਅਦ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਸ਼ਾਂਤਮਈ ਮਾਰਚ ਕੱਢਿਆ ਜਾਵੇਗਾ।

ਰੋਹਿਤ ਕੁਮਾਰ, ਚੰਡੀਗੜ੍ਹ : 'ਵਾਰਿਸ ਪੰਜਾਬ ਦੇ' ਦੇ ਆਗੂ ਮਨਪ੍ਰੀਤ ਸਿੰਘ ਅਯਾਲੀ ਨੇ ਮੰਗਲਵਾਰ ਨੂੰ ਅੰਮ੍ਰਿਤਪਾਲ ਸਿੰਘ ਤੇ ਹੋਰ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਤਜਵੀਜ਼ਸ਼ੁਦਾ ਚੰਡੀਗੜ੍ਹ ਕੂਚ ਤੋਂ ਪਹਿਲਾਂ ਨੌਜਵਾਨਾਂ ਤੇ ਆਮ ਲੋਕਾਂ ਨੂੰ ਵੱਡੀ ਗਿਣਤੀ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤਮਈ ਰਹੇਗਾ ਤੇ ਕਿਸੇ ਵੀ ਸਥਿਤੀ 'ਚ ਕਾਨੂੰਨ-ਵਿਵਸਥਾ ਨੂੰ ਭੰਗ ਨਹੀਂ ਹੋਣ ਦਿੱਤਾ ਜਾਵੇਗਾ।
ਅਯਾਲੀ ਨੇ ਕਿਹਾ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਦਾਖਾ ਤੇ ਆਸ-ਪਾਸ ਦੇ ਇਲਾਕਿਆਂ ਤੋਂ ਕਰੀਬ 500 ਵਾਹਨ ਚੰਡੀਗੜ੍ਹ ਕੂਚ 'ਚ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਪ੍ਰਦਰਸ਼ਨਕਾਰੀ ਪਹਿਲਾਂ ਮੋਹਾਲੀ ਸਥਿਤ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਣਗੇ। ਇਸ ਤੋਂ ਬਾਅਦ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਸ਼ਾਂਤਮਈ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਸਾਰੇ ਭਾਗੀਦਾਰਾਂ ਨੂੰ ਅਨੁਸ਼ਾਸਨ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਹਿੰਸਾ ਤੋਂ ਦੂਰ ਰਹਿਣ ਦੀ ਅਪੀਲ ਕੀਤੀ।
ਇੰਟਰਨੈੱਟ ਮੀਡੀਆ ’ਤੇ ਜਾਰੀ ਆਪਣੇ ਸੰਦੇਸ਼ 'ਚ ਅਯਾਲੀ ਨੇ ਕਿਹਾ ਕਿ ਲੋਕਾਂ ਨੂੰ ਆਪਣੀਆਂ ਜਾਇਜ਼ ਮੰਗਾਂ ਦੇ ਸਮਰਥਨ 'ਚ ਜਮਹੂਰੀ ਢੰਗ ਨਾਲ ਆਵਾਜ਼ ਉਠਾਉਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਵਿਰੋਧੀ ਧਿਰਾਂ ਪ੍ਰਦਰਸ਼ਨ ਨੂੰ ਰੋਕਣ ਜਾਂ ਇਸ ਵਿਚ ਵਿਘਨ ਪਾਉਣ ਦੀ ਕੋਸ਼ਿਸ਼ ਕਰ ਸਕਦੀਆਂ ਹਨ। ਉਨ੍ਹਾਂ ਸਮਰਥਕਾਂ ਨੂੰ ਅਜਿਹੀ ਕਿਸੇ ਵੀ ਕੋਸ਼ਿਸ਼ 'ਚ ਨਾ ਉਲਝਣ ਅਤੇ ਸਿਰਫ਼ ਸ਼ਾਂਤਮਈ ਪ੍ਰਦਰਸ਼ਨ ’ਤੇ ਧਿਆਨ ਕੇਂਦਰਿਤ ਕਰਨ ਦੀ ਅਪੀਲ ਕੀਤੀ।
ਅਯਾਲੀ ਨੇ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿੰਘ ਤੇ ਹੋਰ ਬੰਦੀ ਸਿੱਖਾਂ ਖ਼ਿਲਾਫ਼ ਦਰਜ ਮਾਮਲੇ ਝੂਠੇ ਹਨ। ਉਨ੍ਹਾਂ ਕੌਮੀ ਜਾਂਚ ਏਜੰਸੀ (ਐੱਨਆਈਏ) ਦਾ ਜ਼ਿਕਰ ਕਰਦਿਆਂ ਸਵਾਲ ਚੁੱਕਿਆ ਕਿ ਜੇਕਰ ਏਜੰਸੀ ਦੀ ਜਾਂਚ ਵਿਚ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੁਝ ਨਹੀਂ ਮਿਲਿਆ ਤਾਂ ਉਨ੍ਹਾਂ ਨੂੰ ਅਜੇ ਵੀ ਡਿਬਰੂਗੜ੍ਹ ਜੇਲ੍ਹ ਵਿੱਚ ਕਿਉਂ ਰੱਖਿਆ ਗਿਆ ਹੈ। ਹਾਲਾਂਕਿ, ਐੱਨਆਈਏ ਵੱਲੋਂ ਇਸ ਸਬੰਧੀ ਤੁਰੰਤ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ। ਅਯਾਲੀ ਨੇ ਇਹ ਵੀ ਸਵਾਲ ਚੁੱਕਿਆ ਕਿ ਹਿਰਾਸਤ 'ਚ ਬੰਦ ਹੋਰ ਆਗੂਆਂ ਨੂੰ ਪੈਰੋਲ ’ਤੇ ਰਿਹਾਅ ਕਿਉਂ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਸਬੰਧਤ ਆਗੂਆਂ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਦੇ ਮੁੱਦੇ ਉਠਾਏ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਹੁਣ ਸਮਾਂ ਆ ਗਿਆ ਹੈ ਕਿ ਸਰਕਾਰ ਤਕ ਇਨ੍ਹਾਂ ਮੰਗਾਂ ਨੂੰ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਪਹੁੰਚਾਇਆ ਜਾਵੇ। ਅਯਾਲੀ ਨੇ ਦੱਸਿਆ ਕਿ 'ਵਾਰਿਸ ਪੰਜਾਬ ਦੇ' ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਆਗੂ ਇਸ ਮਾਰਚ ਦੀ ਅਗਵਾਈ ਕਰਨਗੇ ਤੇ ਉਨ੍ਹਾਂ ਨਾਲ ਵੱਡੀ ਗਿਣਤੀ 'ਚ ਨੌਜਵਾਨ ਵੀ ਸ਼ਾਮਲ ਹੋਣਗੇ। ਉਨ੍ਹਾਂ ਦੁਹਰਾਇਆ ਕਿ ਅੰਦੋਲਨ ਦਾ ਉਦੇਸ਼ ਸਿਰਫ਼ ਆਪਣੀਆਂ ਮੰਗਾਂ ਨੂੰ ਸਰਕਾਰ ਤਕ ਪਹੁੰਚਾਉਣਾ ਹੈ ਤੇ ਸਾਰੇ ਭਾਗੀਦਾਰਾਂ ਨੂੰ ਕਾਨੂੰਨ ਦੀ ਪਾਲਣਾ ਕਰਦਿਆਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨਾ ਚਾਹੀਦਾ ਹੈ।