ਪੰਜਾਬ ਬੰਦ ਦੇ ਸੱਦੇ ’ਤੇ ਬਾਜ਼ਾਰ ਪੂਰੀ ਤਰ੍ਹਾਂ ਕਰਵਾਏ ਗਏ ਬੰਦ ਪੰਜਾਬ ਬੰਦ ਦੇ ਸੱਦੇ 'ਤੇ ਬਾਜ਼ਾਰ ਪੂਰੀ ਤਰ੍ਹਾਂ ਕਰਵਾਏ ਗਏ ਬੰਦ
Publish Date: Thu, 15 Oct 2026 06:44 PM (IST)
Updated Date: Thu, 15 Oct 2026 06:45 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਰਾਬੱਸੀ : ਪੰਜਾਬ ਵਿਚ ਵੱਖ-ਵੱਖ ਕਿਸਾਨ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਅਸਰ ਡੇਰਾਬੱਸੀ ਵਿਚ ਵੀ ਪੂਰੀ ਤਰ੍ਹਾਂ ਦੇਖਣ ਨੂੰ ਮਿਲਿਆ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਸਿੱਧੂਪੁਰ ਦੇ ਜ਼ਿਲ੍ਹਾ ਕਨਵੀਨਰ ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਡੇਰਾਬੱਸੀ ਦੇ ਮੁੱਖ ਬਾਜ਼ਾਰਾਂ ਵਿਚ ਰੋਸ ਮਾਰਚ ਕੱਢਿਆ ਗਿਆ ਅਤੇ ਦੁਕਾਨਾਂ ਬੰਦ ਕਰਵਾਈਆਂ ਗਈਆਂ। ਇਸ ਮੌਕੇ ਕਿਸਾਨ ਆਗੂਆਂ ਨੇ ਸਰਕਾਰ ਦੀਆਂ ਨੀਤੀਆਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਅਤੇ ਆਮ ਲੋਕਾਂ ਦੀਆਂ ਹੱਕੀ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਉਨ੍ਹਾਂ ਨੂੰ ਮਜਬੂਰਨ ਸੂਬੇ ਭਰ ਵਿਚ ਬੰਦ ਦਾ ਸੱਦਾ ਦੇਣਾ ਪਿਆ ਹੈ। ਕਿਸਾਨ ਆਗੂਆਂ ਦੀ ਅਪੀਲ ਅਤੇ ਅਨੁਸ਼ਾਸਨ ਨੂੰ ਵੇਖਦਿਆਂ ਬਾਜ਼ਾਰ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਨੇ ਵੀ ਆਪਣੀ ਸਵੇਰ ਦੀ ਮਦਦ ਦਿੰਦਿਆਂ ਆਪੋ-ਆਪਣੀਆਂ ਦੁਕਾਨਾਂ ਬੰਦ ਰੱਖੀਆਂ। ਦੁਕਾਨਾਂ ਬੰਦ ਹੋਣ ਕਾਰਨ ਡੇਰਾਬੱਸੀ ਦੇ ਮੁੱਖ ਬਾਜ਼ਾਰਾਂ ਵਿਚ ਪੂਰੀ ਤਰ੍ਹਾਂ ਸੁੰਨ ਪਸਰੀ ਰਹੀ। ਆਮ ਦਿਨਾਂ ਵਿਚ ਜਿੱਥੇ ਬਾਜ਼ਾਰ ਗਾਹਕਾਂ ਦੀ ਭੀੜ, ਵਾਹਨਾਂ ਦੇ ਸ਼ੋਰ ਅਤੇ ਰੌਣਕ ਨਾਲ ਗੂੰਜਦੇ ਰਹਿੰਦੇ ਹਨ, ਉੱਥੇ ਹੀ ਸਾਰਾ ਦਿਨ ਸੜਕਾਂ ਅਤੇ ਬਾਜ਼ਾਰ ਖਾਲੀ ਨਜ਼ਰ ਆਏ। ਸੁੰਨ ਪਸਰੀ ਹੋਣ ਕਾਰਨ ਇੱਥੇ ਵਪਾਰਕ ਗਤੀਵਿਧੀਆਂ ਪੂਰੀ ਤਰ੍ਹਾਂ ਠੱਪ ਰਹੀਆਂ। ਪ੍ਰਸ਼ਾਸਨ ਵੱਲੋਂ ਕਿਸਾਨਾਂ ਦੇ ਇਸ ਰੋਸ ਪ੍ਰਦਰਸ਼ਨ ਨੂੰ ਦੇਖਦਿਆਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਬਣੀ ਰਹੇ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਜਲਦੀ ਹੱਲ ਨਾ ਕੱਢਿਆ, ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਬੰਦ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਖ਼ਬਰ ਨਹੀਂ ਮਿਲੀ ਅਤੇ ਸ਼ਾਂਤਮਈ ਤਰੀਕੇ ਨਾਲ ਬੰਦ ਦਾ ਸੱਦਾ ਸਫ਼ਲ ਰਿਹਾ।