ਸਰਕਾਰ ਮਾੜੀ ਕਾਰਗੁਜ਼ਾਰੀ ਤੇ ਨਸ਼ਿਆਂ ਖ਼ਿਲਾਫ਼ ਕਾਂਗਰਸ ਵੱਲੋਂ ਐੱਸਐੱਸਪੀ ਦਫ਼ਤਰ ਦੇ ਬਾਹਰ ਵਿਸ਼ਾਲ ਧਰਨਾ ਕਾਂਗਰਸ ਵੱਲੋਂ ਐੱਸਐੱਸਪੀ ਦਫ਼ਤਰ ਦੇ ਬਾਹਰ ਵਿਸ਼ਾਲ ਧਰਨਾ
Publish Date: Thu, 24 Sep 2026 08:19 PM (IST)
Updated Date: Fri, 25 Sep 2026 04:12 AM (IST)
-ਐੱਸਐੱਸਪੀ ਨੂੰ ਮੰਗ ਪੱਤਰ ਸੌਂਪ ਕੇ ਵਿੱਤ ਮੰਤਰੀ ਹਰਪਾਲ ਚੀਮਾ ਖ਼ਿਲਾਫ਼ ਕਾਰਵਾਈ ਮੰਗ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਜ਼ਿਲ੍ਹਾ ਕਾਂਗਰਸ ਵੱਲੋਂ ਪੰਜਾਬ ’ਚ ਵਧ ਰਹੇ ਨਸ਼ਿਆਂ ਦੇ ਕਹਿਰ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਗੁਲਜ਼ਾਰ ਸਿੰਘ ਦੇ ਮਾਮਲੇ ’ਚ ਇਨਸਾਫ਼ ਦੀ ਮੰਗ ਅਤੇ ਸੂਬਾ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਵੀਰਵਾਰ ਨੂੰ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੁਹਾਲੀ ਵਿਖੇ ਐੱਸਐੱਸਪੀ ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ। ਇਸ ਮੌਕੇ ਬੋਲਦਿਆਂ ਬਲਬੀਰ ਸਿੱਧੂ ਨੇ ਕਿਹਾ ਕਿ ਪੰਜਾਬ ’ਚ ਨਸ਼ਿਆਂ ਦਾ ਮੁੱਦਾ ਸਿਰਫ਼ ਸਰਕਾਰੀ ਇਸ਼ਤਿਹਾਰਾਂ, ਨਾਅਰਿਆਂ ਅਤੇ ਸਿਆਸੀ ਮੁਹਿੰਮਾਂ ਤੱਕ ਸੀਮਤ ਨਹੀਂ ਰਹਿ ਸਕਦਾ। ਜਿਹੜੇ ਨੌਜਵਾਨ ਅਤੇ ਆਮ ਨਾਗਰਿਕ ਨਸ਼ਿਆਂ ਦੇ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ, ਉਨ੍ਹਾਂ ਦੀ ਆਵਾਜ਼ ਸੁਣਨਾ ਅਤੇ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਤੇ ਪ੍ਰਸ਼ਾਸਨ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲਿਆਂ ਨੂੰ ਡਰਾਉਣ ਦੀ ਬਜਾਏ ਨਸ਼ਾ ਤਸਕਰੀ ਦੇ ਅਸਲ ਨੈੱਟਵਰਕ ’ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਮੋਹਨਜੀਤ ਸਿੰਘ ਮਾਮਲੇ ਦਾ ਜ਼ਿਕਰ ਕਰਦਿਆਂ ਕਾਂਗਰਸ ਆਗੂ ਨੇ ਕਿਹਾ ਕਿ ਜੇਕਰ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨ ਨੂੰ ਹੀ ਪੁਲਿਸ ਤਸ਼ੱਦਦ ਦਾ ਸਾਹਮਣਾ ਕਰਨਾ ਪਵੇ, ਤਾਂ ਇਹ ਬੇਹੱਦ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਅਜਿਹੇ ਮਾਮਲਿਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਜ਼ਿੰਮੇਵਾਰ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੈ, ਜੇਕਰ ਜਾਂਚ ’ਚ ਕਿਸੇ ਦੀ ਜ਼ਿੰਮੇਵਾਰੀ ਸਾਹਮਣੇ ਆਉਂਦੀ ਹੈ ਤਾਂ ਅਹੁਦਾ ਜਾਂ ਸਿਆਸੀ ਪਹੁੰਚ ਉਸ ਲਈ ਢਾਲ ਨਹੀਂ ਬਣਨੀ ਚਾਹੀਦੀ। ਪੰਜਾਬ ਦੀ ‘ਆਪ’ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਸਵਾਲ ਚੁੱਕਦਿਆਂ ਬਲਬੀਰ ਸਿੱਧੂ ਨੇ ਕਿਹਾ ਕਿ ਸਿਰਫ਼ ਨਾਅਰੇ, ਪੋਸਟਰ ਅਤੇ ਸਰਕਾਰੀ ਪ੍ਰਚਾਰ ਨਾਲ ਪੰਜਾਬ ਨਸ਼ਾ ਮੁਕਤ ਨਹੀਂ ਹੋਵੇਗਾ। ਉਨ੍ਹਾਂ ਭਾਜਪਾ ਨੂੰ ਸਿੱਧਾ ਸਵਾਲ ਕਰਦਿਆਂ ਕਿਹਾ ਕਿ ਪੰਜਾਬ ਨੂੰ ‘ਨਸ਼ਾ ਮੁਕਤ’ ਕਰਨ ਦੇ ਦਾਅਵੇ ਕਰਨ ਤੋਂ ਪਹਿਲਾਂ ਭਾਜਪਾ ਨੂੰ ਦੇਸ਼ ਪੱਧਰ ’ਤੇ ਨਸ਼ਿਆਂ ਦੀ ਸਪਲਾਈ ਅਤੇ ਤਸਕਰੀ ਦੇ ਰਸਤੇ ਬਾਰੇ ਵੀ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਦੀਆਂ ਬੰਦਰਗਾਹਾਂ ਤੋਂ ਨਸ਼ੀਲੇ ਪਦਾਰਥਾਂ ਦੀਆਂ ਵੱਡੀਆਂ ਖੇਪਾਂ ਜ਼ਬਤ ਹੋਣ ਦੀਆਂ ਰਿਪੋਰਟਾਂ ਲਗਾਤਾਰ ਸਾਹਮਣੇ ਆਉਂਦੀਆਂ ਰਹੀਆਂ ਹਨ। ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਧਰਨੇ ’ਚ ਵੱਡੀ ਗਿਣਤੀ ’ਚ ਪਹੁੰਚੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਦੀ ਲੜਾਈ ’ਚ ਕਾਂਗਰਸ ਹਮੇਸ਼ਾ ਇਕਜੁੱਟ ਹੋ ਕੇ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਸਟੇਜ ਸਕੱਤਰ ਦੀ ਭੂਮਿਕਾ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਨੇ ਨਿਭਾਈ। ਧਰਨੇ ਨੂੰ ਕਮਲ ਕਿਸ਼ੋਰ ਸ਼ਰਮਾ ਤੋਂ ਇਲਾਵਾ ਸੀਨੀਅਰ ਆਗੂ ਕਮਲਜੀਤ ਚਾਵਲਾ, ਹਰਦਿਆਲ ਚੰਦ ਬਡਬਰ, ਠੇਕੇਦਾਰ ਮੋਹਣ ਸਿੰਘ ਬਠਲਾਣਾ, ਸੁੱਚਾ ਸਿੰਘ ਕਲੌੜ, ਖੁਸ਼ੀ ਰਾਮ ਸਾਬਕਾ ਡੀਸੀ, ਮਨਦੀਪ ਸਿੰਘ ਕੁੰਬੜਾ, ਹਰਸ਼ ਰਿਸ਼ੀ ਬਲਾਕ ਪ੍ਰਧਾਨ ਜ਼ੀਰਕਪੁਰ ਨੇ ਸੰਬੋਧਨ ਕੀਤਾ। ਇਸ ਮੌਕੇ ਕੰਵਰਬੀਰ ਸਿੰਘ ਸਿੱਧੂ, ਬਲਾਕ ਦਿਹਾਤੀ ਪ੍ਰਧਾਨ ਪ੍ਰਦੀਪ ਸਿੰਘ ਤੰਗੋਰੀ, ਸ਼ਹਿਰੀ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਰਣਜੀਤ ਸਿੰਘ ਨਗਲੀਆਂ, ਸੁਖਦੀਪ ਸਿੰਘ ਨਿਆਂ ਸ਼ਹਿਰ ਬਡਾਲਾ, ਜੰਗ ਬਹਾਦਰ ਸਿੰਘ ਕੁੰਬੜਾ, ਜਤਿੰਦਰ ਸਿੰਘ ਸੋਢੀ, ਬਲਾਕ ਪ੍ਰਧਾਨ ਖਰੜ ਸਤਨਾਮ ਸਿੰਘ ਸੈਣੀ, ਸੁਖਵਿੰਦਰ ਸਿੰਘ ਬਲਾਕ ਪ੍ਰਧਾਨ ਮਾਜਰੀ, ਕਰਨੈਲ ਸਿੰਘ ਬਲਾਕ ਪ੍ਰਧਾਨ ਲਾਲੜੂ, ਮੰਡਲ ਪ੍ਰਧਾਨ ਹੈਪੀ ਮਲਿਕ, ਮੰਡਲ ਪ੍ਰਧਾਨ ਅਸ਼ੋਕ ਕੌਂਡਲ, ਮੰਡਲ ਪ੍ਰਧਾਨ ਗੁਰਵਿੰਦਰ ਸਿੰਘ ਸੋਹੀ, ਕੌਂਸਲਰ ਕਮਲਜੀਤ ਸਿੰਘ ਬਨੀ, ਦਵਿੰਦਰ ਕੌਰ ਵਾਲੀਆ, ਪਰਮਜੀਤ ਸਿੰਘ ਹੈਪੀ, ਜਸਬੀਰ ਸਿੰਘ ਮਾਣਕੂ, ਸੁਰਿੰਦਰ ਰਾਜਪੂਤ, ਇੰਦਰਜੀਤ ਸਿੰਘ ਢਿੱਲੋਂ, ਗੁਰਚਰਨ ਸਿੰਘ ਭੰਵਰਾ, ਅਰੁਣ ਸ਼ਰਮਾ ਸਾਰੇ ਸਾਬਕਾ ਕੌਂਸਲਰ, ਬੂਟਾ ਸਿੰਘ ਸੋਹਾਣਾ, ਰਜਿੰਦਰ ਸਿੰਘ ਧਰਮਗੜ੍ਹ ਅਤੇ ਪਰਮਜੀਤ ਸਿੰਘ ਚੌਹਾਨ ਸਮੇਤ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਹਾਜ਼ਰ ਸਨ।