ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 72 ਲੱਖ ਔਰਤਾਂ ਦੇ ਖਾਤਿਆਂ ’ਚ ਪੈਸੇ ਆਏ : ਕੁਲਵੰਤ ਸਿੰਘ ਮਾਵਾਂ-ਧੀਆਂ ਸਤਿਕਾਰ ਯੋਜਨਾ: 72 ਲੱਖ ਔਰਤਾਂ ਦੇ ਖਾਤਿਆਂ ’ਚ ਪੈਸੇ ਆਏ: ਕੁਲਵੰਤ ਸਿੰਘ
Publish Date: Sun, 13 Sep 2026 06:58 PM (IST)
Updated Date: Sun, 13 Sep 2026 07:02 PM (IST)
-ਤੀਰਥ ਯਾਤਰਾ : ਵਿਧਾਇਕ ਕੁਲਵੰਤ ਸਿੰਘ ਨੇ ਤਿੰਨ ਬੱਸਾਂ ਨੂੰ ਕੀਤਾ ਰਵਾਨਾ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਐਤਵਾਰ ਨੂੰ ਪਿੰਡ ਦੈੜੀ ਅਤੇ ਵੇਵ ਅਸਟੇਟ ’ਚੋਂ ਸ਼ਰਧਾਲੂਆਂ ਦੀਆਂ ਤਿੰਨ ਹੋਰ ਬੱਸਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹੁਣ ਤੱਕ 72 ਲੱਖ ਔਰਤਾਂ ਦੇ ਖਾਤਿਆਂ ਵਿਚ 1000 ਅਤੇ 1500 ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਾਕੀ ਔਰਤਾਂ ਦੇ ਖਾਤਿਆਂ ’ਚ ਜਲਦੀ ਪੈਸੇ ਆ ਜਾਣਗੇ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਘਰ-ਘਰ ਰੁਜ਼ਗਾਰ, ਪੱਕੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਮੇਤ ਲਗਭਗ ਸਾਰੇ ਚੋਣ ਵਾਅਦੇ ਪੂਰੇ ਕਰ ਦਿੱਤੇ ਗਏ ਹਨ ਅਤੇ ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਕਾਸ ਦੇ ਨਾਂ ’ਤੇ ਲੜੀਆਂ ਅਤੇ ਜੋ ਵਾਅਦੇ ਕੀਤੇ ਜਾਣਗੇ, ਉਨ੍ਹਾਂ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਸੀਨੀਅਰ ਸਿਟੀਜਨ ਦੇ ਚਿਹਰਿਆਂ ’ਤੇ ਜੋ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ, ਇਹ ਉਨ੍ਹਾਂ ਲਈ ਬੇਹੱਦ ਖੁਸ਼ੀ ਤੇ ਤਸੱਲੀ ਵਾਲੀ ਗੱਲ ਹੈ। ਤੀਰਥ ਯਾਤਰਾ ਨੂੰ ਲੈ ਕੇ ਰਜਿਸਟਰੇਸ਼ਨ ਕਰਵਾਉਣ ਵਾਲਿਆਂ ਦੀ ਗਿਣਤੀ ਰੋਜ਼ਾਨਾ ਵਧ ਰਹੀ ਹੈ। ਪਹਿਲਾਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਬਾਲਮੀਕੀ ਮੰਦਰ, ਵਾਹਗਾ ਬਾਰਡਰ ਅਤੇ ਜ਼ਿਲ੍ਹਿਆਵਾਲਾ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ, ਪ੍ਰੰਤੂ ਹੁਣ ਖਾਟੂਸ਼ਾਮ, ਸਾਲਾਸਰ, ਹਰਿਦੁਆਰ, ਮਥੁਰਾ ਅਤੇ ਬਰਿੰਦਾਵਨ ਜਾਣ ਲਈ ਵੀ ਸ਼ਰਧਾਲੂ ਰਜਿਸਟਰੇਸ਼ਨ ਕਰਵਾ ਰਹੇ ਹਨ। ਇਸ ਮੌਕੇ ਸਟੇਟ ਐਵਾਰਡੀ ਫੂਲਰਾਜ ਸਿੰਘ, ਗੌਰਵ ਸੰਭਾਲਕੀ, ਸੀਨੀਅਰ ਡਿਪਟੀ ਮੇਅਰ ਆਰਪੀ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਡਾ. ਰਾਮ ਸਿੰਘ, ਜਤਿੰਦਰ ਚੌਧਰੀ, ਰਤਨ ਚੰਦ, ਮਦਨ ਨਰੇਸ਼ ਗੁਪਤਾ, ਪ੍ਰੇਮ ਢੀਂਗਰਾ, ਜੋਗਿੰਦਰ ਸਿੰਘ ਭਾਟੀਆ, ਨਰ ਸਿੰਘ ਘੁੰਮਣ, ਬਲਜੀਤ ਸਿੰਘ ਦੈੜੀ, ਸਾਹਿਬ ਜੋਤ ਸਿੰਘ ਸਮੇਤ ਵੱਡੀ ਗਿਣਤੀ ’ਚ ਪਤਵੰਤੇ ਹਾਜ਼ਰ ਸਨ।