ਜੈ ਸਿੰਘ ਛਿੱਬਰ, ਚੰਡੀਗੜ੍ਹ : ਦਲਿਤ ਵਰਗ ਨਾਲ ਸਬੰਧਤ ਪੰਜਾਬ ਦੀਆਂ ਸਮੂਹ ਸਿਆਸੀ ਪਾਰਟੀਆਂ ਦੇ ਮੌਜੂਦਾ ਤੇ ਸਾਬਕਾ ਵਿਧਾਇਕਾਂ, ਸੰਸਦ ਮੈਂਬਰਾਂ ਨੇ ਅੱਜ ਪਾਰਟੀ ਵਖਰੇਂਵਿਆਂ ਤੋਂ ਦੂਰ ਹੋ ਕੇ ਦਲਿਤ ਵਰਗ ਦੀਆਂ ਮੰਗਾਂ ਤੇ ਸਮੱਸਿਆਵਾਂ ਨੂੰ ਲੈ ਕੇ ਇਕ ਨੌਂ ਮੈਂਬਰੀ ਕਮੇਟੀ ਬਣਾਈ ਹੈ।

ਭਾਵੇਂ ਮੀਟਿੰਗ ਵਿਚ ਕਾਂਗਰਸ ਦੇ ਦਰਜਨ ਦੇ ਕਰੀਬ ਵਿਧਾਇਕ ਹਾਜ਼ਰ ਸਨ ਪਰ ਸਰਕਾਰ ਦੇ ਤਿੰਨੋਂ ਮੰਤਰੀਆਂ ਚਰਨਜੀਤ ਸਿੰਘ ਚੰਨੀ, ਸਾਧੂ ਸਿੰਘ ਧਰਮਸੋਤ ਅਤੇ ਅਰੁਣਾ ਚੌਧਰੀ ਨੇ ਮੀਟਿੰਗ ਤੋਂ ਦੂਰੀ ਬਣਾਈ ਰੱਖੀ।

ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ, ਕਾਂਗਰਸੀ ਵਿਧਾਇਕ ਨੱਥੂ ਰਾਮ, ਤਰਸੇਮ ਸਿੰਘ ਡੀਸੀ, ਗੁਰਪ੍ਰਰੀਤ ਸਿੰਘ ਡੀਸੀ, ਡਾ. ਰਾਜ ਕੁਮਾਰ ਚੱਬੇਬਾਲ, ਸੁਖਵਿੰਦਰ ਸਿੰਘ ਡੈਨੀ, ਸਾਬਕਾ ਮੰਤਰੀ ਗੁਲਜਾਰ ਸਿੰਘ ਰਾਣੀਕੇ, ਸਰਵਣ ਸਿੰਘ ਫਿਲੌਰ, ਮਹਿੰਦਰ ਕੌਰ ਜੋਸ਼, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਸਮੇਤ 'ਆਪ' ਦੇ ਕਈ ਵਿਧਾਇਕ ਹਾਜ਼ਰ ਸਨ।

ਮੀਟਿੰਗ ਵਿਚ ਸ਼ਮਸ਼ੇਰ ਸਿੰਘ ਦੂਲੋਂ ਨੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਸਮਾਜ ਦੀ ਲੜਾਈ ਲੜਨ ਦੀ ਗੱਲ ਕਹੀ। ਦੂਲੋਂ ਨੇ ਕਿਹਾ ਕਿ ਰਾਖਵੀਂਆਂ ਸੀਟਾਂ 'ਤੋਂ ਜਿੱਤਣ ਵਾਲੇ ਨੁਮਾਇੰਦੇ ਜੇਕਰ ਗਰੀਬ, ਦਲਿਤ ਲੋਕਾਂ ਦੀ ਗੱਲ ਨਹੀਂ ਕਰਦੇ ਤਾਂ ਦਲਿਤ ਲੋਕਾਂ ਨਾਲ ਧ੍ਰੋਹ ਕਮਾਉਂਦੇ ਹਨ।

ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਸਾਰੇ ਸੂਬਿਆਂ ਦੇ ਵਿਧਾਇਕਾਂ, ਸਾਬਕਾ ਵਿਧਾਇਕਾਂ, ਲੋਕ ਸਭਾ ਮੈਂਬਰਾਂ ਨਾਲ ਗੱਲਬਾਤ ਕਰ ਕੇ ਵਿਧਾਨ ਸਭਾ ਵਿਚ ਬਿੱਲ ਲਿਆਂਦੇ ਜਾਣਗੇ। ਉਨ੍ਹਾਂ ਕਿਹਾ ਕਿ ਰਾਜਪਾਲ, ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੂੰ ਮੰਗ ਪੱਤਰ ਦਿੱਤੇ ਜਾਣਗੇ। ਜੇਕਰ ਸਰਕਾਰ ਨੇ ਸਹੀ ਫ਼ੈਸਲਾ ਨਹੀਂ ਲਿਆ ਤਾਂ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਸੁਪਰੀਮ ਕੋਰਟ ਦਾ ਫ਼ੈਸਲਾ ਦਲਿਤ ਵਰਗ ਦੇ ਹਿੱਤ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਸਮੂਹ ਪਾਰਟੀਆਂ ਦੇ ਵਿਧਾਇਕ ਇਕਮੱਤ ਹਨ ਤੇ ਬਜਟ ਇਜਲਾਸ ਵਿਚ ਨੌਕਰੀਆਂ ਵਿਚ ਦਲਿਤ ਮੁਲਾਜ਼ਮਾਂ ਨੂੰ ਰਾਖਵਾਂਕਰਨ ਦਾ ਲਾਭ ਦੇਣ ਲਈ ਬਿੱਲ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਕੋਸ਼ਿਸ਼ ਰਹੇਗੀ ਕਿ ਸਰਕਾਰ ਵੱਲੋਂ ਬਿੱਲ ਲਿਆਂਦਾ ਜਾਵੇ, ਜੇਕਰ ਅਜਿਹਾ ਨਹੀਂ ਹੁੰਦਾ ਤਾਂ ਸਮੂਹ ਵਿਧਾਇਕ ਬਿੱਲ ਪੇਸ਼ ਕਰਨਗੇ।

'ਆਪ' ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਦੇਸ਼ ਵਿਚ ਸੱਭ ਤੋਂ ਵੱਧ ਦਲਿਤ ਵਰਗ ਦੀ ਆਬਾਦੀ ਪੰਜਾਬ ਵਿਚ ਹੈ, ਇਸ ਲਈ ਪਹਿਲਾਂ ਪੰਜਾਬ ਵਿਚੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ਤੇ ਉਪਰੰਤ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪਿਛਲੇ ਦਿਨ ਸੁਪਰੀਮ ਕੋਰਟ ਨੇ ਦਲਿਤ ਮੁਲਾਜ਼ਮਾਂ ਨੂੰ ਰਾਖਵਾਂਕਰਨ ਦਾ ਲਾਭ ਦੇਣ ਦਾ ਅਧਿਕਾਰ ਰਾਜਾਂ ਦਾ ਹੋਣ ਬਾਰੇ ਨਿਰਦੇਸ਼ ਦਿੱਤੇ ਹਨ। ਇਸ ਫ਼ੈਸਲੇ ਤੋਂ ਬਾਅਦ ਦਲਿਤ ਵਰਗ ਵਿਚ ਗੁੱਸੇ ਦੀ ਲਹਿਰ ਹੈ।

ਨੌਂ ਮੈਂਬਰੀ ਕਮੇਟੀ ਗਠਿਤ

ਦਲਿਤ ਵਰਗ ਦੀਆਂ ਹੱਕੀ ਮੰਗਾਂ ਲਈ ਨੌਂ ਮੈਂਬਰੀ ਕਮੇਟੀ ਬਣਾਈ ਗਈ ਹੈ, ਜਿਸ ਵਿਚ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ, ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ, ਸਾਬਕਾ ਵਿਧਾਇਕ ਨਿਰਮਲ ਸਿੰਘ (ਜਸਟਿਸ), ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਬਸਪਾ ਆਗੂ ਹਰਗੋਪਾਲ ਸਿੰਘ, ਕਾਮਰੇਡ ਚੰਦ ਸਿੰਘ ਚੋਪੜਾ, ਡਾ. ਰਾਜ ਕੁਮਾਰ ਚੱਬੇਵਾਲ ਸ਼ਾਮਲ ਹਨ।