ਸੀਨੀਅਰ ਰਿਪੋਰਟਰ, ਐੱਸਏਐੱਸ ਨਗਰ : ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਕੰਮ ਕਰ ਰਹੇ ਅਧਿਆਪਕਾਂ ਜਿਨ੍ਹਾਂ ਨੂੰ ਪਿਛਲੇ ਸਮੇਂ ਦੌਰਾਨ ਨੈਸ਼ਨਲ ਐੈਵਾਰਡ ਤੇ ਸਟੇਟ ਐਵਾਰਡ ਨਾਲ ਨਵਾਜਿਆ ਜਾ ਚੁੱਕਾ ਹੈ, ਉਨ੍ਹਾਂ ਨੂੰ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਰਸ਼ਨ ਕੁਮਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਸੰਬੋਧਨ ਕੀਤਾ। ਇਸ ਮੌਕੇ ਡਾਇਰੈਕਟਰ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਇੰਦਰਜੀਤ ਸਿੰਘ ਵੀ ਮੌਜੂਦ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ 250 ਦੇ ਕਰੀਬ ਪੰਜਾਬ ਭਰ ਤੋਂ ਸਕੂਲਾਂ 'ਚ ਕੰਮ ਕਰ ਰਹੇ ਨੈਸ਼ਨਲ ਐਵਾਰਡੀ ਤੇ ਸਟੇਟ ਐਵਾਰਡੀ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਵਿਸ਼ੇਸ਼ ਉਪਰਾਲੇ ਕਰਨ ਵਾਲੇ ਅਧਿਆਪਕਾਂ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸਨਮਾਨ ਤੇ ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਿੱਖਿਆ ਦਾ ਮਿਆਰ ਮਿਹਨਤੀ ਅਤੇ ਤਜ਼ਰਬੇਕਾਰ ਅਧਿਆਪਕਾਂ ਦੇ ਯਤਨਾਂ ਨਾਲ ਉੱਚਾ ਉੱਠ ਰਿਹਾ ਹੈ. ਅਧਿਆਪਕਾਂ ਦੀ ਮਿਹਨਤ ਨਾਲ ਸਰਕਾਰੀ ਸਕੂਲਾਂ ਦੀ ਦਿੱਖ ਦਾ ਸੁੰਦਰੀਕਰਨ ਹੋ ਰਿਹਾ ਹੈ। ਪਰ ਕੁਝ ਸਕੂਲਾਂ 'ਚ ਅਧਿਆਪਕਾਂ ਨੂੰ ਉਤਸ਼ਾਹ ਦੀ ਜਰੂਰਤ ਹੈ ਅਤੇ ਇਸ ਲਈ ਨੈਸ਼ਨਲ ਅਤੇ ਸਟੇਟ ਐਵਾਰਡੀ ਅਧਿਆਪਕਾਂ ਦੇ ਬੇਹਤਰੀਨ ਤਜ਼ਰਬੇ ਅਤੇ ਤਕਨੀਕਾਂ ਇਨ੍ਹਾਂ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਲਈ ਲਾਹੇਵੰਦ ਹੋ ਸਕਦੇ ਹਨ। ਉਨ੍ਹਾਂ ਸਮੂਹ ਐਵਾਰਡੀਜ਼ ਨੂੰ ਪੰਜ-ਪੰਜ ਸਰਕਾਰੀ ਸਕੂਲਾਂ ਦੀ ਦਿੱਖ ਵਧੀਆ ਬਣਾਉਣ ਦੀ ਜ਼ਿੰਮੇਵਾਰੀ ਵੀ ਲੈਣ ਦੀ ਅਪੀਲ ਕੀਤੀ ਜਿਸ ਨੂੰ ਸਮੂਹ ਹਾਜ਼ਰ ਅਧਿਆਪਕਾਂ ਨੇ ਖਿੜੇ-ਮੱਥੇ ਪ੍ਰਵਾਨ ਕੀਤਾ।

ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਨੇ ਸਮੂਹ ਨੈਸ਼ਨਲ ਤੇ ਸਟੇਟ ਐਵਾਰਡੀਜ਼ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ 'ਚ ਦਾਖ਼ਲਾ ਵਧਾਉਣ ਲਈ ਚਲਾਈ ਜਾ ਰਹੀ ਦਾਖ਼ਲਾ ਮੁਹਿੰਮ ਨੂੰ ਪੂਰਨ ਸਹਿਯੋਗ ਦੇਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਉਹ ਆਪਣੇ ਤਜ਼ਰਬੇ ਬੱਚਿਆਂ ਦੇ ਮਾਪਿਆਂ ਨਾਲ ਸਾਂਝੇ ਕਰਕੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਕਾਰਜ ਕਰ ਸਕਦੇ ਹਨ। ਐਵਾਰਡ ਪ੍ਰਾਪਤ ਅਧਿਆਪਕਾਂ ਦੀਆਂ ਗੱਲਾਂ ਮਾਪਿਆਂ ਨੂੰ ਪ੍ਰਭਾਵਿਤ ਕਰਨਗੀਆਂ ਤੇ ਸਰਕਾਰੀ ਸਕੂਲਾਂ ਦਾ ਮਾਣ ਵੀ ਵਧੇਗਾ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਨੇ ਨੈਸ਼ਨਲ ਤੇ ਸਟੇਟ ਐਵਾਰਡ ਪ੍ਰਾਪਤ ਅਧਿਆਪਕਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਇਮਤਿਹਾਨਾਂ ਦੌਰਾਨ ਵਧੀਆ ਨਤੀਜਿਆਂ ਦੀ ਪ੍ਰਾਪਤੀ ਹਿੱਤ ਚੰਗਾ ਲਿਖਣ ਤੇ ਭੈਅ ਰਹਿਤ ਰਹਿ ਕੇ ਇਮਤਿਹਾਨਾਂ 'ਚ ਬੈਠਣ ਲਈ ਵਧੀਆ ਤਿਆਰੀ ਲਈ ਆਪਣੇ ਵਿਚਾਰ ਵੱਖ-ਵੱਖ ਮੀਡੀਆ ਤੇ ਸੋਸ਼ਲ ਮੀਡੀਆ ਰਾਹੀਂ ਸਾਂਝੇ ਕਰਨ। ਵਿਦਿਆਰਥੀਆਂ ਨੂੰ ਨਕਲ ਤੋਂ ਰਹਿਤ ਪ੍ਰੀਖਿਆਵਾਂ ਦੇ ਭਵਿੱਖੀ ਫਾਇਦਿਆਂ ਬਾਰੇ ਵਿਸਤਾਰ 'ਚ ਜਾਣਕਾਰੀਆਂ ਦੇ ਕੇ ਬੱਚਿਆਂ ਦਾ ਭਵਿੱਖ ਉੱਜਵਲ ਕਰਨ ਲਈ ਉਪਰਾਲੇ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੈਸ਼ਨਲ ਤੇ ਸਟੇਟ ਐਵਾਰਡੀ ਅਧਿਆਪਕ ਆਪਣੇ ਸਕੂਲਾਂ 'ਚ ਪੂਰਨ ਨਕਲ ਰਹਿਤ ਪ੍ਰੀਖਿਆਵਾਂ ਲਈ ਵੀ ਮਨ ਪੱਕਾ ਕਰਨ ਤੇ ਮਿਸਾਲ ਪੇਸ਼ ਕਰਨ,

ਇਸ ਮੌਕੇ ਵੱਖ-ਵੱਖ ਜ਼ਿਲਿ੍ਹਆਂ ਤੋਂ ਪਹੁੰਚੇ ਨੈਸ਼ਨਲ ਤੇ ਸਟੇਟ ਐਵਾਰਡੀ ਅਧਿਆਪਕਾਂ ਤੋਂ ਇਲਾਵਾ ਡਾ. ਜਰਨੈਲ ਸਿੰਘ ਕਾਲੇਕੇ, ਡਾ. ਦਵਿੰਦਰ ਸਿੰਘ ਬੋਹਾ ਤੇ ਹੋਰ ਅਧਿਕਾਰੀਆਂ ਨੇ ਵੀ ਆਪਣੇ ਵਿਚਾਰ ਮੰਚ ਤੋਂ ਇੱਕ ਦੂਜੇ ਨਾਲ ਸਾਂਝੇ ਕੀਤੇ।