ਮਾਰਕੀਟ ਵਿਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਬੈਠਕ

- ਮਸਲੇ ਤਰਜੀਹੀ ਆਧਾਰ ’ਤੇ ਹੱਲ ਕੀਤੇ ਜਾਣਗੇ : ਵਿਧਾਇਕ ਕੁਲਵੰਤ ਸਿੰਘ
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ
ਐੱਸਏਐੱਸ ਨਗਰ : ਸੂਬੇ ਵਿਚ ਜ਼ਮੀਨੀ ਪੱਧਰ ’ਤੇ ਕਾਰੋਬਾਰ ਕਰਨ ਵਿਚ ਆਸਾਨੀ ਨੂੰ ਯਕੀਨੀ ਬਣਾਉਣ ਅਤੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀਆਂ ਇਕਾਈਆਂ (ਵਿਧਾਨ ਸਭਾ ਹਲਕੇ ਤੋਂ ਜ਼ਿਲ੍ਹਾ ਅਤੇ ਜ਼ਿਲ੍ਹਾ ਤੋਂ ਸੂਬਾ ਪੱਧਰ ਤੱਕ ਦੇ ਉਦੇਸ਼ ਤਹਿਤ) ਵਿਚ ਆਪਸੀ ਤਾਲਮੇਲ ਤਹਿਤ ਬਲੌਂਗੀ ਮਾਰਕੀਟ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਅਤੇ ਹਲਕਾ ਪੱਧਰ ਟ੍ਰੇਡਰਜ਼ ਕਮਿਸ਼ਨ ਦੇ ਸਹਿਯੋਗ ਨਾਲ ਇਕ ਸਾਂਝੀ ਬੈਠਕ ਕੀਤੀ ਗਈ। ਇਸ ਬੈਠਕ ਦੀ ਅਗਵਾਈ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ, ਜਿਸ ਵਿਚ ਮੁਹਾਲੀ ਅਤੇ ਬਨੂੜ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨੇ ਹਿੱਸਾ ਲਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀ ਵਰਗ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਬੈਠਕਾਂ ਦਾ ਉਦੇਸ਼ ਵਪਾਰੀਆਂ ਨਾਲ ਸਿੱਧਾ ਸੰਪਰਕ ਸਥਾਪਿਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਕਾਰੋਬਾਰ ਨਾਲ ਸਬੰਧਿਤ ਸਾਰੇ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਵਪਾਰੀਆਂ ਦੇ ਮਸਲਿਆਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕੀਤਾ ਜਾਵੇ, ਕਿਉਂਕਿ ਵਪਾਰੀ ਰਾਜ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਵਿਕਾਸ ਵਿਚ ਅਹਿਮ ਯੋਗਦਾਨ ਪਾਉਂਦੇ ਹਨ। ਬੈਠਕ ਦੌਰਾਨ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ, ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਣ ਅਤੇ ਹਲਕਾ ਚੇਅਰਮੈਨ ਅਕਵਿੰਦਰ ਸਿੰਘ ਗੋਸਲ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਦੇ ਸਮੇਂਬੱਧ ਨਿਪਟਾਰੇ ਦਾ ਭਰੋਸਾ ਦਿੱਤਾ।
ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਐੱਸਏਐੱਸ ਨਗਰ ਦੀ ਚੇਅਰਪਰਸਨ ਪ੍ਰਭਜੋਤ ਕੌਰ ਅਤੇ ਐੱਸਡੀਐੱਮ ਮੁਹਾਲੀ ਦਮਨਦੀਪ ਕੌਰ ਨੇ ਵੀ ਵਪਾਰੀਆਂ ਨਾਲ ਸੰਵਾਦ ਕੀਤਾ। ਐੱਸਡੀਐੱਮ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾਂ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਤਤਪਰ ਰਹੇਗਾ। ਇਸ ਮੌਕੇ ਮਾਰਕੀਟ ਕਮੇਟੀ ਮੁਹਾਲੀ ਦੇ ਚੇਅਰਮੈਨ ਗੋਵਿੰਦਰ ਮਿੱਤਲ ਵੀ ਮੌਜੂਦ ਸਨ। ਬੈਠਕ ਵਿਚ ਨਗਰ ਨਿਗਮ ਐੱਸਏਐੱਸ ਨਗਰ, ਪੁਲਿਸ ਵਿਭਾਗ, ਸਟੇਟ ਟੈਕਸ ਅਫ਼ਸਰ ਰਾਜੀਵ ਸ਼ਰਮਾ ਐੱਸਏਐੱਸ ਨਗਰ-3, ਨਗਰ ਕੌਂਸਲ ਬਨੂੜ, ਰੈਵੀਨਿਊ ਵਿਭਾਗ ਨਾਇਬ ਤਹਿਸੀਲਦਾਰ ਮੁਹਾਲੀ ਅਤੇ ਬਨੂੜ, ਸਿਹਤ ਵਿਭਾਗ ਸੀਨੀਅਰ ਮੈਡੀਕਲ ਅਫ਼ਸਰ ਮੁਹਾਲੀ ਅਤੇ ਬਨੂੜ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਬੀਡੀਪੀਓ, ਫੂਡ ਅਤੇ ਸਿਵਲ ਸਪਲਾਈਜ਼ ਵਿਭਾਗ ਏਐੱਫਐੱਸਓ, ਜ਼ਿਲ੍ਹਾ ਉਦਯੋਗ ਕੇਂਦਰ, ਲੇਬਰ ਵਿਭਾਗ, ਪੀਐੱਸਪੀਸੀਐੱਲ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਅਤੇ ਲੋਕ ਨਿਰਮਾਣ ਵਿਭਾਗ ਪੀਡਬਲਯੂਡੀ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਅਧਿਕਾਰੀਆਂ ਵੱਲੋਂ ਵਿਭਾਗਾਂ ਅਤੇ ਵਪਾਰੀਆਂ ਵਿਚਕਾਰ ਤਾਲਮੇਲ ਮਜ਼ਬੂਤ ਕਰਨ ਅਤੇ ਜ਼ਿਲ੍ਹੇ ਵਿਚ ਵਪਾਰ-ਅਨੁਕੂਲ ਮਾਹੌਲ ਨੂੰ ਹੋਰ ਮਜ਼ਬੂਤ ਬਣਾਉਣ ਦੀ ਵਚਨਬੱਧਤਾ ਦੁਹਰਾਈ ਗਈ।