22ਸੀਐਚਡੀ9ਪੀ

ਕੈਪਸ਼ਨ : ਨਿਗਮ ਕਮਿਸ਼ਨਰ ਕਮਲ ਕੁਮਾਰ ਨੂੰ ਮੁਲਾਕਾਤ ਦੌਰਾਨ ਗੁਲਦਸਤਾ ਭੇਟ ਕਰਦੇ ਹੋਏ ਵਪਾਰ ਮੰਡਲ ਦੇ ਪ੍ਰਧਾਨ ਵਿਨੀਤ ਵਰਮਾ ਤੇ ਹੋਰ।

ਪੰਜਾਬੀ ਜਾਗਰਣ ਟੀਮ, ਐੱਸਏਐੱਸ ਨਗਰ : ਵਪਾਰ ਮੰਡਲ ਮੋਹਾਲੀ ਦੇ ਇਕ ਵਫ਼ਦ ਵੱਲੋਂ ਪ੍ਰਧਾਨ ਵਿਨੀਤ ਵਰਮਾ ਦੀ ਅਗਵਾਈ ਹੇਠ ਨਵੇਂ ਬਣੇ ਨਗਰ ਨਿਗਮ ਕਮਿਸ਼ਨਰ ਕਮਲ ਕੁਮਾਰ ਨਾਲ ਮੁਲਾਕਾਤ ਕੀਤੀ ਤੇ ਨਗਰ ਨਿਗਮ 'ਚ ਕਮਿਸ਼ਨਰ ਦਾ ਚਾਰਜ ਲੈਣ 'ਤੇ ਉਨ੍ਹਾਂ ਨੂੰ ਜੀ ਆਇਆਂ ਨੂੰ ਕਹਿ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਵਪਾਰ ਮੰਡਲ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਵਫ਼ਦ ਵੱਲੋਂ ਕਮਿਸ਼ਨਰ ਨੂੰ ਸ਼ਹਿਰ ਦੇ ਵਪਾਰੀਆਂ ਨੂੰ ਪੇਸ਼ ਆਉਣ ਵਾਲੀਆਂ ਪ੍ਰੇਸ਼ਾਨੀਆਂ ਤੋਂ ਵੀ ਜਾਣੂੰ ਕਰਵਾਇਆ ਗਿਆ। ਵਫ਼ਦ ਦੇ ਮੈਂਬਰਾਂ ਨੇ ਕਮਿਸ਼ਨਰ ਨੂੰ ਦੱਸਿਆ ਕਿ ਸ਼ਹਿਰ ਦੀ ਲਗਪਗ ਹਰੇਕ ਮਾਰਕੀਟ 'ਚ ਪਾਰਕਿੰਗ ਵਿਵਸਥਾ ਦਾ ਬੁਰਾ ਹਾਲ ਹੈ। ਪਾਰਕਿੰਗਾਂ ਦੀ ਮੁਰੰਮਤ ਹੋਣ ਵਾਲੀ ਹੈ ਵਾਹਨ ਖੜ੍ਹਾਉਣ ਲਈ ਲਾਈਨਾਂ ਲਗਾਉਣ ਦੀ ਲੋੜ ਹੈ। ਇਸ ਤੋਂ ਇਲਾਵਾ ਵਪਾਰੀਆਂ ਨੂੰ ਮਾਰਕੀਟਾਂ ਦੀ ਸਫ਼ਾਈ, ਲਾਈਟਾਂ, ਸੀਵਰੇਜ ਤੇ ਨਾਜਾਇਜ਼ ਕਬਜ਼ਿਆਂ ਦੀ ਸਮੱਸਿਆ ਨਾਲ ਵੀ ਦੋ-ਚਾਰ ਹੋਣਾ ਪੈਂਦਾ ਹੈ।

ਇਸ ਮੌਕੇ ਨਿਗਮ ਕਮਿਸ਼ਨਰ ਕਮਲ ਕੁਮਾਰ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਵਪਾਰੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਕੰਮ ਕਰਨਗੇ। ਉਨ੍ਹਾਂ ਵਫ਼ਦ ਦੇ ਆਗੂਆਂ ਨੂੰ ਕਿਹਾ ਕਿ ਵਪਾਰੀਆਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਦਾ ਲਿਖ਼ਤੀ ਵੇਰਵਾ ਬਣਾ ਕੇ ਦੇਣ ਤਾਂ ਜੋ ਇਸ ਸਬੰਧੀ ਵਪਾਰ ਮੰਡਲ ਤੇ ਨਿਗਮ ਦੇ ਅਧਿਕਾਰੀਆਂ ਦੀ ਵਿਸ਼ੇਸ਼ ਮੀਟਿੰਗ ਬੁਲਾ ਕੇ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਸਕੇ। ਇਸ ਮੌਕੇ ਨਗਰ ਨਿਗਮ ਦੀ ਜਾਇੰਟ ਕਮਿਸ਼ਨਰ ਡਾ. ਕਨੂੰ ਥਿੰਦ ਵੀ ਹਾਜ਼ਰ ਸਨ।

ਵਫ਼ਦ 'ਚ ਵਪਾਰ ਮੰਡਲ ਦੇ ਚੇਅਰਮੈਨ ਸ਼ੀਤਲ ਸਿੰਘ, ਚੀਫ਼ ਪੈਟਰਨ ਕੁਲਵੰਤ ਸਿੰਘ ਚੌਧਰੀ, ਵਾਈਸ ਪ੍ਰਧਾਨ ਅਕਵਿੰਦਰ ਸਿੰਘ ਗੋਸਲ, ਦਿਲਾਵਰ ਸਿੰਘ ਤੇ ਖਜ਼ਾਨਚੀ ਫੌਜਾਂ ਸਿੰਘ ਵੀ ਸ਼ਾਮਲ ਸਨ।