‘ਮੇਰੀ ਦੁਕਾਨ-ਮੇਰੇ ਨਾਮ’: ਪੰਜਾਬ ਭਰ ਦੇ 8,500 ਦੁਕਾਨਦਾਰਾਂ ਨੂੰ ਮਿਲੇਗਾ ਲਾਭ ‘ਮੇਰੀ ਦੁਕਾਨ-ਮੇਰੇ ਨਾਮ’: ਪੰਜਾਬ ਭਰ ਦੇ 8,500 ਦੁਕਾਨਦਾਰਾਂ ਨੂੰ ਮਿਲੇਗਾ ਲਾਭ
Publish Date: Wed, 14 Oct 2026 06:29 PM (IST)
Updated Date: Wed, 14 Oct 2026 06:33 PM (IST)
ਪੰਜਾਬ ਵਪਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਨੇ ਵਪਾਰੀਆਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਲਿਆ ਜਾਇਜ਼ਾ ਪੰਜਾਬ ਭਰ ’ਚ ਕੀਤੀ ਲਗਭਗ 800 ਮੀਟਿੰਗਾਂ, 7,000 ਸ਼ਿਕਾਇਤਾਂ ਦਾ ਕੀਤਾ ਨਿਪਟਾਰਾ ਪਾਵਰਕੌਮ, ਗਮਾਡਾ ਤੇ ਸਥਾਨਕ ਸਰਕਾਰਾਂ ਵਿਭਾਗ ਨੂੰ ਲੰਬਿਤ ਸ਼ਿਕਾਇਤਾਂ ਦਾ ਸਮਾਂਬੱਧ ਨਿਬੇੜਾ ਕਰਨ ਦੇ ਹੁਕਮ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਮੁਹਾਲੀ ਵਿਖੇ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਜਲਦੀ ਹੱਲ ਲਈ ਸਖ਼ਤ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ‘ਮੇਰੀ ਦੁਕਾਨ-ਮੇਰੇ ਨਾਮ’ ਸਕੀਮ ਨਾਲ ਪੰਜਾਬ ਭਰ ਦੇ ਲਗਭਗ 8,500 ਦੁਕਾਨਦਾਰਾਂ ਨੂੰ ਵੱਡਾ ਲਾਭ ਮਿਲਣ ਦੀ ਉਮੀਦ ਹੈ। ਵਪਾਰੀ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਕਮਿਸ਼ਨ ਦੀ ਭੂਮਿਕਾ ’ਤੇ ਜ਼ੋਰ ਦਿੰਦਿਆਂ ਅਨਿਲ ਠਾਕੁਰ ਨੇ ਦੱਸਿਆ ਕਿ ਜ਼ਿਲ੍ਹਾ ਵਪਾਰੀ ਕਮਿਸ਼ਨਾਂ ਵੱਲੋਂ ਪੰਜਾਬ ਭਰ ’ਚ ਹੁਣ ਤੱਕ ਲਗਭਗ 800 ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਲਗਭਗ 7,000 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦਕਿ ਇਕ ਹਜ਼ਾਰ ਸ਼ਿਕਾਇਤਾਂ ਹਾਲੇ ਪ੍ਰਕਿਰਿਆ ਅਧੀਨ ਹਨ। ਵਾਈਸ ਚੇਅਰਮੈਨ ਨੇ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਖਾਸ ਕਰਕੇ ਪਾਵਰਕੌਮ, ਗਮਾਡਾ ਅਤੇ ਸਥਾਨਕ ਸਰਕਾਰ ਵਿਭਾਗ ਨੂੰ ਜ਼ੋਰ ਦੇ ਕੇ ਆਖਿਆ ਕਿ ਉਹ ਲੰਬਿਤ ਸ਼ਿਕਾਇਤਾਂ ਦਾ ਨਿਬੇੜਾ ਕਰਨ ਦੇ ਕੰਮ ’ਚ ਤੇਜ਼ੀ ਲਿਆਉਣ ਤਾਂ ਜੋ ਵਪਾਰੀਆਂ ਨੂੰ ਆਪਣੇ ਮਸਲੇ ਹੱਲ ਕਰਵਾਉਣ ਲਈ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਜ਼ਮੀਨੀ ਪੱਧਰ ਦੀਆਂ ਮੀਟਿੰਗਾਂ ਤੋਂ ਪ੍ਰਾਪਤ ਹੋਏ ਫੀਡਬੈਕ ਅਤੇ ਲੋੜਾਂ ਦੇ ਆਧਾਰ ’ਤੇ ਪੰਜਾਬ ਸਰਕਾਰ ਨੇ ਬੁਨਿਆਦੀ ਢਾਂਚੇ ’ਚ ਸੁਧਾਰ ਦੇ ਕਾਰਜਾਂ ਲਈ 40 ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਹੈ। ਇਨ੍ਹਾਂ ’ਚ ਸਟਰੀਟ ਲਾਈਟਾਂ, ਪਾਰਕਿੰਗਾਂ ਦੀ ਮੁਰੰਮਤ ਅਤੇ ਹੋਰ ਜ਼ਰੂਰੀ ਨਾਗਰਿਕ ਸਹੂਲਤਾਂ ਦੇ ਕੰਮ ਸ਼ਾਮਲ ਹਨ। ਜ਼ਿਲ੍ਹਾ ਵਪਾਰੀ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਦੱਸਿਆ ਕਿ ਮੀਟਿੰਗਾਂ ਦੌਰਾਨ ਸਾਹਮਣੇ ਆਈਆਂ ਜ਼ਿਆਦਾਤਰ ਸ਼ਿਕਾਇਤਾਂ ਦਾ ਪਹਿਲਾਂ ਹੀ ਨਿਬੇੜਾ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀ ਸ਼ਿਕਾਇਤਾਂ ਦੇ ਹੱਲ ਲਈ ਯਤਨ ਜਾਰੀ ਹਨ। ਡੀਸੀ ਮੁਹਾਲੀ ਸ੍ਰੀਮਤੀ ਕੋਮਲ ਮਿੱਤਲ ਨੇ ਪੰਜਾਬ ਵਪਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਨੂੰ ਭਰੋਸਾ ਦਿੱਤਾ ਕਿ ਬਕਾਇਆ ਮਸਲਿਆਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਲਈ ਸਬੰਧਤ ਵਿਭਾਗਾਂ ਕੋਲ ਪਹੁੰਚ ਕੀਤੀ ਜਾਵੇਗੀ। ਮੀਟਿੰਗ ’ਚ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ, ਜ਼ਿਲ੍ਹਾ ਵਪਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਮੁਹਾਲੀ ਦੇ ਚੇਅਰਮੈਨ ਅਕਵਿੰਦਰ ਸਿੰਘ ਗੋਸਲ, ਖਰੜ ਦੇ ਚੇਅਰਮੈਨ ਯਸ਼ਪਾਲ ਬਾਂਸਲ ਅਤੇ ਕਮਿਸ਼ਨ ਦੇ ਮੈਂਬਰ ਗਗਨਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।